sri guru granth sahib ji in punjabi - ang 10
sri guru granth sahib ji in punjabi ang 10
(ਤੂੰ ਐਸਾ ਹੈਂ) ਜਿਸਨੇ ਦਿਨ ਬਣਾਇਆ ਹੈ ਤੇ ਰਾਤ ਬਣਾਈ ਹੈ।
ਖਸਮੁ ਵਿਸਾਰਹਿ ਤੇ ਕਮਜਾਤਿ।।
ਜੋ (ਅਜਿਹੇ) ਖਸਮ ਪ੍ਰਭੂ ਨੂੰ ਭੁਲਾ ਦਿੰਦੇ ਹਨ, ਉਹ ਬੰਦੇ ਨੀਵੇਂ ਜੀਵਨ ਵਾਲੇ ਬਣ ਜਾਂਦੇ ਹਨ।
ਨਾਨਕ ਨਾਵੈ ਬਾਝੁ ਸਨਾਤਿ।।੪।।੩।।
ਹੇ ਨਾਨਕ! ਨਾਮ ਤੋਂ ਖੁੰਝੇ ਹੋਏ ਜੀਵ (ਹੀ) ਨੀਚ ਹਨ।।੪।।੩।।
ਰਾਗੁ ਗੂਜਰੀ ਮਹਲਾ ੪।।
ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ।।
ਹੇ ਮਹਾਂਪੁਰਖ ਗੁਰੂ! ਹੇ ਪ੍ਰਭੂ ਦੇ ਭਗਤ ਸਤਿਗੁਰੂ! ਮੈਂ, ਹੇ ਗੁਰੂ! ਤੇਰੇ ਅੱਗੇ ਬੇਨਤੀ ਕਰਦਾ ਹਾਂ,
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ।।੧।।
ਹੇ ਸਤਿਗੁਰੂ! ਮੈਂ ਨਿਮਾਣਾ ਤੇਰੀ ਸ਼ਰਨ ਆਇਆ ਹਾਂ। ਕਿਰਪਾ ਕਰਕੇ (ਮੇਰੇ ਅੰਦਰ) ਪ੍ਰਭੂ ਦਾ ਨਾਮ ਚਾਨਣ ਪੈਦਾ ਕਰੇ।।੧।।
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ।।
ਹੇ ਮੇਰੇ ਮਿੱਤਰ ਗੁਰੂ! ਮੈਨੂੰ ਪ੍ਰਭੂ ਦਾ ਨਾਮ ਚਾਨਣ ਬਖਸ਼।।
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ।।੧।। ਰਹਾਉ।।
ਗੁਰੂ ਦੀ ਦੱਸੀ ਮੱਤ ਦੀ ਰਾਹੀ ਮਿਲਿਆ ਹੋਇਆ ਹਰਿ ਨਾਮ ਮੇਰੀ ਜਿੰਦ ਦਾ ਸਾਥੀ (ਬਣਿਆ ਰਹੇ), ਪ੍ਰਭੂ ਦੀ ਸਿਫਤ ਸਲਾਹ ਮੇਰੀ ਜਿੰਦਗੀ ਦੇ ਸਫਰ ਲਈ ਰਾਸ ਪੂੰਜੀ ਬਣੀ ਰਹੇ।।੧।।ਰਹਾਉ।।
ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ।।
ਪ੍ਰਭੂ ਦੇ ਉਹਨਾਂ ਸੇਵਕਾਂ ਦੇ ਬੜੇ ਉੱਚੇ ਭਾਗ ਹਨ ਜਿਨ੍ਹਾਂ ਦੇ ਅੰਦਰ ਪ੍ਰਭੂ ਦੇ ਨਾਮ ਵਾਸਤੇ ਸਰਧਾ ਹੈ, ਖਿੱਚ ਹੈ।
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ।।੨।।
ਜਦੋਂ ਉਹਨਾਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ਉਹ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜ ਜਾਂਦੇ ਹਨ, ਸਾਧ ਸੰਗਤ ਵਿੱਚ ਮਿਲ ਕੇ (ਉਹਨਾਂ ਦੇ ਅੰਦਰ ਭਲੇ) ਗੁਣ ਪੈਦਾ ਹੁੰਦੇ ਹਨ।।੨।।
ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ।।
ਪਰ ਜਿੰਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਇਆ, ਜਿੰਨ੍ਹਾਂ ਨੂੰ ਪ੍ਰਭੂ ਦਾ ਨਾਮ ਨਹੀਂ ਮਿਲਿਆ, ਉਹ ਬਦਕਿਸਮਤ ਹਨ, ਉਹ ਜਮਾਂ ਦੇ ਵਸ (ਪਏ ਹੋਏ ਸਮਝੋ ਉਹਨਾਂ ਦੇ ਸਿਰ ਉੱਤੇ ਆਤਮਕ ਮੌਤ ਸਦਾ ਸਵਾਰ ਰਹਿੰਦੀ ਹੈ)।
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ।।੩।।
ਜੋ ਮਨੁੱਖ ਗੁਰੂ ਦੀ ਸ਼ਰਨ ਨਹੀਂ ਆਉਂਦੇ, ਜੋ ਸਾਧ ਸੰਗਤ ਵਿੱਚ ਨਹੀਂ ਬੈਠਦੇ, ਲਾਹਨਤ ਹੈ ਉਹਨਾਂ ਦੀ ਜਿਊਣ ਨੂੰ, ਉਹਨਾਂ ਦਾ ਜਿਊਣਾ ਫਿਟਕਾਰ ਜੋਗ ਹੈ।।੩।।
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ।।
ਜਿੰਨ੍ਹਾਂ ਪ੍ਰਭੂ ਦੇ ਸੇਵਕਾਂ ਨੂੰ ਗੁਰੂ ਦੀ ਸੰਗਤ ਵਿੱਚ ਬੈਠਣਾ ਨਸੀਬ ਹੋਇਆ ਹੈ, (ਸਮਝੋ) ਉਹਨਾਂ ਦੇ ਮੱਥੇ ਉੱਤੇ ਧੁਰੋਂ ਹੀ ਚੰਗਾ ਲੇਖ ਲਿਖਿਆ ਹੋਇਆ ਹੈ।
ਧਨੁ ਧਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ।।੪।।੪।।
ਹੇ ਨਾਨਕ! ਧੰਨ ਹੈ ਸਤਸੰਗ! ਧੰਨ ਹੈ ਸਤਸੰਗ! ਜਿਸ ਵਿੱਚ (ਬੈਠਿਆ) ਪ੍ਰਭੂ ਦੇ ਨਾਮ ਦਾ ਆਨੰਦ ਮਿਲਦਾ ਹੈ, ਜਿੱਥੇ ਗੁਰਮੁਖਾਂ ਨੂੰ ਮਿਲਿਆਂ (ਹਿਰਦੇ ਵਿੱਚ ਪਰਮਾਤਮਾ ਦਾ) ਨਾਮ ਆ ਵਸਦਾ ਹੈ।।੪।।੪।।
ਰਾਗੁ ਗੂਜਰੀ ਮਹਲਾ ੫
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ।।
ਹੇ ਮਨ! (ਤੇਰੀ ਖਾਤਰ) ਜਿਸ ਆਹਰ ਵਿੱਚ ਪਰਮਾਤਮਾ ਆਪ ਲੱਗਾ ਹੋਇਆ ਹੈ, ਉਸ ਵਾਸਤੇ ਤੂੰ ਕਿਉਂ (ਸਦਾ) ਸੋਚਾਂ ਫਿਕਰ ਕਰਦਾ ਰਹਿੰਦਾ ਹੈਂ?
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ।।੧।।
ਜਿਹੜੇ ਜੀਵ ਪ੍ਰਭੂ ਨੇ ਚਟਾਨਾਂ ਤੇ ਪੱਥਰਾਂ ਵਿੱਚ ਪੈਦਾ ਕੀਤੇ ਹਨ, ਉਹਨਾਂ ਦਾ ਭੀ ਰਿਜ਼ਕ ਉਸਨੇ (ਉਹਨਾਂ ਦੇ ਪੈਦਾ ਕਰਨ ਤੋਂ) ਪਹਿਲਾਂ ਹੀ ਬਣਾ ਰੱਖਿਆ ਹੈ।।੧।।
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ।।
ਹੇ ਮੇਰੇ ਪ੍ਰਭੂ ਜੀ! ਜਿਹੜੇ ਮਨੁੱਖ ਸਾਧ ਸੰਗਤ ਵਿੱਚ ਮਿਲ ਬੈਠਦੇ ਹਨ, ਉਹ (ਵਿਅਰਥ ਤੌਖਲੇ ਫਿਕਰਾਂ ਤੋਂ) ਬਚ ਜਾਂਦੇ ਹਨ।
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ।।੧।। ਰਹਾਉ।।
ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ ਇਹ (ਅਡੋਲਤਾ ਵਾਲੀ) ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ, ਉਹ (ਮਾਨੋ) ਸੁੱਕਾ ਕਾਠ ਹਰਾ ਹੋ ਜਾਂਦਾ ਹੈ।।੧।। ਰਹਾਉ।।
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ।।
(ਹੇ ਮਨ!) ਮਾਂ, ਪਿਉ, ਪੁੱਤਰ, ਲੋਕ, ਵਹੁਟੀ ਕੋਈ ਭੀ ਕਿਸੇ ਦਾ ਆਸਰਾ ਨਹੀਂ ਹੈ।
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ।।੨।।
ਹੇ ਮਨ! ਤੂੰ ਕਿਉਂ ਡਰਦਾ ਹੈ? ਪਾਲਣਹਾਰ ਪ੍ਰਭੂ ਹਰੇਕ ਜੀਵ ਨੂੰ ਆਪ ਹੀ ਰਿਜ਼ਕ ਅਪੜਾਂਦਾ ਹੈ।।੨।।
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ।।
(ਹੇ ਮਨ! ਵੇਖ! ਕੂੰਜ) ਉੱਡ ਉੱਡ ਕੇ ਸੈਂਕੜੇ ਕੋਹਾਂ ਤੇ ਆ ਜਾਂਦੀ ਹੈ ਪਿੱਛੇ ਉਸਦੇ ਬੱਚੇ (ਇਕੱਲੇ) ਛੱਡੇ ਹੋਏ ਹੁੰਦੇ ਹਨ।
ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ।।੩।।
ਉਹਨਾਂ ਨੂੰ ਕੋਈ ਕੁਝ ਖੁਆਲਣ ਵਾਲਾ ਨਹੀਂ, ਕੋਈ ਉਹਨਾਂ ਨੂੰ ਚੋਗਾ ਨਹੀਂ ਚੁਗਾਂਦਾ। ਉਹ ਕੂੰਜ ਆਪਣੇ ਬੱਚਿਆਂ ਦਾ ਧਿਆਨ ਆਪਣੇ ਮਨ ਵਿੱਚ ਧਰਦੀ ਰਹਿੰਦੀ ਹੈ (ਤੇ ਇਸੇ ਨੂੰ ਪ੍ਰਭੂ ਉਹਨਾਂ ਦੇ ਪਾਲਣ ਦਾ ਵਸੀਲਾ ਬਣਾਂਦਾ ਹੈ)।।੩।।
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ।।
ਹੇ ਪਾਲਣਹਾਰ ਪ੍ਰਭੂ! ਜਗਤ ਦੇ ਸਾਰੇ ਖਜ਼ਾਨੇ ਤੇ ਅਠਾਰਾਂ ਸਿੱਧੀਆਂ (ਮਾਨੋ) ਤੇਰੇ ਹੱਥਾਂ ਦੀਆਂ ਤਲੀਆਂ ਉੱਤੇ ਰੱਖੇ ਪਏ ਹਨ।
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤ ਨ ਪਾਰਾਵਰਿਆ।।੪।।੫।।
ਹੇ ਦਾਸ ਨਾਨਕ! ਐਸੇ ਪ੍ਰਭੂ ਤੋਂ ਸਦਾ ਸਦਕੇ ਹੋ, ਸਦਾ ਕੁਰਬਾਨ ਹੋ, ਜਿਸ ਦੀ ਬਜ਼ੁਰਗੀ ਦੇ ਉਰਲੇ ਪਾਰਲੇ ਬੰਨੇ ਦਾ ਅੰਤ ਨਹੀਂ ਪੈ ਸਕਦਾ।।੪।।੫।।
ਰਾਗੁ ਆਸਾ ਮਹਲਾ ੪ ਸੋ ਪੁਰਖੁ।।
ਰਾਗ ਆਸਾ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਸੋ-ਪੁਰਖੁ'।
ੴਸਤਿਗੁਰ ਪ੍ਰਸਾਦਿ।।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ।।
ਉਹ ਪਰਮਾਤਮਾ ਸਾਰੇ ਜੀਵਾਂ ਵਿੱਚ ਵਿਆਪਕ ਹੈ (ਫਿਰ ਵੀ) ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਅਤੇ ਬੇਅੰਤ ਹੈ।
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ।।
ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਵ ਤੈਨੂੰ ਸਦਾ ਸਿਮਰਦੇ ਹਨ, ਤੇਰਾ ਧਿਆਨ ਧਰਦੇ ਹਨ।
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ।।
ਹੇ ਪ੍ਰਭੂ! ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਹੀ ਸਭ ਜੀਵਾਂ ਦਾ ਰਾਜ਼ਕ ਹੈਂ।
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ।।
ਹੇ ਸੰਤ ਜਨੋ! ਉਸ ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ।।੧।।
ਉਹ (ਸਭ ਜੀਵਾਂ ਵਿੱਚ ਵਿਆਪਕ ਹੋਣ ਕਰਕੇ) ਆਪ ਹੀ ਮਾਲਕ ਹੈ ਅਤੇ ਆਪ ਹੀ ਸੇਵਕ ਹੈ। ਹੇ ਨਾਨਕ! ਉਸ ਤੋਂ ਬਿਨਾਂ) ਜੀਵ ਵਿਚਾਰੇ ਕੀਹ ਹਨ? (ਉਸ ਹਰੀ ਤੋਂ ਵੱਖਰੀ ਜੀਵਾਂ ਦੀ ਕੋਈ ਹਸਤੀ ਨਹੀਂ)।।੧।।

Post a Comment