8

Guru granth sahib in punjabi - ang 11

Guru granth sahib in punjabi ang 11

Guru granth sahib in punjabi


ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ।।

ਹੇ ਹਰੀ!  ਤੂੰ ਹਰੇਕ ਸਰੀਰ ਵਿੱਚ ਵਿਆਪਕ ਹੈਂ; ਤੂੰ ਸਾਰੇ ਜੀਵਾਂ ਵਿੱਚ ਇੱਕ ਰਸ ਮੌਜੂਦ ਹੈ, ਤੂੰ ਇੱਕ ਆਪ ਹੀ ਸਭ ਵਿੱਚ ਸਮਾਇਆ ਹੋਇਆ ਹੈਂ ।

ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ।।

(ਫਿਰ ਭੀ) ਕਈ ਜੀਵ ਦਾਨੀ ਹਨ, ਕਈ ਜੀਵ ਮੰਗਤੇ ਹਨ- ਇਹ ਸਾਰੇ ਤੇਰੇ ਹੀ ਅਚਰਜ ਤਮਾਸ਼ੇ ਹਨ,

ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ।।

(ਕਿਉਂਕਿ ਅਸਲ ਵਿੱਚ) ਤੂੰ ਆਪ ਹੀ ਦਾਤਾਂ ਦੇਣ ਵਾਲਾ ਹੈਂ, ਤੇ, ਆਪ (ਹੀ ਉਹਨਾਂ ਦਾਤਾਂ ਨੂੰ) ਵਰਤਣ ਵਾਲਾ ਹੈਂ। (ਸਾਰੀ ਸ੍ਰਿਸ਼ਟੀ ਵਿੱਚ) ਮੈਂ ਤੈਥੋਂ ਬਿਨਾਂ ਕਿਸੇ ਹੋਰ ਨੂੰ ਨਹੀਂ ਪਛਾਣਦਾ (ਤੈਥੋਂ ਬਿਨਾਂ ਕੋਈ ਹੋਰ ਨਹੀਂ ਦਿਸਦਾ)।

ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ।।

ਤੂੰ ਬੇਅੰਤ ਪਾਰਬ੍ਰਹਮ ਹੈਂ। ਮੈਂ ਤੇਰੇ ਕਿਹੜੇ ਕਿਹੜੇ ਗੁਣ ਗਾ ਕੇ ਦੱਸਾਂ?

ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ।।੨।।

ਹੇ ਪ੍ਰਭੂ! ਜਿਹੜੇ ਮਨੁੱਖ ਤੈਨੂੰ ਯਾਦ ਕਰਦੇ ਹਨ ਤੈਨੂੰ ਸਿਮਰਦੇ ਹਨ (ਤੇਰਾ) ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ।।੨।।

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ।।

ਹੇ ਪ੍ਰਭੂ ਜੀ! ਜਿਹੜੇ ਮਨੁੱਖ ਤੈਨੂੰ ਸਿਮਰਦੇ ਹਨ ਤੇਰਾ ਧਿਆਨ ਧਰਦੇ ਹਨ, ਉਹ ਬੰਦੇ ਆਪਣੀ ਜ਼ਿੰਦਗੀ ਵਿੱਚ ਸੁਖੀ ਵਸਦੇ ਹਨ।

ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ।।

ਜਿਨ੍ਹਾਂ ਮਨੁੱਖਾਂ ਨੇ ਹਰਿ ਨਾਮ ਸਿਮਰਿਆ ਹੈ, ਉਹ ਸਦਾ ਲਈ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ, ਉਹਨਾਂ ਦੀ ਜਮਾਂ ਵਾਲੀ ਫਾਹੀ ਟੁੱਟ ਗਈ ਹੈ (ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁੱਕਦੀ)।

ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ।।

ਜਿਨ੍ਹਾਂ ਬੰਦਿਆਂ ਨੇ ਸਦਾ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ ਹੈ; ਪ੍ਰਭੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ।

ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ।।

ਜਿਨ੍ਹਾਂ ਮਨੁੱਖਾਂ ਨੇ ਪਿਆਰੇ ਪ੍ਰਭੂ ਨੂੰ ਸਦਾ ਸਿਮਰਿਆ ਹੈ, ਉਹ ਪ੍ਰਭੂ ਦੇ ਰੂਪ ਵਿੱਚ ਹੀ ਲੀਨ ਹੋ ਗਏ ਹਨ।

ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ।।੩।।

ਭਾਗਾਂ ਵਾਲੇ ਹਨ ਉਹ ਮਨੁੱਖ, ਧੰਨ ਹਨ ਉਹ ਮਨੁੱਖ, ਜਿਨ੍ਹਾਂ ਪ੍ਰਭੂ ਦਾ ਨਾਮ ਸਿਮਰਿਆ ਹੈ। ਦਾਸ ਨਾਨਕ ਉਨ੍ਹਾਂ ਤੋਂ ਸਦਕੇ ਜਾਂਦਾ ਹੈ।।੩।।

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ।।

ਹੇ ਪ੍ਰਭੂ! ਤੇਰੀ ਭਗਤੀ ਦੇ ਬੇਅੰਤ ਖਜ਼ਾਨੇ ਭਰੇ ਪਏ ਹਨ।

ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ।।

ਹੇ ਹਰੀ! ਅਨੇਕਾਂ ਤੇ ਬੇਅੰਤ ਤੇਰੇ ਭਗਤ ਤੇਰੀ ਸਿਫਤ - ਸਲਾਹ ਕਰ ਰਹੇ ਹਨ।

ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ।।

ਹੇ ਪ੍ਰਭੂ! ਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ। ਬੇਅੰਤ ਜੀਵ (ਤੈਨੂੰ ਮਿਲਣ ਲਈ) ਤਪ ਸਾਧਦੇ ਹਨ।

ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ।।

ਤੇਰੇ ਅਨੇਕਾਂ (ਸੇਵਕ) ਕਈ ਸਿਮ੍ਰਿਤੀਆਂ ਅਤੇ ਸ਼ਾਸਤ੍ਰ ਪੜਦੇ ਹਨ (ਅਤੇ ਉਹਨਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ।

ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ।।੪।।

ਹੇ ਦਾਸ ਨਾਨਕ! ਉਹੀ ਭਗਤ ਭਲੇ ਹਨ (ਉਹਨਾਂ ਦੀ ਹੀ ਘਾਲ ਕਬੂਲ ਹੋਈ ਜਾਣੋ) ਜੋ ਪਿਆਰੇ ਹਰਿ ਭਗਵੰਤ ਨੂੰ ਪਿਆਰੇ ਲੱਗਦੇ ਹਨ।।੪।।

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ।।

ਹੇ ਪ੍ਰਭੂ! ਤੂੰ (ਸਾਰੇ ਜਗਤ ਦਾ) ਮੂਲ ਹੈਂ, ਸਭ ਵਿੱਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਅਤੇ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ।

ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ।।

ਤੂੰ ਹਰੇਕ ਜੁਗ ਵਿੱਚ ਇੱਕ ਆਪ ਹੀ ਆਪ ਹੈਂ, ਤੂੰ ਸਦਾ ਹੀ ਆਪ ਹੀ ਆਪ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਸਭ ਦੀ ਸਾਰ ਲੈਣ ਵਾਲਾ ਹੈਂ।

ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ।।

ਹੇ ਪ੍ਰਭੂ! ਜਗਤ ਵਿੱਚ ਉਹੀ ਹੁੰਦਾ ਹੈ ਜੋ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ।

ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ।।

ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ। ਤੂੰ ਆਪ ਹੀ ਇਸਨੂੰ ਪੈਦਾ ਕਰਕੇ ਆਪ ਹੀ ਇਸਨੂੰ ਨਾਸ ਕਰਦਾ ਹੈਂ।

ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਬਸੈ ਕਾ ਜਾਣੋਈ।।੫।।੧।।

ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਉਂਦਾ ਹੈ ਜੋ ਹਰੇਕ ਜੀਵ ਦੇ ਦਿਲ ਦੀ ਜਾਣਨ ਵਾਲਾ ਹੈ।।੫।।੧।।

ਆਸਾ ਮਹਲਾ ੪।।

ਤੂੰ ਕਰਤਾ ਸਚਿਆਰੁ ਮੈਡਾ ਸਾਂਈ।।

(ਹੇ ਪ੍ਰਭੂ!) ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਹੀ ਮੇਰਾ ਖਸਮ ਹੈਂ।

ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ।।੧।। ਰਹਾਉ।।

(ਜਗਤ ਵਿੱਚ) ਉਹੀ ਕੁਝ ਹੁੰਦਾ ਹੈ ਜੋ ਤੈਨੂੰ ਪਸੰਦ ਆਉਂਦਾ ਹੈ। ਜੋ ਕੁਝ ਤੂੰ ਦੇਵੇਂ, ਮੈਂ ਉਹੀ ਕੁਝ ਪ੍ਰਾਪਤ ਕਰਦਾ ਹਾਂ।।੧।।ਰਹਾਉ।।

ਸਭ ਤੇਰੀ ਤੂੰ ਸਭਨੀ ਧਿਆਇਆ।।

(ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੇਰੀ (ਬਣਾਈ ਹੋਈ) ਹੈ, ਸਾਰੇ ਜੀਵ ਤੈਨੂੰ ਹੀ ਸਿਮਰਦੇ ਹਨ।

ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ।।

ਜਿਸ ਉੱਤੇ ਤੂੰ ਦਇਆ ਕਰਦਾ ਹੈਂ ਉਸੇ ਨੇ ਤੇਰਾ ਰਤਨ ਵਰਗਾ (ਕੀਮਤੀ) ਨਾਮ ਲੱਭਾ ਹੈ।

ਗੁਰਮੁਖਿ ਲਾਧਾ ਮਨਮੁਖਿ ਗਵਾਇਆ।।

ਜੋ ਮਨੁੱਖ ਗੁਰੂ ਦੇ ਸਨਮੁਖ ਹੋਇਆ ਉਸ ਨੇ (ਇਹ ਰਤਨ) ਲੱਭ ਲਿਆ। ਜੋ ਆਪਣੇ ਮਨ ਦੇ ਪਿੱਛੇ ਤੁਰਿਆ, ਉਸਨੇ ਗਵਾ ਲਿਆ।

ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ।।੧।।

(ਪਰ ਕਿਸੇ ਜੀਵ ਦੇ ਕੀਹ ਵੱਸ? ਹੇ ਪ੍ਰਭੂ!) ਜੀਵ ਨੂੰ ਤੂੰ ਆਪ ਹੀ (ਆਪਣੇ ਨਾਲੋਂ) ਵਿਛੋੜਦਾ ਹੈਂ, ਆਪ ਹੀ ਆਪਣੇ ਨਾਲ ਮਿਲਾਂਦਾ ਹੈ।।੧।।

ਤੂੰ ਦਰੀਆਉ ਸਭ ਤੁਝ ਹੀ ਮਾਹਿ।।

(ਹੇ ਪ੍ਰਭੂ!)  ਤੂੰ (ਜ਼ਿੰਦਗੀ ਦਾ, ਮਾਨੋ, ਇੱਕ) ਦਰੀਆ ਹੈਂ, ਸਾਰੇ ਜੀਵ ਤੇਰੇ ਵਿੱਚ ਹੀ (ਮਾਨੋ, ਲਹਿਰਾਂ) ਹਨ। 

ਤੁਝ ਬਿਨੁ ਦੂਜਾ ਕੋਈ ਨਾਹਿ।।

ਤੈਥੋਂ ਬਿਨਾਂ (ਤੇਰੇ ਵਰਗਾ) ਹੋਰ ਕੋਈ ਨਹੀਂ ਹੈ।

ਜੀਅ ਜੰਤ ਸਭਿ ਤੇਰਾ ਖੇਲੁ।।

ਇਹ ਸਾਰੇ ਜੀਆ ਜੰਤ ਤੇਰੀ (ਰਚੀ ਹੋਈ) ਖੇਡ ਹੈ।

ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ।।੨।।

ਜਿਨ੍ਹਾਂ ਦੇ ਮੱਥੇ ਉੱਤੇ ਵਿਛੋੜੇ ਦਾ ਲੇਖ ਹੈ, ਉਹ ਮਨੁੱਖਾ ਜਨਮ ਪ੍ਰਾਪਤ ਕਰਕੇ ਭੀ ਤੈਥੋਂ ਵਿਛੁੜੇ ਹੋਏ ਹਨ। (ਪਰ ਤੇਰੀ ਰਜ਼ਾ ਅਨੁਸਾਰ) ਸੰਜੋਗਾ ਦੇ ਲੇਖ ਨਾਲ (ਫਿਰ ਤੇਰੇ ਨਾਲ) ਮਿਲਾਪ ਹੋ ਜਾਂਦਾ ਹੈ।।੨।।

ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ।।

(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਆਪ ਸੂਝ ਬਖਸ਼ਦਾ ਹੈਂ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ।

ਹਰਿ ਗੁਣ ਸਦ ਹੀ ਆਖਿ ਵਖਾਣੈ।।

ਉਹ ਮਨੁੱਖ, ਹੇ ਹਰੀ! ਸਦਾ ਤੇਰੇ ਗੁਣ ਗਾਉਂਦਾ ਹੈ, ਅਤੇ (ਹੋਰਨਾਂ ਨੂੰ) ਉਚਾਰ ਉਚਾਰ ਕੇ ਸੁਣਾਉਂਦਾ ਹੈ।

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ।।

ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਸੁਖ ਹਾਸਲ ਕੀਤਾ ਹੈ।

ਸਹਜੇ ਹੀ ਹਰਿ ਨਾਮੁ ਸਮਾਇਆ।।੩।।

 ਉਹ ਮਨੁੱਖ ਸਦਾ ਆਤਮਕ ਅਡੋਲਤਾ ਵਿੱਚ ਟਿਕਿਆ ਰਹਿ ਕੇ ਪ੍ਰਭੂ ਦੇ ਨਾਮ ਵਿੱਚ ਲੀਨ ਹੋ ਜਾਂਦਾ ਹੈ।।੩।।






No comments

Powered by Blogger.