Guru granth sahib in punjabi - ang 7
Guru granth sahib in punjabi ang 7
ਆਦੇਸੁ ਤਿਸੈ ਆਦੇਸੁ।।
(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ।
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ।।੨੯।।
ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ ਰਹਿਤ ਹੈ ਅਤੇ ਜੋ ਸਦਾ ਇੱਕੋ ਜਿਹਾ ਰਹਿੰਦਾ ਹੈ।।੨੯।।
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ।।
(ਲੋਕਾਂ ਵਿੱਚ ਇਹ ਖਿਆਲ ਆਮ ਪ੍ਰਚੱਲਿਤ ਹੈ ਕਿ) ਇਕੱਲੀ ਮਾਇਆ (ਕਿਸੇ) ਜੁਗਤੀ ਨਾਲ ਪ੍ਰਸਤੂਤ ਹੋਈ ਤੇ ਪ੍ਰਤੱਖ ਤੌਰ ਤੇ ਉਸਦੇ ਤਿੰਨ ਪੁੱਤਰ ਜੰਮ ਪਏ।
ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ।।
ਉਹਨਾਂ ਵਿੱਚੋਂ ਇੱਕ (ਬ੍ਰਹਮਾ) ਘਰਬਾਰੀ ਬਣ ਗਿਆ (ਭਾਵ, ਜੀਵ ਜੰਤਾਂ ਨੂੰ ਪੈਦਾ ਕਰਨ ਲੱਗ ਪਿਆ), ਇੱਕ (ਵਿਸ਼ਨੂੰ) ਭੰਡਾਰੇ ਦਾ ਮਾਲਕ ਬਣ ਗਿਆ (ਭਾਵ, ਜੀਵਾਂ ਨੂੰ ਰਿਜ਼ਕ ਅਪੜਾਣ ਦਾ ਕੰਮ ਕਰਨ ਲੱਗਾ), ਅਤੇ ਇੱਕ (ਸ਼ਿਵ) ਕਚਹਿਰੀ ਲਾਉਂਦਾ ਹੈ, (ਭਾਵ, ਜੀਵਾਂ ਨੂੰ ਸੰਘਾਰਦਾ ਹੈ)।
ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ।।
(ਪਰ ਅਸਲ ਗੱਲ ਇਹ ਹੈ ਕਿ) ਜਿਵੇਂ ਉਸ ਅਕਾਲ ਪੁਰਖ ਨੂੰ ਭਾਉਂਦਾ ਹੈ ਅਤੇ ਜਿਵੇਂ ਉਸ ਦਾ ਹੁਕਮ ਹੁੰਦਾ ਹੈ, ਤਿਵੇਂ ਹੀ ਉਹ ਆਪ ਸੰਸਾਰ ਦੀ ਕਾਰ ਚਲਾ ਰਿਹਾ ਹੈ, (ਇਹਨਾਂ ਬ੍ਰਹਮਾ, ਵਿਸ਼ਨੂੰ, ਅਤੇ ਸ਼ਿਵ ਦੇ ਕੁਝ ਹੱਥ ਨਹੀਂ)।
ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ।।
ਇਹ ਬੜਾ ਅਸਚਰਜ ਕੌਤਕ ਹੈ ਕਿ ਅਕਾਲ ਪੁਰਖ (ਸਭ ਜੀਵਾਂ ਨੂੰ) ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿਸਦਾ।
ਆਦੇਸੁ ਤਿਸੈ ਆਦੇਸੁ।।
(ਸੋ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਦੇ ਥਾਂ) ਕੇਵਲ ਇਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ।
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ।।੩੦।।
ਜੋ (ਸਭ ਦਾ) ਮੁੱਢ ਹੈ, ਜੋ ਸ਼ੁੱਧ ਸਰੂਪ ਹੈ, ਜਿਸਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ ਰਹਿਤ ਹੈ ਅਤੇ ਜੋ ਸਦਾ ਹੀ ਇੱਕੋ ਜਿਹਾ ਰਹਿੰਦਾ ਹੈ। (ਇਹੀ ਹੈ ਵਸੀਲਾ ਉਸ ਪ੍ਰਭੂ ਨਾਲੋਂ ਵਿੱਥ ਦੂਰ ਕਰਨ ਦਾ)।।੩੦।।
ਆਸਣੁ ਲੋਇ ਲੋਇ ਭੰਡਾਰ।।
ਅਕਾਲ ਪੁਰਖ ਦੇ ਭੰਡਾਰਿਆਂ ਦਾ ਟਿਕਾਣਾ ਹਰੇਕ ਭਵਨ ਵਿੱਚ ਹੈ (ਭਾਵ, ਹਰੇਕ ਭਵਨ ਵਿੱਚ ਅਕਾਲ ਪੁਰਖ ਦੇ ਭੰਡਾਰੇ ਚੱਲ ਰਹੇ ਹਨ)।
ਜੋ ਕਿਛੁ ਪਾਇਆ ਸੁ ਏਕਾ ਵਾਰ।।
ਜੋ ਕੁਝ (ਅਕਾਲ ਪੁਰਖ ਨੇ ਉਹਨਾਂ ਭੰਡਾਰਿਆਂ ਵਿੱਚ) ਪਾਇਆ ਹੈ ਇੱਕੋ ਵਾਰੀ ਪਾ ਦਿੱਤਾ ਹੈ, (ਭਾਵ, ਉਸਦੇ ਭੰਡਾਰੇ ਸਦਾ ਅਖੁੱਟ ਹਨ)।
ਕਰਿ ਕਰਿ ਵੇਖੈ ਸਿਰਜਣਹਾਰੁ।।
ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ (ਜੀਵਾਂ ਨੂੰ) ਪੈਦਾ ਕਰਕੇ (ਉਹਨਾਂ ਦੀ) ਸੰਭਾਲ ਕਰ ਰਿਹਾ ਹੈ।
ਨਾਨਕ ਸਚੇ ਕੀ ਸਾਚੀ ਕਾਰ।।
ਹੇ ਨਾਨਕ! ਸਦਾ ਥਿਰ ਰਹਿਣ ਵਾਲੇ (ਅਕਾਲ ਪੁਰਖ) ਦੀ ਸ੍ਰਿਸ਼ਟੀ ਦੀ ਸੰਭਾਲ ਵਾਲੀ) ਇਹ ਕਾਰ ਸਦਾ ਅਟੱਲ ਹੈ (ਉਕਾਈ ਤੂੰ ਖਾਲੀ ਹੈ)।
ਆਦੇਸੁ ਤਿਸੈ ਆਦੇਸੁ।।
(ਸੋ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ।
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ।।੩੧।।
ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ ਰਹਿਤ ਹੈ ਅਤੇ ਜੋ ਸਦਾ ਹੀ ਇੱਕੋ ਜਿਹਾ ਰਹਿੰਦਾ ਹੈ (ਇਹੀ ਹੈ ਤਰੀਕਾ, ਜਿਸ ਨਾਲ ਉਸ ਪ੍ਰਭੂ ਨਾਲੋਂ ਵਿੱਥ ਮਿਟ ਸਕਦੀ ਹੈ)।।੩੧।।
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ।।
ਜੇ ਇੱਕ ਜੀਭ ਤੋਂ ਲੱਖਾਂ ਜੀਭਾਂ ਹੋ ਜਾਣ, ਅਤੇ ਲੱਖ ਜੀਭਾਂ ਤੋਂ ਵੀਹ ਲੱਖ ਬਣ ਜਾਣ।
ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ।।
(ਇਹਨਾਂ ਵੀਹ ਲੱਖ ਜੀਭਾਂ ਨਾਲ ਜੇ) ਅਕਾਲ ਪੁਰਖ ਦੇ ਇਕ ਨਾਮ ਨੂੰ ਇੱਕ ਇੱਕ ਲੱਖ ਵਾਰੀ ਆਖੀਏ (ਤਾਂ ਭੀ ਕੂੜੇ ਮਨੁੱਖ ਦੀ ਇਹ ਕੂੜੀ ਹੀ ਠੀਸ ਹੈ, ਭਾਵ, ਜੇ ਮਨੁੱਖ ਇਹ ਖਿਆਲ ਕਰੇ ਕਿ ਮੈਂ ਆਪਣੇ ਉੱਦਮ ਦੇ ਆਸਰੇ ਇਸ ਤਰ੍ਹਾਂ ਨਾਮ ਸਿਮਰ ਕੇ ਅਕਾਲ ਪੁਰਖ ਨੂੰ ਪਾ ਸਕਦਾ ਹਾਂ, ਤਾਂ ਇਹ ਝੂਠਾ ਅਹੰਕਾਰ ਹੈ)।
ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ।।
ਇਸ ਰਸਤੇ ਵਿੱਚ (ਪਰਮਾਤਮਾ ਨਾਲੋਂ ਵਿੱਥ ਦੂਰ ਕਰਨ ਵਾਲੇ ਰਾਹ ਵਿੱਚ) ਅਕਾਲ ਪੁਰਖ ਨੂੰ ਮਿਲਣ ਵਾਸਤੇ ਜੋ ਪਾਉੜੀਆਂ ਹਨ, ਉਹਨਾਂ ਉੱਤੇ ਆਪਾਂ ਭਾਗ ਗਵਾ ਕੇ ਹੀ ਚੜ੍ਹ ਸਕੀਦਾ ਹੈ। (ਲੱਖਾਂ ਜੀਭਾਂ ਨਾਲ ਭੀ ਗਿਣਤੀ ਦੇ ਸਿਮਰਨ ਨਾਲ ਕੁਝ ਨਹੀਂ ਬਣਦਾ।
ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ।।
ਆਪਾ ਭਾਵ ਦੂਰ ਕਰਨ ਤੋਂ ਬਿਨਾਂ ਇਹ ਗਿਣਤੀ ਦੇ ਪਾਠਾਂ ਵਾਲਾ ਉਦਮ ਇਉਂ ਹੈ, ਮਾਨੋ) ਆਕਾਸ਼ ਦੀਆਂ ਗੱਲਾਂ ਸੁਣ ਕੇ ਕੀੜਿਆਂ ਨੂੰ ਭੀ ਇਹ ਰੀਸ ਆ ਗਈ ਹੈ (ਕਿ ਅਸੀਂ ਭੀ ਆਕਾਸ਼ ਤੇ ਅੱਪੜ ਜਾਈਏ)।
ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ।।੩੨।।
ਹੇ ਨਾਨਕ! ਜੇ ਅਕਾਲ ਪੁਰਖ ਮਿਹਰ ਦੀ ਨਜ਼ਰ ਕਰੇ, ਤਾਂ ਹੀ ਉਸ ਨੂੰ ਮਿਲੀਦਾ ਹੈ, (ਨਹੀਂ ਤਾਂ) ਕੂੜੇ ਮਨੁੱਖ ਦੀ ਆਪਣੇ ਆਪ ਦੀ ਨਿਰੀ ਕੂੜੀ ਹੀ ਵਡਿਆਈ ਹੈ (ਕਿ ਮੈਂ ਸਿਮਰਨ ਕਰ ਰਿਹਾ ਹਾਂ)।।੩੨।।
ਆਖਣਿ ਜੋਰੁ ਚੁਪੈ ਨਹ ਜੋਰੁ।।
ਬੋਲਣ ਵਿੱਚ ਤੇ ਚੁੱਪ ਰਹਿਣ ਵਿੱਚ ਭੀ ਸਾਡਾ ਕੋਈ ਆਪਣਾ ਇਖਤਿਆਰ ਨਹੀਂ ਹੈ।
ਜੋਰੁ ਨ ਮੰਗਣਿ ਦੇਣਿ ਨ ਜੋਰੁ।।
ਨਾ ਹੀ ਮੰਗਣ ਵਿੱਚ ਸਾਡੀ ਮਨ ਮਰਜ਼ੀ ਚਲਦੀ ਹੈ ਅਤੇ ਨਾ ਹੀ ਦੇਣ ਵਿੱਚ।
ਜੋਰੁ ਨ ਜੀਵਣਿ ਮਰਣਿ ਨਹ ਜੋਰੁ।।
ਜੀਵਨ ਵਿੱਚ ਤੇ ਮਰਨ ਵਿੱਚ ਭੀ ਸਾਡੀ ਕੋਈ ਸਮਰਥਾ (ਕੰਮ ਨਹੀਂ ਦੇਂਦੀ)।
ਜੋਰੁ ਨ ਰਾਜਿ ਮਾਲਿ ਮਨਿ ਸੋਰੁ।।
ਇਸ ਰਾਜ ਤੇ ਮਾਲ ਦੇ ਪ੍ਰਾਪਤ ਕਰਨ ਵਿੱਚ ਭੀ ਸਾਡਾ ਕੋਈ ਜ਼ੋਰ ਨਹੀਂ ਚਲਦਾ (ਜਿਸ ਰਾਜ ਤੇ ਮਾਲ ਦੇ ਕਾਰਨ ਸਾਡੇ) ਮਨ ਵਿੱਚ ਫੂੰ ਫਾਂ ਹੁੰਦੀ ਹੈ।
ਜੋਰੁ ਨ ਸੁਰਤੀ ਗਿਆਨਿ ਵੀਚਾਰਿ।।
ਆਤਮਕ ਜਾਗ ਵਿੱਚ, ਗਿਆਨ ਵਿੱਚ ਤੇ ਵਿਚਾਰ ਵਿੱਚ ਰਹਿਣ ਦੀ ਭੀ ਸਾਡੀ ਸਮਰਥਾ ਨਹੀਂ ਹੈ।
ਜੋਰੁ ਨ ਜੁਗਤੀ ਛੁਟੈ ਸੰਸਾਰੁ।।
ਉਸ ਜੁਗਤੀ ਵਿੱਚ ਰਹਿਣ ਲਈ ਭੀ ਸਾਡਾ ਇਖਤਿਆਰ ਨਹੀਂ ਹੈ, ਜਿਸ ਕਰਕੇ ਜਨਮ ਮਰਨ ਮੁੱਕ ਜਾਂਦਾ ਹੈ।
ਜਿਸੁ ਹਥਿ ਜੋਰੁ ਕਰਿ ਵੇਖੈ ਸੋਇ।।
ਉਹੀ ਅਕਾਲ ਪੁਰਖ ਰਚਨਾ ਰਚ ਕੇ (ਉਸ ਦੀ ਹਰ ਪ੍ਰਕਾਰ) ਸੰਭਾਲ ਕਰਦਾ ਹੈ, ਜਿਸ ਦੇ ਹੱਥ ਵਿੱਚ ਸਮਰਥਾ ਹੈ।
ਨਾਨਕ ਉਤਮੁ ਨੀਚੁ ਨ ਕੋਇ।।੩੩।।
ਹੇ ਨਾਨਕ! ਆਪਣੇ ਆਪ ਵਿੱਚ ਨਾ ਕੋਈ ਮਨੁੱਖ ਉੱਤਮ ਹੈ ਅਤੇ ਨਾਹ ਹੀ ਨੀਚ (ਭਾਵ, ਜੀਵਾਂ ਨੂੰ ਸਦਾਚਾਰੀ ਜਾਂ ਦੁਰਾਚਾਰੀ ਬਣਾਉਣ ਵਾਲਾ ਉਹ ਪ੍ਰਭੂ ਆਪ ਹੀ ਹੈ। ਜੇ ਸਿਮਰਨ ਦੀ ਬਰਕਤ ਨਾਲ ਇਹ ਨਿਸ਼ਚਾ ਬਣ ਜਾਏ ਤਾਂ ਹੀ ਪਰਮਾਤਮਾ ਨਾਲੋਂ ਜੀਵ ਦੀ ਵਿੱਥ ਦੂਰ ਹੁੰਦੀ ਹੈ)।।੩੩।।
ਰਾਤੀ ਰੁਤੀ ਥਿਤੀ ਵਾਰ।।
ਰਾਤਾਂ, ਰੁੱਤਾ, ਥਿੱਤਾਂ ਤੇ ਵਾਰ,
ਪਵਣ ਪਾਣੀ ਅਗਨੀ ਪਾਤਾਲ।।
ਹਵਾ, ਪਾਣੀ, ਅੱਗ ਅਤੇ ਪਾਤਾਲ ਇਹਨਾਂ ਸਾਰਿਆਂ ਦੇ ਇਕੱਠ ਵਿੱਚ (ਅਕਾਲ ਪੁਰਖ ਨੇ)
ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ।।
ਧਰਤੀ ਨੂੰ ਧਰਮ ਕਮਾਣ ਦਾ ਅਸਥਾਨ ਬਣਾ ਕੇ ਟਿਕਾ ਦਿੱਤਾ ਹੈ।
ਤਿਸੁ ਵਿਚਿ ਜੀਅ ਜੁਗਤਿ ਕੇ ਰੰਗ।।
ਇਸ ਧਰਤੀ ਉੱਤੇ ਕਈ ਜੁਗਤੀਆਂ ਅਤੇ ਕਈ ਰੰਗਾਂ ਦੇ ਜੀਵ (ਵਸਦੇ ਹਨ),
ਤਿਨ ਕੇ ਨਾਮ ਅਨੇਕ ਅਨੰਤ।।
ਜਿਨ੍ਹਾਂ ਦੇ ਅਨੇਕਾਂ ਅਤੇ ਅਨਗਿਣਤ ਹੀ ਨਾਮ ਹਨ।
ਕਰਮੀ ਕਰਮੀ ਹੋਇ ਵੀਚਾਰੁ।।
(ਇਹਨਾਂ ਅਨੇਕਾਂ ਨਾਵਾਂ ਤੇ ਰੰਗਾਂ ਵਾਲੇ ਜੀਵਾਂ ਦੇ) ਆਪੋ ਆਪਣੇ ਕੀਤੇ ਹੋਏ ਕਰਮਾਂ ਅਨੁਸਾਰ (ਅਕਾਲ ਪੁਰਖ ਦੇ ਦਰ ਤੇ) ਨਿਬੇੜਾ ਹੁੰਦਾ ਹੈ।
ਸਚਾ ਆਪਿ ਸਚਾ ਦਰਬਾਰੁ।।
(ਜਿਸ ਵਿੱਚ ਕੋਈ ਉਕਾਈ ਨਹੀਂ ਹੁੰਦੀ, ਕਿਉਂਕਿ ਨਿਆਂ ਕਰਨ ਵਾਲਾ) ਅਕਾਲ ਪੁਰਖ ਆਪ ਸੱਚਾ ਹੈ, ਉਸ ਦਾ ਦਰਬਾਰ ਭੀ ਸੱਚਾ ਹੈ।
ਤਿਥੈ ਸੋਹਨਿ ਪੰਚ ਪਰਵਾਣੁ।।
ਉਸ ਦਰਬਾਰ ਵਿੱਚ ਸੰਤ ਜਨ ਪ੍ਰਤੱਖ ਤੌਰ ਤੇ ਸੋਭਦੇ ਹਨ,
ਨਦਰੀ ਕਰਮਿ ਪਵੈ ਨੀਸਾਣੁ।।
ਅਤੇ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖਸ਼ਿਸ਼ ਨਾਲ਼ (ਉਨਾਂ ਸੰਤ ਜਨਾਂ ਦੇ ਮੱਥੇ ਉੱਤੇ) ਵਡਿਆਈ ਦਾ ਨਿਸ਼ਾਨ ਚਮਕ ਪੈਂਦਾ ਹੈ।
ਕਚ ਪਕਾਈ ਓਥੈ ਪਾਇ।।
(ਇੱਥੇ ਸੰਸਾਰ ਵਿੱਚ ਕਿਸੇ ਦਾ ਵੱਡਾ ਛੋਟਾ ਅਖਵਾਣਾ ਕਿਸੇ ਅਰਥ ਨਹੀਂ, ਇਹਨਾਂ ਦੀ) ਕਚਿਆਈ ਪਕਿਆਈ ਅਕਾਲ ਪੁਰਖ ਦੇ ਦਰ ਤੇ ਜਾ ਕੇ ਮਲੂਮ ਹੁੰਦੀ ਹੈ।
ਨਾਨਕ ਗਇਆ ਜਾਪੈ ਜਾਇ।।੩੪।।
ਹੇ ਨਾਨਕ! ਅਕਾਲ ਪੁਰਖ ਦੇ ਦਰ ਤੇ ਗਿਆਂ ਹੀ ਸਮਝ ਆਉਂਦੀ ਹੈ (ਕਿ ਅਸਲ ਵਿੱਚ ਕੌਣ ਪੱਕਾ ਹੈ ਤੇ ਕੌਣ ਕੱਚਾ)।।੩੪।।
ਧਰਮ ਖੰਡ ਕਾ ਏਹੋ ਧਰਮ।।
ਧਰਮ ਖੰਡ ਦਾ ਨਿਰਾ ਇਹੀ ਕਰਤੱਬ ਹੈ, ( ਜੋ ਉੱਪਰ ਦੱਸਿਆ ਗਿਆ ਹੈ)
ਗਿਆਨ ਖੰਡ ਕਾ ਆਖਹੁ ਕਰਮੁ।।
ਹੁਣ ਗਿਆਨ ਖੰਡ ਦਾ ਕਰਤੱਬ (ਭੀ) ਸਮਝ ਲਵੋ (ਜੋ ਅਗਲੀਆਂ ਤੁਕਾਂ ਵਿੱਚ ਹੈ)।
ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ।।
(ਅਕਾਲ ਪੁਰਖ ਦੀ ਰਚਨਾ ਵਿੱਚ) ਕਈ ਪ੍ਰਕਾਰ ਦੇ ਪਾਉਣ, ਪਾਣੀ ਤੇ ਅਗਨੀਆਂ ਹਨ, ਕਈ ਕ੍ਰਿਸ਼ਨ ਹਨ ਤੇ ਕਈ ਸ਼ਿਵ ਹਨ।
ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ।।
ਕਈ ਬ੍ਰਹਮੇ ਪੈਦਾ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਕਈ ਰੂਪ, ਕਈ ਰੰਗ ਤੇ ਕਈ ਵੇਸ ਹਨ।
ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ।।
ਅਕਾਲ ਪੁਰਖ਼ ਦੀ ਕੁਦਰਤ ਵਿੱਚ ਬੇਅੰਤ ਧਰਤੀਆਂ ਹਨ, ਬੇਅੰਤ ਪਰਬਤ, ਬੇਅੰਤ ਧੂ ਭਗਤ ਤੇ ਉਹਨਾਂ ਦੇ ਉਪਦੇਸ਼ ਹਨ।
ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ।।
ਬੇਅੰਤ ਇੰਦਰ ਦੇਵਤੇ, ਚੰਦਰਮਾ, ਬੇਅੰਤ ਸੂਰਜ ਅਤੇ ਬੇਅੰਤ ਭਵਨ ਚੱਕਰ ਹਨ।
ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ।।
ਬੇਅੰਤ ਸਿੱਧ ਹਨ, ਬੇਅੰਤ ਬੁਧ ਅਵਤਾਰ ਹਨ, ਬੇਅੰਤ ਨਾਥ ਹਨ ਅਤੇ ਬੇਅੰਤ ਦੇਵੀਆਂ ਦੇ ਪਹਿਰਾਵੇ ਹਨ।
ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ।।
(ਅਕਾਲ ਪੁਰਖ ਦੀ ਰਚਨਾ ਵਿੱਚ) ਬੇਅੰਤ ਦੇਵਤੇ ਅਤੇ ਦੈਂਤ ਹਨ, ਬੇਅੰਤ ਮੁਨੀ ਹਨ, ਬੇਅੰਤ ਪ੍ਰਕਾਰ ਦੇ ਰਤਨ ਤੇ (ਰਤਨਾਂ ਦੇ) ਸਮੁੰਦਰ ਹਨ।
ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ।।
(ਜੀਵ ਰਚਨਾ ਦੀਆਂ) ਬੇਅੰਤ ਖਾਣੀਆਂ ਹਨ, ਜੀਵਾਂ ਦੀਆਂ ਬੋਲੀਆਂ ਭੀ ਚਾਰ ਨਹੀਂ) ਬੇਅੰਤ ਬਾਣੀਆਂ ਹਨ, ਬੇਅੰਤ ਪਾਤਸ਼ਾਹ ਤੇ ਰਾਜੇ ਹਨ,
ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤ ਨ ਅੰਤ।।੩੫।।
ਬੇਅੰਤ ਪ੍ਰਕਾਰ ਦੇ ਧਿਆਨ ਹਨ (ਜੋ ਜੀਵ ਮਨ ਦੁਆਰਾ ਲਾਂਦੇ ਹਨ), ਬੇਅੰਤ ਸੇਵਕ ਹਨ। ਹੇ ਨਾਨਕ! ਕੋਈ ਅੰਤ ਨਹੀਂ ਪੈ ਸਕਦਾ।।੩੫।।
ਗਿਆਨ ਖੰਡ ਮਹਿ ਗਿਆਨੁ ਪਰਚੰਡੁ।।
ਗਿਆਨ ਖੰਡ ਵਿੱਚ (ਭਾਵ, ਮਨੁੱਖ ਦੀ ਗਿਆਨ ਅਵਸਥਾ ਵਿੱਚ) ਗਿਆਨ ਹੀ ਬਲਵਾਨ ਹੁੰਦਾ ਹੈ।
ਤਿਥੈ ਨਾਦ ਬਿਨੋਦ ਕੋਡ ਅਨੰਦੁ।।
ਇਸ ਅਵਸਥਾ ਵਿੱਚ (ਮਾਨੋ) ਸਭ ਰਾਗਾਂ, ਤਮਾਸ਼ਿਆਂ ਤੇ ਕੌਤਕਾਂ ਦਾ ਸੁਆਦ ਆ ਜਾਂਦਾ ਹੈ।

Post a Comment