8

Guru granth sahib translation in punjabi - ang 2

Sri guru granth sahib ji in punjabi: ang 2

sri guru granth sahib ji in punjabi


ਗਾਵੈ ਕੋ ਵੇਖੈ ਹਾਦਰਾ ਹਦੂਰਿ।।
ਪਰ ਕੋਈ ਆਖਦਾ ਹੈ,'(ਨਹੀਂ, ਨੇੜੇ ਹੈ), ਸਭ ਥਾਈਂ ਹਾਜਰ ਹੈ, ਸਭ ਨੂੰ ਵੇਖ ਰਿਹਾ ਹੈ।

ਕਥਨਾ ਕਥੀ ਨ ਆਵੈ ਤੋਟਿ।।
ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ (ਭਾਵ, ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ, ਹੁਕਮ ਦਾ ਸਹੀ ਸਰੂਪ ਨਹੀਂ ਲੱਭ ਸਕਿਆ)

ਕਥਿ ਕਥਿ ਕਥੀ ਕੋਟੀ ਕੋਟਿ ਕੋਟਿ।।
ਭਾਵੇਂ ਕਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ (ਅਕਾਲ ਪੁਰਖ ਦੇ ਹੁਕਮ ਦਾ) ਵਰਣਨ ਕੀਤਾ ਹੈ।

ਦੇਦਾ ਦੇ ਲੈਦੇ ਥਕਿ ਪਾਹਿ।।
ਦਾਤਾਰ ਅਕਾਲ ਪੁਰਖ (ਸਭ ਜੀਵਾਂ ਨੂੰ ਰਿਜ਼ਕ) ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ।

ਜੁਗਾ ਜੁਗੰਤਰਿ ਖਾਹੀ ਖਾਹਿ।।
(ਸਭ ਜੀਵ) ਸਦਾ ਤੋਂ ਹੀ (ਰੱਬ ਦੇ ਦਿੱਤੇ ਪਦਾਰਥ) ਖਾਂਦੇ ਚਲੇ ਆ ਰਹੇ ਹਨ।

ਹੁਕਮੀ ਹੁਕਮੁ ਚਲਾਏ ਰਾਹੁ।।
ਹੁਕਮ ਵਾਲ਼ੇ ਰੱਬ ਦਾ ਹੁਕਮ ਹੀ (ਸੰਸਾਰ ਦੀ ਕਾਰ ਵਾਲ਼ਾ) ਰਸਤਾ ਚਲਾ ਰਿਹਾ ਹੈ।

ਨਾਨਕ ਵਿਗਸੈ ਵੇਪਰਵਾਹੁ।।੩।।
ਹੇ ਨਾਨਕ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਅਤੇ ਪ੍ਰਸੰਨ ਹੈ।।੩।।

ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ।।
ਅਕਾਲ ਪੁਰਖ ਸਦਾ ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨਿਯਮ ਵੀ ਸਦਾ ਅਟੱਲ ਹੈ । ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ।

ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ।।
ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ। ਉਹ ਦਾਤਾਰ ਬਖਸ਼ਿਸ਼ਾਂ ਕਰਦਾ ਹੈ।

ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ।।
(ਜੇ ਸਾਰੀਆਂ ਦਾਤਾਂ ਉਹ ਆਪ ਹੀ ਬਖਸ਼ ਰਿਹਾ ਹੈ ਤਾਂ) ਫਿਰ ਅਸੀਂ ਕਿਹੜੀ ਭੇਟਾ ਉਸ ਅਕਾਲ ਪੁਰਖ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿਸ ਪਏ?

ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰ।।
ਅਸੀਂ ਮੂੰਹੋਂ ਕਿਹੜਾ ਬਚਨ ਬੋਲੀਏ (ਭਾਵ, ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ (ਸਾਨੂੰ) ਪਿਆਰ ਕਰੇ।


ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ।।
ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ।

ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ।।
(ਇਸ ਤਰ੍ਹਾਂ) ਪ੍ਰਭੂ ਦੀ ਮਿਹਰ ਨਾਲ ' ਸਿਫਤਿ ' ਰੂਪ ਪਟੋਲਾ ਮਿਲਦਾ ਹੈ, ਉਸ ਦੀ ਕਿਰਪਾ ਦ੍ਰਿਸ਼ਟੀ ਨਾਲ਼ ' ਕੂੜ ਦੀ ਪਾਲਿ' ਤੋਂ ਖ਼ਲਾਸੀ ਹੁੰਦੀ ਹੈ ਅਤੇ ਰੱਬ ਦਾ ਦਰ ਪ੍ਰਾਪਤ ਹੋ ਜਾਂਦਾ ਹੈ।

ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ।।੪।।
ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ।।੪।।

ਥਾਪਿਆ ਨ ਜਾਇ ਕੀਤਾ ਨ ਹੋਇ।।
ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਿਆ ਬਣਦਾ ਹੈ।

ਆਪੇ ਆਪਿ ਨਿਰੰਜਨੁ ਸੋਇ।।
ਉਹ ਨਿਰੋਲ ਆਪ ਹੀ ਆਪ ਹੈ। ਉਹ ਅਕਾਲ ਪੁਰਖ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।

ਜਿਨਿ ਸੇਵਿਆ ਤਿਨਿ ਪਾਇਆ ਮਾਨੁ।।
ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ।

ਨਾਨਕ ਗਾਵੀਐ ਗੁਣੀ ਨਿਧਾਨੁ।।
ਹੇ ਨਾਨਕ!(ਆਓ) ਅਸੀਂ ਵੀ ਉਸ ਗੁਣਾਂ ਦੇ ਖਜ਼ਾਨੇ ਹਰੀ ਦੀ ਸਿਫਤ ਸਲਾਹ ਕਰੀਏ।

ਗਾਵੀਐ ਸੁਣੀਐ ਮਨਿ ਰਖੀਐ ਭਾਉ।।
(ਆਓ, ਅਕਾਲ ਪੁਰਖ ਦੇ ਗੁਣ (ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿੱਚ ਉਸ ਦਾ ਪ੍ਰੇਮ ਟਿਕਾਈਏ।

ਦੁਖੁ ਪਰਹਰਿ ਸੁਖੁ ਘਰਿ ਲੈ ਜਾਇ।।
(ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਅਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿੱਚ ਵਸਾ ਲੈਂਦਾ ਹੈ।

ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ।।
(ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ)। ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਹਰ ਥਾਈਂ ਵਿਆਪਕ ਹੈ।

ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ।।
ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ।

ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ।।
ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ,(ਭੀ) ਲਵਾਂ,(ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ।

ਗੁਰਾ ਇਕ ਦੇਹਿ ਬੁਝਾਈ।।
(ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ।

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ।।੫।।
ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲ਼ਾ ਇੱਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ।।੫।।

ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ।।
ਮੈਂ ਤੀਰਥ ਉੱਤੇ ਜਾਕੇ ਤਦ ਇਸ਼ਨਾਨ ਕਰਾਂ ਜੇ ਇਓਂ ਕਰਨ ਨਾਲ਼ ਉਸ ਪ੍ਰਮਾਤਮਾ ਨੂੰ ਖੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖੁਸ਼ ਨਹੀਂ ਹੁੰਦਾ, ਤਾਂ ਮੈਂ (ਤੀਰਥ ਉੱਤੇ) ਇਸ਼ਨਾਨ ਕਰਕੇ ਕੀਹ ਖੱਟਾਂਗਾ?

ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ।।
ਅਕਾਲ ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆਂ ਮੈਂ ਵੇਖਦਾ ਹਾਂ, (ਇਸ ਵਿੱਚ) ਪਰਮਾਤਮਾ ਦੀ ਕਿਰਪਾ ਤੋਂ ਬਿਨਾਂ ਕਿਸੇ ਨੂੰ ਕੁੱਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ।

ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ।।
ਸਤਿਗੁਰੂ ਦੀ ਇੱਕ ਸਿੱਖਿਆ ਸੁਣ ਲਈ ਜਾਏ, ਤਾਂ ਮਨੁੱਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੋਤੀ (ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ।)

ਗੁਰਾ ਇਕ ਦੇਹਿ ਬੁਝਾਈ।।
(ਤਾਂ ਤੇ) ਹੇ ਸਤਿਗੁਰੂ!(ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ ।

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ।।੬।।
ਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ।।੬।।

ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ।।
ਜੇ ਕਿਸੇ ਮਨੁੱਖ ਦੀ ਉਮਰ ਚਾਰ ਜੁਗਾਂ ਜਿਤਨੀ ਹੋ ਜਾਏ,(ਨਿਰੀ ਇਤਨੀ ਹੀ ਨਹੀਂ, ਸਗੋਂ ਜੇ) ਇਸ ਤੋਂ ਵੀ ਦਸ ਗੁਣੀ ਹੋਰ (ਉਮਰ ਹੋ) ਜਾਏ।

ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ।।
ਜੇ ਉਹ ਸਾਰੇ ਸੰਸਾਰ ਵਿੱਚ ਵਿੱਚ ਵੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ।

ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ।।
ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿੱਚ ਸ਼ੋਭਾ ਭੀ ਪ੍ਰਾਪਤ ਕਰ ਲਏ।

ਜੇ ਤਿਸ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ।।
(ਪਰ) ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਵੀ ਨਹੀਂ ਪੁੱਛਦਾ (ਭਾਵ, ਇਤਨੀ ਮਾਣ ਵਡਿਆਈ ਹੁੰਦਿਆਂ ਭੀ ਅਸਲ ਵਿੱਚ ਨਿਆਸਰਾ ਹੀ ਹੈ)।

ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ।।
(ਸਗੋਂ ਅਜਿਹਾ ਮਨੁੱਖ ਅਕਾਲ ਪੁਰਖ ਦੇ ਸਾਹਮਣੇ) ਇੱਕ ਮਾਮੂਲੀ ਜਿਹਾ ਕੀੜਾ ਹੈ ("ਖਸਮੈ ਨਦਰੀ ਕੀੜਾ ਆਵੈ" ਆਸਾ ਮ:੧) ਅਕਾਲ ਪੁਰਖ ਉਸ ਨੂੰ ਦੋਸੀ ਥਾਪ ਕੇ (ਉਸ ਉੱਤੇ ਨਾਮ ਨੂੰ ਭੁੱਲਣ ਦਾ) ਦੋਸ਼ ਲਾਉਂਦਾ ਹੈ।

ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ।।
ਹੇ ਨਾਨਕ! ਉਹ ਅਕਾਲ ਪੁਰਖ ਗੁਣ ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦਿੰਦਾ ਹੈ ਅਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਓਹੀ ਬਖਸ਼ਦਾ ਹੈ।

ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ।।੭।।
ਇਹੋ ਜਿਹਾ ਕੋਈ ਹੋਰ ਨਹੀਂ ਦਿਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ।(ਭਾਵ ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ।।੭।।

ਸੁਣਿਐ ਸਿਧ ਪੀਰ ਸੁਰਿ ਨਾਥ।।
ਇਹ ਨਾਮ ਹਿਰਦੇ ਵਿੱਚ ਟਿਕਣ ਦੀ ਹੀ ਬਰਕਤਿ ਹੈ ਕਿ ਵਾਹਿਗੁਰੂ ਦੀ ਸਿਫਤ ਸਲਾਹ ਸੁਣਨ ਨਾਲ਼ (ਸਾਧਾਰਨ ਮਨੁੱਖ) ਸਿੱਧਾਂ, ਪੀਰਾਂ, ਦੇਵਤਿਆਂ ਅਤੇ ਨਾਥਾਂ ਦੀ ਪਦਵੀ ਪਾ ਲੈਂਦੇ ਹਨ।

ਸੁਣਿਐ ਧਰਤਿ ਧਵਲ ਆਕਾਸ।।
ਤੇ ਵਾਹਿਗੁਰੂ ਦੀ ਸਿਫਤ ਸਲਾਹ ਸੁਣਨ ਨਾਲ਼ ਉਨ੍ਹਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ।

ਸੁਣਿਐ ਦੀਪ ਲੋਅ ਪਾਤਾਲ।।
ਵਾਹਿਗੁਰੂ ਦੀ ਸਿਫਤ ਸਲਾਹ ਸੁਣਨ ਨਾਲ਼ ਸੋਝੀ ਪੈਂਦੀ ਹੈ ਕਿ ਵਾਹਿਗੁਰੂ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿੱਚ ਵਿਆਪਕ ਹੈ।

ਸੁਣਿਐ ਪੋਹਿ ਨ ਸਕੈ ਕਾਲੁ।।
ਵਾਹਿਗੁਰੂ ਦੀ ਸਿਫਤ ਸਲਾਹ ਸੁਣਨ ਵਾਲੇ ਮਨੁੱਖ ਨੂੰ ਕਾਲ ਵੀ ਨਹੀਂ ਪੋਂਹਦਾ (ਭਾਵ ਉਨ੍ਹਾਂ ਨੂੰ ਮੌਤ ਨਹੀਂ ਡਰਾ ਸਕਦੀ)।

ਨਾਨਕ ਭਗਤਾ ਸਦਾ ਵਿਗਾਸੁ।।
ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿੱਚ ਸੁਰਤ ਜੋੜਨ ਵਾਲ਼ੇ) ਭਗਤ ਜਨਾਂ ਦੇ ਹਿਰਦੇ ਵਿੱਚ ਸਦਾ ਖਿੜਾਉ ਬਣਿਆ ਰਹਿੰਦਾ ਹੈ।

ਸੁਣਿਐ ਦੂਖ ਪਾਪ ਕਾ ਨਾਸੁ।।੮।।
(ਕਿਓਂ ਕਿ) ਉਸ ਦੀ ਸਿਫਤ ਸਲਾਹ ਸੁਣਨ ਕਰਕੇ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ।।੮।।

ਸੁਣਿਐ ਈਸਰੁ ਬਰਮਾ ਇੰਦੁ।।
ਅਕਾਲ ਪੁਰਖ ਦੇ ਨਾਮ ਵਿੱਚ ਸੁਰਤ ਜੋੜਨ ਦਾ ਸਦਕਾ ਸਾਧਾਰਨ ਮਨੁੱਖ ਸ਼ਿਵ, ਬ੍ਰਹਮਾ ਤੇ ਇੰਦਰ ਦੀ ਪਦਵੀ ਤੇ ਅੱਪੜ ਜਾਂਦਾ ਹੈ।

ਸੁਣਿਐ ਮੁਖਿ ਸਾਲਾਹਣ ਮੰਦੁ।।
ਮੰਦਾ ਮਨੁੱਖ ਵੀ ਮੂੰਹੋਂ ਰੱਬ ਦੀਆਂ ਸਿਫਤਾਂ ਕਰਨ ਲੱਗ ਪੈਂਦਾ ਹੈ।

ਸੁਣਿਐ ਜੋਗ ਜੁਗਤਿ ਤਨਿ ਭੇਦ।।
(ਸਾਧਾਰਨ ਬੁੱਧ ਵਾਲ਼ੇ ਨੂੰ ਭੀ) ਸਰੀਰ ਵਿੱਚ ਦੀਆਂ ਗੁੱਝੀਆਂ ਗੱਲਾਂ,(ਭਾਵ, ਅੱਖ, ਕੰਨ, ਜੀਭ ਆਦਿਕ ਇੰਦਰੀਆਂ ਦੇ ਚਾਲਿਆਂ ਤੇ ਵਿਕਾਰ ਆਦਿਕਾਂ ਵੱਲ ਦੌੜ ਭੱਜ) ਦੇ ਭੇਦ ਦਾ ਪਤਾ ਲੱਗ ਜਾਂਦਾ ਹੈ।

ਸੁਣਿਐ ਸਾਸਤ ਸਿਮ੍ਰਿਤਿ ਵੇਦ।।
ਪ੍ਰਭੂ ਮੇਲ ਦੀ ਜੁਗਤੀ ਦੀ ਸਮਝ ਪੈ ਜਾਂਦੀ ਹੈ, ਸ਼ਾਸਤ੍ਰਾਂ ਸਿੰਮ੍ਰਤੀਆਂ ਤੇ ਵੇਦਾਂ ਦੀ ਸਮਝ ਪੈ ਜਾਂਦੀ ਹੈ (ਭਾਵ, ਧਾਰਮਿਕ ਪੁਸਤਕਾਂ ਦਾ ਅਸਲ ਉੱਚਾ ਨਿਸ਼ਾਨਾ ਤਦੋਂ ਸਮਝ ਪੈਂਦਾ ਹੈ ਜਦੋਂ ਅਸੀਂ ਨਾਮ ਵਿੱਚ ਸੁਰਤ ਜੋੜਦੇ ਹਾਂ, ਨਹੀਂ ਤਾਂ ਨਿਰੇ ਲਫ਼ਜ਼ਾਂ ਨੂੰ ਹੀ ਪੜ੍ਹ ਛਡਦੇ ਹਾਂ, ਉਸ ਅਸਲੀ ਜਜ਼ਬੇ ਵਿੱਚ ਨਹੀਂ ਪਹੁੰਚਦੇ, ਜਿਸ ਜਜ਼ਬੇ ਵਿੱਚ ਅੱਪੜ ਕੇ ਉਹ ਧਾਰਮਿਕ ਪੁਸਤਕਾਂ ਉਚਾਰੀਆਂ ਹੁੰਦੀਆਂ ਹਨ।

ਨਾਨਕ ਭਗਤਾ ਸਦਾ ਵਿਗਾਸੁ।।
ਹੇ ਨਾਨਕ! (ਨਾਮ ਨਾਲ਼ ਪ੍ਰੀਤ ਕਰਨ ਵਾਲ਼ੇ) ਭਗਤ ਜਨਾਂ ਦੇ ਹਿਰਦੇ ਵਿੱਚ ਸਦਾ ਖਿੜਾਉ ਬਣਿਆ ਰਹਿੰਦਾ ਹੈ।






























No comments

Powered by Blogger.