8

Guru granth sahib in punjabi - ang 3

Guru granth sahib in punjabi ang 3 

Guru granth sahib in Punjabi

ਸੁਣਿਐ ਦੂਖ ਪਾਪ ਕਾ ਨਾਸੁ।।੮।।

(ਕਿਓਂ ਕਿ) ਰੱਬ ਦੀ ਸਿਫਤ ਸਲਾਹ ਸੁਣਨ ਕਰਕੇ (ਮਨੁੱਖ ਦੇ ਦੁੱਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ।।੮।।

ਸੁਣਿਐ ਸਤੁ ਸੰਤੋਖੁ ਗਿਆਨ।।

ਰੱਬ ਦੇ ਨਾਮ ਵਿੱਚ ਜੁੜਨ ਨਾਲ਼ (ਹਿਰਦੇ ਵਿੱਚ) ਦਾਨ (ਦੇਣ ਦਾ ਸੁਭਾਉ), ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ।

ਸੁਣਿਐ ਅਠਸਠਿ ਕਾ ਇਸਨਾਨੁ।।

ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ (ਹੀ) ਹੋ ਜਾਂਦਾ ਹੈ (ਭਾਵ, ਅਠਾਹਠ ਤੀਰਥਾਂ ਦੇ ਇਸ਼ਨਾਨ ਨਾਮ ਜਪਣ ਦੇ ਵਿੱਚ ਹੀ ਆ ਜਾਂਦੇ ਹਨ)

ਸੁਣਿਐ ਪੜਿ ਪੜਿ ਪਾਵਹਿ ਮਾਨੁ।।

ਜੋ ਸਤਿਕਾਰ (ਮਨੁੱਖ ਵਿੱਦਿਆ) ਪੜ੍ਹ ਕੇ ਪਾਂਦੇ ਹਨ, ਉਹ ਭਗਤ ਜਨਾਂ ਨੂੰ ਅਕਾਲ ਪੁਰਖ ਦੇ ਨਾਮ ਵਿੱਚ ਜੁੜ ਕੇ ਹੀ ਮਿਲ ਜਾਂਦਾ ਹੈ।

ਸੁਣਿਐ ਲਾਗੈ ਸਹਜਿ ਧਿਆਨੁ।।

ਨਾਮ ਸੁਣਨ ਦਾ ਸਦਕਾ ਅਡੋਲਤਾ ਵਿੱਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ।

ਨਾਨਕ ਭਗਤਾ ਸਦਾ ਵਿਗਾਸੁ।।

ਹੇ ਨਾਨਕ!(ਅਕਾਲ ਪੁਰਖ ਦੇ ਨਾਮ ਵਿੱਚ ਸੁਰਤ ਜੋੜਨ ਵਾਲ਼ੇ) ਭਗਤ ਜਨਾਂ ਦੇ ਹਿਰਦੇ ਵਿੱਚ ਸਦਾ ਖਿੜਾਉ ਬਣਿਆ ਰਹਿੰਦਾ ਹੈ।

ਸੁਣਿਐ ਦੂਖ ਪਾਪ ਕਾ ਨਾਸੁ।।੧੦।।

(ਕਿਓਂ ਕਿ) ਅਕਾਲ ਪੁਰਖ ਦੀ ਸਿਫਤ ਸਲਾਹ ਸੁਣਨ ਨਾਲ਼ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ।।੧੦।।

ਸੁਣਿਐ ਸਰਾ ਗੁਣਾ ਕੇ ਗਾਹ।।

ਅਕਾਲ ਪੁਰਖ ਦੇ ਨਾਮ ਵਿੱਚ ਸੁਰਤ ਜੋੜਨ ਨਾਲ਼(ਸਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲ਼ੇ ਹੋ ਜਾਂਦੇ ਹਨ।

ਸੁਣਿਐ ਸੇਖ ਪੀਰ ਪਾਤਿਸਾਹ।।

ਅਤੇ ਸੇਖ ਪੀਰ ਤੇ ਪਾਤਿਸ਼ਾਹਾਂ ਦੀ ਪਦਵੀ ਪਾ ਲੈਂਦੇ ਹਨ।

ਸੁਣਿਐ ਅੰਧੇ ਪਾਵਹਿ ਰਾਹੁ।।

ਇਹ ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਅੰਨ੍ਹੇ ਗਿਆਨ -ਹੀਣ ਮਨੁੱਖ ਭੀ (ਅਕਾਲ ਪੁਰਖ ਨੂੰ ਮਿਲਣ ਦਾ) ਰਾਹ ਲੱਭ ਲੈਂਦੇ ਹਨ।

ਸੁਣਿਐ ਹਾਥ ਹੋਵੈ ਅਸਗਾਹੁ।।

ਅਕਾਲ ਪੁਰਖ ਦੇ ਨਾਮ ਵਿੱਚ ਜੁੜਨ ਦਾ ਸਦਕਾ ਇਸ ਡੂੰਘੇ ਸੰਸਾਰ ਸਮੁੰਦਰ ਦੀ ਅਸਲੀਅਤ ਸਮਝ ਵਿੱਚ ਆ ਜਾਂਦੀ ਹੈ।

ਨਾਨਕ ਭਗਤਾ ਸਦਾ ਵਿਗਾਸੁ।।

ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿੱਚ ਸੁਰਤ ਜੋੜਨ ਵਾਲ਼ੇ) ਭਗਤ ਜਨਾਂ ਦੇ ਹਿਰਦੇ ਵਿੱਚ ਸਦਾ ਖਿੜਾਉ ਹੈ ਰਹਿੰਦਾ ਹੈ।

ਸੁਣਿਐ ਦੂਖ ਪਾਪ ਕਾ ਨਾਸੁ।।੧੧।।

(ਕਿਓਂ ਕਿ) ਅਕਾਲ ਪੁਰਖ ਦਾ ਨਾਮ ਸੁਣਨ ਨਾਲ਼ (ਮਨੁੱਖ ਦੇ (ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ।

ਮੰਨੇ ਕੀ ਗਤਿ ਕਹੀ ਨ ਜਾਇ।।

ਉਸ ਮਨੁੱਖ ਦੀ (ਉੱਚੀ) ਆਤਮਕ ਅਵਸਥਾ ਦੱਸੀ ਨਹੀਂ ਜਾ ਸਕਦੀ, ਜਿਸ ਨੇ (ਅਕਾਲ ਪੁਰਖ ਦੇ ਨਾਮ ਨੂੰ) ਮੰਨ ਲਿਆ ਹੈ,(ਭਾਵ, ਜਿਸ ਦੀ ਲਗਨ ਨਾਮ ਵਿੱਚ ਲੱਗ ਗਈ ਹੈ।

ਜੇ ਕੋ ਕਹੈ ਪਿਛੈ ਪਛੁਤਾਇ।।

ਜੇ ਕੋਈ ਮਨੁੱਖ ਬਿਆਨ ਕਰੇ (ਭੀ), ਤਾਂ ਉਹ ਪਿੱਛੋਂ ਪਛਤਾਉਂਦਾ ਹੈ ((ਕਿ ਮੈਂ ਹੋਛਾ ਜਤਨ ਕੀਤਾ ਹੈ।

ਕਾਗਦਿ ਕਲਮ ਨ ਲਿਖਣਹਾਰੁ।।

(ਨਾਮ ਵਿੱਚ) ਪਤੀਜੇ ਹੋਏ ਦੀ ਆਤਮਕ ਅਵਸਥਾ ਕਾਗਜ਼ ਉੱਤੇ ਕਲਮ ਨਾਲ਼ ਕੋਈ ਮਨੁੱਖ ਲਿਖਣ ਦੇ ਸਮਰਥ ਨਹੀਂ ਹੈ।

ਮੰਨੇ ਕਾ ਬਹਿ ਕਰਨਿ ਵੀਚਾਰੁ।।

(ਭਾਵੇਂ ਕਿ ਮਨੁੱਖ) ਰਲ਼ ਕੇ ਉਸ ਦਾ ਅੰਦਾਜ਼ਾ ਲਾਉਣ ਬਾਬਤ ਵੀਚਾਰ (ਜ਼ਰੂਰ) ਕਰਦੇ ਹਨ।

ਐਸਾ ਨਾਮੁ ਨਿਰੰਜਨੁ ਹੋਇ।।

ਅਕਲ ਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ,(ਇਸ ਵਿੱਚ ਜੁੜਨ ਵਾਲ਼ਾ ਭੀ ਉੱਚੀ ਆਤਮਕ ਅਵਸਥਾ ਵਾਲ਼ਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ)।

ਜੇ ਕੋ ਮੰਨਿ ਜਾਣੈ ਮਨਿ ਕੋਇ।।੧੨।।

ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ।।੧੨।।

ਮੰਨੈ ਸੁਰਤਿ ਹੋਵੈ ਮਨਿ ਬੁਧਿ।।

ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤ ਉੱਚੀ ਹੋ ਜਾਂਦੀ ਹੈ, ਉਸ ਦੇ ਮਨ ਵਿੱਚ ਜਾਗ੍ਰਤ ਆ ਜਾਂਦੀ ਹੈ,(ਭਾਵ, ਮਾਇਆ ਵਿੱਚ ਸੁੱਤਾ ਮਨ ਜਾਗ ਪੈਂਦਾ ਹੈ)।

ਮੰਨੈ ਸਗਲ ਭਵਣ ਕੀ ਸੁਧਿ।।

ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ।)

ਮੰਨੈ ਮੁਹਿ ਚੋਟਾ ਨਾ ਖਾਇ।।

ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਂਦਾ (ਭਾਵ, ਸੰਸਾਰਕ ਨਾਸ਼ਮਾਨਤਾ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ)।

ਮੰਨੈ ਜਮ ਕੈ ਸਾਥਿ ਨ ਜਾਇ।।

ਅਤੇ ਜਮਾਂ ਨਾਲ਼ ਉਸ ਨੂੰ ਵਾਹ ਨਹੀਂ ਪੈਂਦਾ (ਭਾਵ ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ)।

ਐਸਾ ਨਾਮੁ ਨਿਰੰਜਨੁ ਹੋਇ।।

ਅਕਾਲ ਪੁਰਖ ਦਾ ਨਾਮ,ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿੱਚ ਜੁੜਨ ਵਾਲ਼ਾ ਭੀ ਉੱਚੀ ਆਤਮਕ ਅਵਸਥਾ ਵਾਲ਼ਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ)।

ਜੇ ਕੋ ਮੰਨਿ ਜਾਣੈ ਮਨਿ ਕੋਇ।।੧੩।।

ਜੇ ਕੋਈ ਮਨੁੱਖ ਆਪਣੇ ਮਨ ਹਰਿ ਨਾਮ ਦੀ ਲਗਨ ਪੈਦਾ ਕਰ ਲਏ।।੧੩।।

ਮੰਨੈ ਮਾਰਗਿ ਠਾਕ ਨ ਪਾਇ।।

ਜੇ ਮਨੁੱਖ ਦਾ ਮਨ ਨਾਮ ਵਿੱਚ ਪਤੀਜ ਜਾਏ ਤਾਂ ਜ਼ਿੰਦਗੀ ਦੇ ਸਫ਼ਰ ਵਿੱਚ ਵਿਚਾਰ ਆਦਿਕ ਦੀ ਕੋਈ ਰੋਕ ਨਹੀਂ ਪੈਂਦੀ।

ਮੰਨੈ ਪਤਿ ਸਿਉ ਪਰਗਟੁ ਜਾਇ।।

ਉਹ (ਸੰਸਾਰ ਵਿੱਚ) ਸ਼ੋਭਾ ਖੱਟ ਕੇ ਇੱਜ਼ਤ ਨਾਲ਼ ਜਾਂਦਾ ਹੈ।

ਮੰਨੈ ਮਗੁ ਨ ਚਲੈ ਪੰਥੁ।।

ਉਹ ਫਿਰ (ਦੁਨੀਆਂ ਦੇ ਵੱਖੋ ਵੱਖਰੇ ਮਜ਼ਹਬਾਂ ਦੇ ਦੱਸੇ) ਰਸਤਿਆਂ ਤੇ ਨਹੀਂ ਤੁਰਦਾ (ਭਾਵ, ਉਸ ਦੇ ਅੰਦਰ ਇਹ ਵਿਖੇਪਤਾ ਨਹੀਂ ਰਹਿੰਦੀ ਕਿ ਇਹ ਰਸਤਾ ਚੰਗਾ ਹੈ ਇਹ ਰਸਤਾ ਮੰਦਾ ਹੈ)।

ਮੰਨੈ ਧਰਮ ਸੇਤੀ ਸਨਬੰਧੁ।।

ਉਸ ਮਨੁੱਖ ਦਾ ਧਰਮ ਨਾਲ਼ (ਸਿੱਧਾ) ਜੋੜ ਬਣ ਜਾਂਦਾ ਹੈ।

ਐਸਾ ਨਾਮੁ ਨਿਰੰਜਨੁ ਹੋਇ।।

ਅਕਾਲ ਪੁਰਖ ਦਾ ਨਾਮ ਜੋ ਮਾਇਆ ਦੇ ਪ੍ਰਭਾਵ ਤੋਂ ਪਰ੍ਹੇ ਹੈ, ਏਡਾ (ਉੱਚਾ) ਹੈ,(ਕਿ ਇਸ ਵਿੱਚ ਜੁੜਨ ਵਾਲ਼ਾ ਭੀ ਉੱਚੀ ਆਤਮਕ ਅਵਸਥਾ ਵਾਲ਼ਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ।

ਜੇ ਕੋ ਮੰਨਿ ਜਾਣੈ ਮਨਿ ਕੋਇ।।੧੪।।

ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ ਨਾਮ ਦੀ ਲਗਨ ਪੈਦਾ ਕਰ ਲਏ।।੧੪।।

ਮੰਨੈ ਪਾਵਹਿ ਮੋਖੁ ਦੁਆਰੁ ।।

ਜੇ ਮਨ ਵਿੱਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ (ਮਨੁੱਖ) 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ।

ਮੰਨੈ ਪਰਵਾਰੈ ਸਾਧਾਰੁ।।

(ਇਹੋ ਜਿਹਾ ਮਨੁੱਖ) ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ।

ਮੰਨੈ ਤਰੈ ਤਾਰੇ ਗੁਰੁ ਸਿਖ।।

ਨਾਮ ਵਿੱਚ ਮਨ ਪਤੀਜਣ ਕਰਕੇ ਹੀ,ਸਤਿਗੁਰੂ (ਭੀ ਆਪ ਸੰਸਾਰ ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ।

ਮੰਨੈ ਨਾਨਕ ਭਵਹਿ ਨ ਭਿਖ।।

ਨਾਮ ਵਿੱਚ ਮਨ ਜੁੜਨ ਕਰਕੇ, ਹੇ ਨਾਨਕ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ।

ਐਸਾ ਨਾਮੁ ਨਿਰੰਜਨੁ ਹੋਇ।।

ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਏਡਾ ( ਉੱਚਾ) ਹੈ (ਕਿ ਇਸ ਵਿੱਚ ਜੁੜਨ ਵਾਲ਼ਾ ਭੀ ਉੱਚੇ ਜੀਵਨ ਵਾਲ਼ਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ)।

ਜੇ ਕੋ ਮੰਨਿ ਜਾਣੈ ਮਨਿ ਕੋਇ।।੧੫।।

ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ ਨਾਮ ਦੀ ਲਗਨ ਪੈਦਾ ਕਰੇ।।੧੫।।

ਪੰਚ ਪਰਵਾਣ ਪੰਚ ਪਰਧਾਨੁ।।

ਜਿਨ੍ਹਾਂ ਮਨੁੱਖਾਂ ਦੀ ਸੁਰਤ ਨਾਮ ਵਿੱਚ ਜੁੜੀ ਰਹਿੰਦੀ ਹੈ ਤੇ ਜਿਨ੍ਹਾਂ ਦੇ ਅੰਦਰ ਪ੍ਰਭੂ ਵਾਸਤੇ ਲਗਨ ਬਣ ਜਾਂਦੀ ਹੈ ਉਹੀ ਮਨੁੱਖ (ਇੱਥੇ ਜਗਤ ਵਿਚ) ਮੰਨੇ ਪ੍ਰਮੰਨੇ ਰਹਿੰਦੇ ਹਨ ਅਤੇ ਸਭ ਦੇ ਆਗੂ ਹੁੰਦੇ ਹਨ।

ਪੰਚੇ ਪਾਵਹਿ ਦਰਗਹਿ ਮਾਨੁ।।

ਅਕਾਲ ਪੁਰਖ ਦੀ ਦਰਗਾਹ ਵਿੱਚ ਭੀ ਉਹ ਪੰਚ ਜਨ ਹੀ ਆਦਰ ਪਾਂਦੇ ਹਨ।

ਪੰਚੇ ਸੋਹਹਿ ਦਰਿ ਰਾਜਾਨੁ।।

ਰਾਜ ਦਰਬਾਰਾਂ ਵਿੱਚ ਭੀ ਉਹ ਪੰਚ ਜਨ ਹੀ ਸੋਭਦੇ ਹਨ।

ਪੰਚਾ ਕਾ ਗੁਰੁ ਏਕੁ ਧਿਆਨੁ।।

ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇੱਕ ਗੁਰੂ ਹੀ ਹੈ (ਭਾਵ, ਇਹਨਾਂ ਦੀ ਸੁਰਤ ਗੁਰ ਸ਼ਬਦ ਵਿਚ ਹੀ ਰਹਿੰਦੀ ਹੈ, ਗੁਰ ਸ਼ਬਦ ਵਿਚ ਜੁੜੇ ਰਹਿਣਾ ਹੀ ਇਹਨਾਂ ਦਾ ਅਸਲ ਨਿਸ਼ਾਨਾ ਹੈ)।

ਜੇ ਕੋ ਕਹੈ ਕਰੈ ਵੀਚਾਰੁ।।

ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ।

ਕਰਤੇ ਕੈ ਕਰਣੈ ਨਾਹੀ ਸੁਮਾਰੁ।।

ਅਕਾਲ ਪੁਰਖ ਦੀ ਕੁਦਰਤ ਦਾ ਕੋਈ ਲੇਖਾ ਹੀ ਨਹੀਂ (ਭਾਵ, ਅੰਤ ਨਹੀਂ ਪੈ ਸਕਦਾ)।

ਧੌਲੁ ਧਰਮੁ ਦਇਆ ਕਾ ਪੂਤੁ।।

(ਅਕਾਲ ਪੁਰਖ ਦਾ) ਧਰਮ ਰੂਪੀ ਬੱਝਵਾਂ ਨਿਯਮ ਹੀ ਬਲਦ ਹੈ (ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ)।(ਇਹ ਧਰਮ) ਦਇਆ ਦਾ ਪੁੱਤਰ ਹੈ (ਭਾਵ,ਅਕਾਲ ਪੁਰਖ ਨੇ ਆਪਣੀ ਮਿਹਰ ਕਰਕੇ ਸ੍ਰਿਸ਼ਟੀ ਨੂੰ ਟਿਕਾ ਰੱਖਣ ਲਈ ' ਧਰਮ ' ਰੂਪ ਨਿਯਮ ਬਣਾ ਦਿੱਤਾ ਹੈ)।

ਸੰਤੋਖੁ ਥਾਪਿ ਰਖਿਆ ਜਿਨਿ ਸੂਤਿ।।

ਇਸ ਧਰਮ ਨੇ ਆਪਣੀ ਮਰਿਆਦਾ ਅਨੁਸਾਰ ਸੰਤੋਖ ਨੂੰ ਜਨਮ ਦੇ ਦਿੱਤਾ ਹੈ।

ਜੇ ਕੋ ਬੁਝੈ ਹੋਵੈ ਸਚਿਆਰੁ।।

ਜੇ ਕੋਈ ਮਨੁੱਖ (ਇਸ ਉਪਰ ਦੱਸੀ ਵਿਚਾਰ ਨੂੰ) ਸਮਝ ਲਏ, ਤਾਂ ਉਹ ਇਸ ਯੋਗ ਹੋ ਜਾਂਦਾ ਹੈ ਕਿ ਉਸ ਦੇ ਅੰਦਰ ਅਕਾਲ ਪੁਰਖ ਦਾ ਪ੍ਰਕਾਸ਼ ਹੋ ਜਾਂਦਾ ਹੈ।

ਧਵਲੈ ਉਪਰਿ ਕੇਤਾ ਭਾਰੁ।।

(ਨਹੀਂ ਤਾਂ, ਖਿਆਲ ਤਾਂ ਕਰੋ ਕਿ) ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ (ਉਹ ਵਿਚਾਰਾ ਇਤਨੇ ਭਾਰ ਨੂੰ ਚੁੱਕ ਕਿਵੇਂ ਸਕਦਾ ਹੈ?)

ਧਰਤੀ ਹੋਰੁ ਪਰੈ ਹੋਰੁ ਹੋਰੁ।।

(ਦੂਜੀ ਵਿਚਾਰ ਹੋਰ ਹੈ ਕਿ ਜੇ ਧਰਤੀ ਦੇ ਹੇਠ ਬਲਦ ਹੈ, ਉਸ ਬਲਦ ਨੂੰ ਸਹਾਰਾ ਦੇਣ ਲਈ ਹੇਠ ਹੋਰ ਧਰਤੀ ਹੋਈ, ਉਸ) ਧਰਤੀ ਦੇ ਹੇਠਾਂ ਹੋਰ ਬਲਦ, ਉਸ ਤੋਂ ਹੇਠਾਂ (ਧਰਤੀ ਦੇ ਹੇਠ) ਹੋਰ ਬਲਦ, ਫੇਰ ਹੋਰ ਬਲਦ।

ਤਿਸ ਤੇ ਭਾਰੁ ਤਲੈ ਕਵਣੁ ਜੋਰੁ।।

(ਇਸ ਤਰ੍ਹਾਂ ਅਖੀਰਲੇ) ਬਲਦ ਤੋਂ ਭਾਰ (ਸਹਾਰਨ ਲਈ ਉਸ ਦੇ) ਹੇਠ ਕਿਹੜਾ ਆਸਰਾ ਹੋਵੇਗਾ।

ਜੀਅ ਜਾਤਿ ਰੰਗਾ ਕੇ ਨਾਵ।।

(ਸ੍ਰਿਸ਼ਟੀ ਵਿੱਚ) ਕਈ ਜਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ।

ਸਭਨਾ ਲਿਖਿਆ ਵੁੜੀ ਕਲਾਮ।।

ਇਹਨਾਂ ਸਭਨਾਂ ਨੇ ਇੱਕ ਤਾਰ ਚਲਦੀ ਕਲਮ ਨਾਲ਼ (ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਲਿਖਿਆ ਹੈ।

ਇਹੁ ਲੇਖਾ ਲਿਖਿ ਜਾਣੈ ਕੋਇ।।

(ਪਰ) ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ (ਭਾਵ, ਪਰਮਾਤਮਾ ਦੀ ਕੁਦਰਤ ਦਾ ਅੰਤ ਕੋਈ ਭੀ ਜੀਵ ਪਾ ਨਹੀਂ ਸਕਦਾ।

ਲੇਖਾ ਲਿਖਿਆ ਕੇਤਾ ਹੋਇ।।

(ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ।

ਕੇਤਾ ਤਾਣੁ ਸੁਆਲਿਹੁ ਰੂਪੁ।।

ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ।

ਕੇਤੀ ਦਾਤਿ ਜਾਣੈ ਕੌਣੁ ਕੂਤੁ।।

ਬੇਅੰਤ ਉਸ ਦੀ ਦਾਤ ਹੈ। ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ?

ਕੀਤਾ ਪਸਾਉ ਏਕੋ ਕਵਾਉ।।

(ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ਼ ਸਾਰਾ ਸੰਸਾਰ ਬਣਾ ਦਿੱਤਾ।

ਤਿਸ ਤੇ ਹੋਏ ਲਖ ਦਰੀਆਉ।।

ਉਸ ਹੁਕਮ ਨਾਲ਼ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ।

ਕੁਦਰਤਿ ਕਵਣ ਕਹਾ ਵੀਚਾਰੁ।।

(ਸੋ) ਮੇਰੀ ਕੀ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ?।

ਵਾਰਿਆ ਨ ਜਾਵਾ ਏਕ ਵਾਰ।।

(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇੱਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ।)

ਜੋ ਤੁਧੁ ਭਾਵੈ ਸਾਈ ਭਲੀ ਕਾਰ।।

ਜੋ ਤੈਨੂੰ ਚੰਗਾ ਲਗਦਾ ਹੈ, ਉਹ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿੱਚ ਰਹਿਣਾ ਹੀ ਠੀਕ ਹੈ)।

ਤੂ ਸਦਾ ਸਲਾਮਤਿ ਨਿਰੰਕਾਰ।।੧੬।।

ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ ।।੧੬।।

ਅਸੰਖ ਜਪ ਅਸੰਖ ਭਾਉ।।

(ਅਕਾਲ ਪੁਰਖ ਦੀ ਰਚਨਾ ਵਿੱਚ) ਅਨਗਿਣਤ ਜੀਵ ਜਪ ਕਰਦੇ ਹਨ, ਬੇਅੰਤ ਜੀਵ (ਹੋਰਨਾਂ ਨਾਲ਼) ਪਿਆਰ (ਦਾ ਵਰਤਾਉ) ਕਰ ਰਹੇ ਹਨ।

ਅਸੰਖ ਪੂਜਾ ਅਸੰਖ ਤਪ ਤਾਉ।।

ਕਈ ਜੀਵ ਪੂਜਾ ਕਰ ਰਹੇ ਹਨ ਅਤੇ ਅਨਗਿਣਤ ਹੀ ਜੀਵ  ਤਪ ਸਾਧ ਰਹੇ ਹਨ।

ਅਸੰਖ ਗਰੰਥ ਮੁਖਿ ਵੇਦ ਪਾਠ।।

ਬੇਅੰਤ ਜੀਵ ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ ਮੂੰਹ ਨਾਲ ਕਰ ਰਹੇ ਹਨ।

ਅਸੰਖ ਜੋਗ ਮਨਿ ਰਹਹਿ ਉਦਾਸ।।

ਜੋਗ ਦੇ ਸਾਧਨ ਕਰਨ ਵਾਲ਼ੇ ਬੇਅੰਤ ਮਨੁੱਖ ਆਪਣੇ ਮਨ ਵਿਚ (ਮਾਇਆ ਵਲੋਂ) ਉਪਰਾਮ ਰਹਿੰਦੇ ਹਨ।


Next page: Guru granth sahib in punjabi ang 4

























































No comments

Powered by Blogger.