8

Sri guru granth sahib ji in Punjabi - ang 14

 Sri guru granth sahib ji in Punjabi ang 14

sri guru granth sahib ji in Punjabi

ੴ ਸਤਿਗੁਰ ਪ੍ਰਸਾਦਿ।।

ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧।।

ਰਾਗ ਸਿਰੀਰਾਗੁ, ਘਰ ੧ ਵਿੱਚ ਗੁਰੂ ਨਾਨਕ ਜੀ ਦੀ ਬਾਣੀ।

ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ।।

ਜੇ (ਮੇਰੇ ਵਾਸਤੇ) ਮੋਤੀਆਂ ਦੇ ਮਹਿਲ ਮਾੜੀਆਂ ਉਸਰ ਪੈਣ, ਜੇ (ਉਹ ਮਹਿਲ ਮਾੜੀਆਂ) ਰਤਨਾਂ ਨਾਲ ਜੜਾਊ ਹੋ ਜਾਣ,

ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ।।

ਜੇ (ਉਹਨਾਂ ਮਹਲ ਮਾੜੀਆਂ ਨੂੰ) ਕਸਤੂਰੀ ਕੇਸਰ ਊਦ ਤੇ ਚੰਦਨ ਨਾਲ ਲਿਪਾਈ ਕਰਕੇ (ਮੇਰੇ ਅੰਦਰ) ਚਾਉ ਚੜ੍ਹੇ,

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ।।੧।।

(ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖਤਰਾ ਹੈ ਕਿ ਇਹਨਾਂ ਮਹਲ ਮਾੜੀਆਂ) ਨੂੰ ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿੱਚ ਟਿਕੇ ਹੀ ਨਾਹ।।੧।। 

ਹਰਿ ਬਿਨੁ ਜੀਉ ਜਲਿ ਬਲਿ ਜਾਉ।।

ਪ੍ਰਭੂ ਤੋਂ ਵਿੱਛੁੜ ਕੇ ਜਿੰਦ ਸੜ ਬਲ ਜਾਂਦੀ ਹੈ।

ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ।।੧।। ਰਹਾਉ।।

ਮੈਂ ਆਪਣੇ ਗੁਰੂ ਨੂੰ ਪੁੱਛ ਕੇ ਵੇਖ ਲਿਆ ਹੈ (ਤੇ ਮੈਨੂੰ ਯਕੀਨ ਭੀ ਆ ਗਿਆ ਹੈ ਕਿ ਪ੍ਰਭੂ ਦੀ ਯਾਦ ਤੋਂ ਬਿਨਾਂ) ਹੋਰ ਕੋਈ ਥਾਂ ਨਹੀਂ ਹੈ (ਜਿੱਥੇ ਉਹ ਸਾੜ ਮੁੱਕ ਸਕੇ) ।।੧।।ਰਹਾਉ।।

ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ।।

ਜੇ (ਮੇਰੇ ਰਹਣ ਵਾਸਤੇ) ਧਰਤੀ ਹੀਰੇ ਲਾਲਾਂ ਨਾਲ ਜੜੀ ਜਾਏ, ਜੇ (ਮੇਰੇ ਸੌਣ ਵਾਲੇ) ਪਲੰਘ ਉੱਤੇ ਲਾਲ ਜੜੇ ਜਾਣ,

ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ।।

ਜੇ (ਮੇਰੇ ਸਾਹਮਣੇ) ਉਹ ਸੁੰਦਰ ਇਸਤ੍ਰੀ ਹਾਵ ਭਾਵ ਕਰੇ ਜਿਸ ਦੇ ਮੱਥੇ ਉੱਤੇ ਮਣੀ ਸੋਭ ਰਹੀ ਹੋਵੇ,

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ।।੨।।

(ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖਤਰਾ ਹੈ ਕਿ ਅਜਿਹੇ ਸੁੰਦਰ ਥਾਂ ਤੇ ਅਜਿਹੀ ਸੁੰਦਰੀ ਨੂੰ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿੱਚ ਟਿਕੇ ਹੀ ਨਾਹ।।੨।।

ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ।।

ਜੇ ਮੈਂ ਪੁੱਗਾ ਹੋਇਆ ਜੋਗੀ ਬਣ ਜਾਵਾਂ, ਜੇ ਮੈਂ ਜੋਗ ਸਮਾਧੀ ਦੀਆਂ ਕਾਮਯਾਬੀਆਂ ਹਾਸਲ ਕਰ ਲਵਾਂ, ਜੇ ਮੈਂ ਜੋਗ ਤੋਂ ਪ੍ਰਾਪਤ ਹੋ ਸਕਣ ਵਾਲੀਆਂ ਬਰਕਤਾਂ ਨੂੰ ਵਾਜ ਮਾਰਾਂ ਤੇ ਉਹ (ਮੇਰੇ ਪਾਸ) ਆ ਜਾਣ,

ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ।।

ਜੇ (ਜੋਗ ਦੀ ਤਾਕਤ ਨਾਲ) ਮੈਂ ਕਦੇ ਲੁਕ ਸਕਾਂ ਤੇ ਕਦੇ ਪਰਤੱਖ ਹੋ ਕੇ ਬੈਠ ਜਾਵਾਂ, ਜੇ (ਸਾਰਾ) ਜਗਤ ਮੇਰਾ ਆਦਰ ਕਰੇ,

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ।।੩।।

(ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖਤਰਾ ਹੈ ਕਿ ਇਹਨਾਂ ਰਿੱਧੀਆਂ ਸਿੱਧੀਆਂ ਨੂੰ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!)  ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿੱਚ ਟਿਕੇ ਹੀ ਨਾਹ।।੩।।

ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ।।

ਜੇ ਮੈਂ ਫੌਜਾਂ ਇਕੱਠੀਆਂ ਕਰਕੇ ਬਾਦਸ਼ਾਹ ਬਣ ਜਾਵਾਂ ਅਤੇ ਤਖਤ ਉੱਤੇ ਪੈਰ ਰੱਖਾਂ (ਦੁਨੀਆਂ ਦਾ ਹਕੂਮਤ ਪ੍ਰਾਪਤ ਕਰ ਲਵਾਂ),

ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ।।

ਜੇ ਮੈਂ (ਤਖ਼ਤ ਉੱਤੇ) ਬੈਠਾ (ਬਾਦਸ਼ਾਹੀ ਦਾ) ਹੁਕਮ ਚਲਾ ਸਕਾਂ, ਤਾਂ ਭੀ, ਹੇ ਨਾਨਕ! (ਇਹ) ਸਭ ਕੁਝ ਵਿਅਰਥ ਹੈ।

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ।।੪।।੧।।

(ਮੈਨੂੰ ਖ਼ਤਰਾ ਹੈ ਕਿ ਇਹ ਰਾਜ ਭਾਗ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿੱਚ ਟਿਕੇ ਹੀ ਨਾਹ।।੪।।੧।।

ਸਿਰੀਰਾਗੁ ਮਹਲਾ ੧।।

ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ।।

ਜੇ ਮੇਰੀ ਉਮਰ ਕ੍ਰੋੜਾਂ ਹੀ ਸਾਲ ਹੋ ਜਾਏ, ਜੇ ਹਵਾ ਮੇਰਾ ਖਾਣਾ ਪੀਣਾ ਹੋਵੇ (ਜੇ ਮੈਂ ਹਵਾ ਦੇ ਆਸਰੇ ਹੀ ਜੀਊ ਸਕਾਂ),

ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ।।

ਜੇ (ਕਿਸੇ) ਗੁਫਾ ਵਿੱਚ (ਬੈਠਾ ਰਹਿ ਕੇ) ਚੰਦ ਅਤੇ ਸੂਰਜ ਦੋਹਾਂ ਨੂੰ ਕਦੇ ਨਾ ਵੇਖਾਂ (ਭਾਵ, ਕਿ ਦਿਨ ਰਾਤ ਮੈਂ ਗੁਫਾ ਵਿੱਚ ਬੈਠ ਕੇ ਸਮਾਧੀ ਲਾਈ ਰੱਖਾਂ), ਜੇ ਸੁਫਨੇ ਵਿੱਚ ਭੀ ਸੌਣ ਦੀ ਥਾਂ ਨ ਮਿਲੇ (ਜੇ ਕਦੇ ਭੀ ਨਾਹ ਸੌਂ ਸਕਾਂ)

ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ।।੧।।

ਤਾਂ ਭੀ (ਹੇ ਪ੍ਰਭੂ! ਇਤਨੀਆਂ ਲੰਮੀਆਂ ਸਮਾਧੀਆਂ ਲਾ ਕੇ ਭੀ) ਮੈਥੋਂ ਤੇਰਾ ਮੁੱਲ ਨਹੀਂ ਪੈ ਸਕਦਾ (ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਲੱਭ ਨਹੀਂ ਸਕਦਾ), ਮੈਂ ਤੇਰੀ ਕਿਤਨੀ ਕੁ ਵਡਿਆਈ ਦੱਸਾਂ? (ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ)।।੧।।

ਸਾਚਾ ਨਿਰੰਕਾਰੁ ਨਿਜ ਥਾਇ।।

ਸਦਾ ਕਾਇਮ ਰਹਿਣ ਵਾਲਾ ਨਿਰ - ਆਕਾਰ ਪਰਮਾਤਮਾ ਆਪਣੇ ਆਪ ਵਿੱਚ ਟਿਕਿਆ ਹੋਇਆ ਹੈ (ਉਸ ਨੂੰ ਕਿਸੇ ਹੋਰ ਦੀ ਆਸਰੇ ਦੀ ਮੁਥਾਜੀ ਨਹੀਂ ਹੈ) 

ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ।।੧।। ਰਹਾਉ।।

ਅਸੀਂ ਜੀਵ ਇੱਕ ਦੂਜੇ ਤੋਂ ਸੁਣ ਸੁਣ ਕੇ ਹੀ (ਉਸ ਦੀ ਬਜ਼ੁਰਗੀ ਦਾ) ਬਿਆਨ ਕਰ ਦੇਂਦੇ ਹਾਂ। (ਪਰ ਇਹ ਕੋਈ ਨਹੀਂ ਦੱਸ ਸਕਦਾ ਕਿ ਉਹ ਕਿਤਨਾ ਕੁ ਵੱਡਾ ਹੈ)। ਜੇ ਪ੍ਰਭੂ ਨੂੰ ਚੰਗਾ ਲੱਗੇ ਤਾਂ (ਜੀਵ ਦੇ ਅੰਦਰ ਆਪਣੀ ਸਿਫਤ ਸਲਾਹ ਦੀ) ਤਾਂਘ ਪੈਦਾ ਕਰ ਦੇਂਦਾ ਹੈ।।੧।।ਰਹਾਉ।।

ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ।।

ਜੇ (ਤਪਾਂ ਦੇ ਕਸ਼ਟ ਦੇ ਦੇ ਕੇ ਆਪਣੇ ਸਰੀਰ ਨੂੰ) ਮੈਂ ਕੂਹ ਸੁੱਟਾਂ, ਮੁੜ ਮੁੜ ਰਤਾ ਰਤਾ ਕਟਾ ਦਿਆਂ, ਚੱਕੀ ਵਿੱਚ ਪਾ ਕੇ ਪੀਹ ਦਿਆਂ,

ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ।।

ਅੱਗ ਨਾਲ ਸਾੜ ਸੁੱਟਾਂ, ਤੇ (ਆਪਣੇ ਆਪ ਨੂੰ) ਸੁਆਹ ਨਾਲ ਰਲਾ ਦਿਆਂ।

ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ।।੨।।

(ਇਤਨੇ ਤਪ ਸਾਧ ਕੇ ਭੀ, ਹੇ ਪ੍ਰਭੂ!)  ਤੇਰੇ ਬਰਾਬਰ ਦਾ ਹੋਰ ਕਿਸੇ ਨੂੰ ਲੱਭ ਨਹੀਂ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ।।੨।।

ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ।।

ਜੇ ਮੈਂ ਪੰਛੀ ਬਣ ਕੇ ਉੱਡ ਸਕਾਂ ਤੇ ਸੈਂਕੜੇ ਅਸਮਾਨਾਂ ਤੱਕ ਪਹੁੰਚ ਸਕਾਂ।

ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ।।

ਜੇ (ਉੱਡ ਕੇ ਇਤਨਾ ਉੱਚਾ ਚਲਾ ਜਾਵਾਂ ਕਿ) ਮੈਂ ਕਿਸੇ ਨੂੰ ਦਿੱਸ ਨਾ ਸਕਾਂ, ਖਾਵਾਂ ਪੀਵਾਂ ਭੀ ਕੁਝ ਨਾ।

ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ।।੩।।

(ਇਤਨੀ ਪਹੁੰਚ ਰੱਖਦਾ ਹੋਇਆ) ਭੀ (ਹੇ ਪ੍ਰਭੂ!) ਮੈਂ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਲੱਭ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ।।੩।।





No comments

Powered by Blogger.