Guru granth sahib translation in punjabi - ang 22
sri guru granth sahib ji in punjabi - ang 22
ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ।।
ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਲ ਪਾ ਕੇ (ਹਿਰਦੇ ਵਿੱਚ) ਧੁਖਦੀਆਂ ਚੋਹਾਂ ਅੱਗਾਂ ਨੂੰ ਬੁਝਾ ਦੇ (ਤੇ ਤ੍ਰਿਸ਼ਨਾ ਵਾਲੇ ਪਾਸੇ ਤੋਂ) ਮਰ ਜਾ।
ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ।।
(ਇਸ ਤਰ੍ਹਾਂ) ਤੇਰੇ ਅੰਦਰ (ਹਿਰਦਾ-) ਕੋਲ ਖਿੜ ਪਏਗਾ, (ਤੇਰੇ ਹਿਰਦੇ ਵਿੱਚ) ਆਤਮਕ ਜੀਵਨ ਦੇਣ ਵਾਲਾ ਨਾਮ ਜਲ ਭਰ ਜਾਏਗਾ।
ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ।।੪।।੨੦।।
ਹੇ ਨਾਨਕ! ਗੁਰੂ ਨੂੰ ਮਿੱਤਰ ਬਣਾ, ਯਕੀਨੀ ਤੌਰ ਤੇ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰ ਲਏਂਗਾ।।੪।।੨੦।।
ਸਿਰੀਰਾਗੁ ਮਹਲਾ ੧।।
ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ।।
ਹੇ ਪਿਆਰੇ! ਹਰਿ - ਨਾਮ ਜਪੋ, ਗੁਰੂ ਦੀ ਮੱਤ ਉੱਤੇ ਤੁਰ ਕੇ ਹਰੀ ਦਾ ਸਿਮਰਨ ਕਰੋ।
ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ।।
ਜਦੋਂ ਮਨ ਸਿਮਰਨ ਦੀ ਕਸਵੱਟੀ ਉੱਤੇ ਲਾਇਆ ਜਾਂਦਾ ਹੈ (ਤਦੋਂ ਸਿਮਰਨ ਦੀ ਬਰਕਤਿ ਨਾਲ) ਇਹ ਤੋਲ ਵਿੱਚ ਪੂਰਾ ਉਤਰਦਾ ਹੈ।
ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ।।੧।।
ਤਦੋਂ ਹਿਰਦਾ ਮਾਣਕ ਮੁੱਲੋਂ ਅਮੁੱਲ ਹੋ ਜਾਂਦਾ ਹੈ, ਕੋਈ ਇਸ ਦਾ ਮੁੱਲ ਨਹੀਂ ਪਾ ਸਕਦਾ।।੧।।
ਭਾਈ ਰੇ ਹਰਿ ਹੀਰਾ ਗੁਰ ਮਾਹਿ।।
ਹੇ ਭਾਈ! ਇਹ ਕੀਮਤੀ ਹਰਿ ਨਾਮ ਗੁਰੂ ਦੇ ਕੋਲ ਹੈ।
ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ।।੧।। ਰਹਾਉ।।
ਗੁਰੂ ਸਾਧ ਸੰਗਤ ਵਿੱਚ ਮਿਲਦਾ ਹੈ। (ਸੋ, ਸਾਧ ਸੰਗਤ ਵਿੱਚ ਜਾ ਕੇ) ਗੁਰੂ ਦੇ ਸ਼ਬਦ ਵਿੱਚ ਜੁੜ ਕੇ ਦਿਨ ਰਾਤ ਪਰਮਾਤਮਾ ਦੀ ਸਿਫਤ ਸਾਲਾਹ ਕਰ।।੧।। ਰਹਾਉ।।
ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ।।
ਕਾਇਮ ਰਹਿਣ ਵਾਲਾ ਸੌਦਾ ਧਨ ਸਰਮਾਇਆ ਇਕੱਠਾ ਕਰ। ਇਹ ਧਨ ਗੁਰੂ ਦੇ ਬਖਸ਼ੇ ਆਤਮਕ ਚਾਨਣ ਨਾਲ ਲੱਭਦਾ ਹੈ।
ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ।।
ਜਿਵੇਂ ਪਾਣੀ ਪਾਇਆਂ ਅੱਗ ਬੁੱਝ ਜਾਂਦੀ ਹੈ, ਤਿਵੇਂ ਪ੍ਰਭੂ ਦੇ ਦਾਸਾਂ ਦਾ ਦਾਸ ਬਣਿਆਂ ਤ੍ਰਿਸ਼ਨਾ (- ਅੱਗ) ਬੁੱਝ ਜਾਂਦੀ ਹੈ।
ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ।।੨।।
(ਜਿਹੜਾ ਬੰਦਾ ਨਾਮ ਧਨ ਇਕੱਠਾ ਕਰਦਾ ਹੈ) ਉਸਨੂੰ ਡਰਾਉਣਾ ਜਮਰਾਜ ਪੋਹ ਨਹੀਂ ਸਕਦਾ। ਇਸ ਤਰ੍ਹਾਂ ਉਹ ਮਨੁੱਖ ਸੰਸਾਰ ਸਮੁੰਦਰ ਤੋਂ ਸਹੀ ਸਲਾਮਤ ਪਾਰ ਲੰਘ ਜਾਂਦਾ ਹੈ।।੨।।
ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ।।
ਗੁਰੂ ਦੇ ਰਾਹੇ ਤੁਰਨ ਵਾਲੇ ਬੰਦਿਆਂ ਨੂੰ ਝੂਠਾ ਪਦਾਰਥ ਪਸੰਦ ਨਹੀਂ ਆਉਂਦਾ (ਭਾਵ, ਉਹ ਦੁਨਿਆਵੀ ਪਦਾਰਥਾਂ ਵਿੱਚ ਚਿੱਤ ਨਹੀਂ ਜੋੜਦੇ) ਉਹ ਸੱਚੇ ਪ੍ਰਭੂ ਵਿਚ ਰੰਗੇ ਰਹਿੰਦੇ ਹਨ, ਉਹ ਸਦਾ ਥਿਰ ਪ੍ਰਭੂ ਦੇ ਪਿਆਰ ਵਿੱਚ ਜੁੜੇ ਰਹਿੰਦੇ ਹਨ।
ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ।।
(ਪਰ) ਮਾਇਆ-ਵੇੜ੍ਹੇ ਬੰਦੇ ਨੂੰ ਪ੍ਰਭੂ ਦਾ ਨਾਮ ਚੰਗਾ ਨਹੀਂ ਲੱਗਦਾ। ਕੂੜ ਵਿੱਚ ਫਸੇ ਹੋਏ ਦੀ ਇੱਜ਼ਤ ਭੀ ਝੂਠੀ ਹੀ ਹੁੰਦੀ ਹੈ (ਇੱਜ਼ਤ ਭੀ ਚਾਰ ਦਿਨਾਂ ਦੀ ਹੀ ਹੁੰਦੀ ਹੈ)।
ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ।।੩।।
(ਪਰ ਇਹ ਆਪਣੇ ਵੱਸ ਦੀ ਖੇਡ ਨਹੀਂ) ਜਿਨ੍ਹਾਂ ਨੂੰ ਗੁਰੂ (ਪ੍ਰਭੂ ਚਰਨਾਂ ਵਿੱਚ) ਮਿਲਾ ਲਏ ਉਹ ਪ੍ਰਭੂ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦੀ ਲੀਨਤਾ ਸਦਾ ਪ੍ਰਭੂ ਯਾਦ ਵਿੱਚ ਹੀ ਰਹਿੰਦੀ ਹੈ।।੩।।
ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ।।
ਪ੍ਰਭੂ ਦਾ ਨਾਮ (ਜੋ, ਮਾਨੋ) ਮਾਣਕ ਹੈ, ਲਾਲ ਹੈ, ਰਤਨ ਹੈ, ਹੀਰਾ ਹੈ, ਹਰੇਕ ਮਨੁੱਖ ਦੇ ਅੰਦਰ ਵਸਦਾ ਹੈ।
ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ।।
ਅਥਾਹ ਪ੍ਰਭੂ ਹਰੇਕ ਸਰੀਰ ਵਿੱਚ ਮੌਜੂਦ ਹੈ। ਉਸ ਦਾ ਨਾਮ ਹੀ ਸਦਾ ਥਿਰ ਰਹਿਣ ਵਾਲਾ ਸੌਦਾ ਹੈ ਧਨ ਹੈ।
ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ।।੪।।੨੧।।
(ਪਰ) ਹੇ ਨਾਨਕ! ਜਿਸ ਮਨੁੱਖ ਉੱਤੇ ਹੀਰਾ ਪ੍ਰਭੂ ਮਿਹਰ ਕਰਦਾ ਹੈ ਉਸਨੂੰ ਉਸਦਾ ਨਾਮ ਗੁਰੂ ਦੀ ਰਾਹੀਂ ਮਿਲਦਾ ਹੈ।।੪।।੨੧।।
ਸਿਰੀਰਾਗੁ ਮਹਲਾ ੧।।
ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ।।
(ਗੁਰੂ ਦੀ ਸ਼ਰਨ ਛੱਡ ਕੇ) ਜੇ ਮਨੁੱਖ (ਸੰਨਿਆਸ ਭੇਖ ਧਾਰ ਕੇ) ਦੇਸ ਦੇਸ ਵਿੱਚ ਭੌਂਦਾ ਫਿਰੇ, (ਥਾਂ-ਥਾਂ) ਭੌਣ ਨਾਲ (ਤ੍ਰਿਸ਼ਨਾ ਦੀ) ਅੱਗ ਬੁੱਝ ਨਹੀਂ ਸਕਦੀ।
ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ।।
ਅੰਦਰੋਂ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ, ਅਜਿਹਾ ਜੀਵਨ ਫਿਟਕਾਰ ਜੋਗ ਹੀ ਰਹਿੰਦਾ ਹੈ, ਅਜਿਹਾ ਭੇਖ ਫਿਟਕਾਰ ਹੀ ਖਾਂਦਾ ਹੈ।
ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ।।੧।।
(ਇਹ ਗੱਲ ਪੱਕ ਜਾਣ ਕਿ) ਸਤਿਗੁਰੂ ਦੀ ਸਿੱਖਿਆ ਗ੍ਰਹਿਣ ਕਰਨ ਤੋਂ ਬਿਨਾ ਹੋਰ ਕਿਸੇ ਥਾਂ ਭੀ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ (ਤੇ ਭਗਤੀ ਤੋਂ ਬਿਨਾ ਤ੍ਰਿਸ਼ਨਾ ਨਹੀਂ ਮੁੱਕਦੀ)।।੧।।
ਮਨ ਰੇ ਗੁਰਮੁਖਿ ਅਗਨਿ ਨਿਵਾਰਿ।।
ਹੇ ਮਨ! ਗੁਰੂ ਦੀ ਸਰਨ ਪੈ ਕੇ (ਤ੍ਰਿਸ਼ਨਾ ਦੀ) ਅੱਗ ਦੂਰ ਕਰ ਸਕੀਦੀ ਹੈ।
ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ।।੧।। ਰਹਾਉ।।
ਜਦੋਂ ਗੁਰੂ ਦਾ ਦੱਸਿਆ ਹੋਇਆ ਉਪਦੇਸ਼ ਮਨ ਵਿੱਚ ਟਿਕ ਜਾਏ, ਤਾਂ ਮੈਂ ਵੱਡਾ ਹੋ ਜਾਵਾਂ, ਮੈਂ ਵੱਡਾ ਹੋ ਜਾਵਾਂ, ਇਹ ਲਾਲਚ ਮੁਕਾ ਲਈਦਾ ਹੈ।।੧।। ਰਹਾਉ ।।
ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ।।
ਪਰਮਾਤਮਾ ਦੇ ਨਾਮ ਵਿੱਚ ਜੁੜ ਕੇ ਇਹ ਮਨ ਵਡ-ਮੁੱਲਾ ਮੋਤੀ ਬਣ ਜਾਂਦਾ ਹੈ, (ਹਰ ਥਾਂ) ਇੱਜ਼ਤ ਪਾਂਦਾ ਹੈ।
ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ।।
(ਪਰ) ਪਰਮਾਤਮਾ ਦਾ ਨਾਮ ਸਾਧ ਸੰਗਤ ਵਿੱਚ ਮਿਲ ਕੇ ਹੀ ਪ੍ਰਾਪਤ ਹੁੰਦਾ ਹੈ, ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ (ਦੇ ਚਰਨਾਂ) ਵਿੱਚ ਸੁਰਤ ਜੁੜਦੀ ਹੈ।
ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ।।੨।।
(ਪ੍ਰਭੂ ਚਰਨਾਂ ਵਿੱਚ ਸੁਰਤ ਟਿਕਿਆਂ ਮਨੁੱਖ ਦੇ ਅੰਦਰੋਂ) ਆਪਾ ਭਾਵ ਦੂਰ ਹੋ ਜਾਂਦਾ ਹੈ, ਆਤਮਕ ਅਨੰਦ ਮਿਲਦਾ ਹੈ (ਪਰਮਾਤਮਾ ਨਾਲ ਮਨੁੱਖ ਇਉਂ ਇਕ ਮਿਕ ਹੋ ਜਾਂਦਾ ਹੈ) ਜਿਵੇਂ ਪਾਣੀ ਨਾਲ ਪਾਣੀ ਮਿਲ ਕੇ ਇੱਕ ਰੂਪ ਹੋ ਜਾਂਦਾ ਹੈ।।੨।।
ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ।।
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਉਹ ਵਿਕਾਰੀ ਜੀਵਨ ਵਿੱਚ ਰਹਿ ਕੇ ਜੰਮਦਾ ਮਰਦਾ ਹੈ।
ਜਿਸੁ ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ।।
ਜਿਸ ਮਨੁੱਖ ਨੂੰ ਸਤਿਗੁਰੂ ਨਹੀਂ ਮਿਲਿਆ ਉਹ ਸੰਸਾਰ ਸਮੁੰਦਰ (ਦੇ ਵਿਕਾਰਾਂ) ਵਿੱਚ ਹੀ ਖੁਆਰ ਹੁੰਦਾ ਰਹਿੰਦਾ ਹੈ।
ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ।।੩।।
(ਪ੍ਰਭੂ ਦੀ ਅੰਸ) ਇਹ ਜਿੰਦ ਵਡ-ਮੁੱਲਾ ਮੋਤੀ ਹੈ, (ਪਰ) ਇਸ ਤਰ੍ਹਾਂ (ਵਿਕਾਰਾਂ ਵਿੱਚ ਖਚਿਤ ਹੋ ਕੇ) ਕਉਡੀ ਦੇ ਵੱਟੇ ਜ਼ਾਇਆ ਹੋ ਜਾਂਦਾ ਹੈ।।੩।।
ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ।।
ਜਿਨ੍ਹਾਂ ਮਨੁੱਖਾਂ ਨੂੰ ਪ੍ਰੇਮ ਦੇ ਕਾਰਨ ਸਤਿਗੁਰੂ ਮਿਲਦਾ ਹੈ, ਉਹ ਪੂਰੇ (ਭਾਂਡੇ) ਹਨ, ਉਹ ਸਿਆਣੇ ਹਨ।
ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ।।
(ਕਿਉਂਕਿ) ਗੁਰੂ ਨੂੰ ਮਿਲ ਕੇ ਹੀ ਸੰਸਾਰ ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ, ਪ੍ਰਭੂ ਦੀ ਹਜ਼ੂਰੀ ਵਿੱਚ ਇੱਜ਼ਤ ਮਿਲਦੀ ਹੈ, ਕਬੂਲ ਹੋਵੀਦਾ ਹੈ।
ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ।।੪।।੨੨।।
ਹੇ ਨਾਨਕ! ਉਹ ਬੰਦੇ ਉੱਜਲ-ਮੁੱਖ (ਸੁਰਖਰੂ) ਹਨ, ਜਿਨ੍ਹਾਂ ਦੇ ਅੰਦਰ ਗੁਰੂ ਦਾ ਸ਼ਬਦ ਵਾਜਾ ਵੱਜਦਾ ਹੈ (ਭਾਵ, ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ), (ਸਿਮਰਨ ਦੀ) ਲਹਰ ਉੱਠੀ ਰਹਿੰਦੀ ਹੈ।।੪।।੨੨।।
ਸਿਰੀਰਾਗੁ ਮਹਲਾ ੧।।
ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ।।
ਹੇ (ਰਾਮ ਨਾਮ ਦਾ) ਵਣਜ ਕਰਨ ਆਏ ਜੀਵੋ! (ਨਾਮ ਦਾ) ਵਪਾਰ ਕਰੋ, ਨਾਮ-ਸੌਦਾ ਸੰਭਾਲ ਲਵੋ।
ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ।।
ਉਹੋ ਜਿਹਾ ਸੌਦਾ ਹੀ ਖਰੀਦਣਾ ਚਾਹੀਦਾ ਹੈ, ਜਿਹੜਾ ਸਦਾ ਲਈ ਸਾਥ ਨਿਭਾਹੇ।
ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ।।੧।।
ਪਰਲੋਕ ਵਿੱਚ ਬੈਠਾ ਸ਼ਾਹ ਸਿਆਣਾ ਹੈ ਉਹ (ਸਾਡੇ ਖਰੀਦੇ ਹੋਏ) ਸੌਦੇ ਨੂੰ ਪੂਰੀ ਪਰਖ ਕਰਕੇ ਕਬੂਲ ਕਰੇਗਾ।।੧।।
ਭਾਈ ਰੇ ਰਾਮੁ ਕਹਹੁ ਚਿਤੁ ਲਾਇ।।
ਹੇ ਭਾਈ! ਚਿੱਤ ਲਾ ਕੇ (ਪ੍ਰੇਮ ਨਾਲ) ਪਰਮਾਤਮਾ ਦਾ ਨਾਮ ਜਪੋ।
ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ।।੧।। ਰਹਾਉ।।
(ਇਥੋਂ ਆਪਣੇ ਨਾਲ) ਪਰਮਾਤਮਾ ਦੀ ਸਿਫਤ-ਸਾਲਾਹ ਦਾ ਸੌਦਾ ਲੈ ਕੇ ਤੁਰੋ, ਖਸਮ ਪ੍ਰਭੂ ਖੁਸ਼ ਹੋ ਕੇ ਵੇਖੇਗਾ।।੧।। ਰਹਾਉ।।

Post a Comment