8

Guru granth sahib with meaning in punjabi - ang 27

Guru granth sahib with meaning in punjabi - ang 27

Guru granth sahib with meaning in punjabi

ਸਿਰੀਰਾਗੁ ਮਹਲਾ ੩ ਘਰੁ ੧।।

ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ।।

(ਜਿਸ ਦੇਸ਼ ਵਿੱਚ) ਜਿਸ (ਬਾਦਸ਼ਾਹ) ਦੀ ਹਕੂਮਤ ਹੋਵੇ (ਉਸ ਦੇਸ਼ ਦਾ) ਹਰੇਕ ਜੀਵ ਉਸੇ (ਬਾਦਸ਼ਾਹ) ਦਾ ਹੋ ਕੇ ਰਹਿੰਦਾ ਹੈ।

ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ।।

(ਇਸੇ ਤਰ੍ਹਾਂ ਜੇ) ਗੁਰੂ ਦੇ ਸਨਮੁਖ ਹੋ ਕੇ ਕਾਰ ਕੀਤੀ ਜਾਏ ਤਾਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਹਿਰਦੇ ਵਿੱਚ ਪਰਗਟ ਹੋ ਜਾਂਦਾ ਹੈ।

ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ।।

(ਤੇ ਗੁਰੂ ਦੇ ਸਨਮੁਖ ਹੋ ਕੇ) ਜਿਸ ਮਨੁੱਖ ਦੇ ਹਿਰਦੇ ਵਿੱਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਏ ਉਹ ਸਦਾ ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਤੇ ਉਹ ਸਦਾ-ਥਿਰ ਸੋਭਾ ਪਾਂਦਾ ਹੈ।

ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ।।੧।।

ਜਿਹੜੇ ਬੰਦੇ ਸਦਾ-ਥਿਰ ਪ੍ਰਭੂ ਵਿੱਚ ਜੁੜੇ ਰਹਿੰਦੇ ਹਨ, ਉਹ ਉਸ ਤੋਂ ਮੁੜ ਕਦੇ ਵਿੱਛੁੜਦੇ ਨਹੀਂ, ਉਹਨਾਂ ਦਾ ਨਿਵਾਸ ਆਪਣੇ ਅੰਤਰ ਆਤਮੇ ਵਿੱਚ ਰਹਿੰਦਾ ਹੈ।।੧।।

ਮੇਰੇ ਰਾਮ ਮੈ ਹਰਿ ਬਿਨੁ ਅਵਰੁ ਨ ਕੋਇ।।

ਹੇ ਮੇਰੇ ਰਾਮ! ਪ੍ਰਭੂ ਤੋਂ ਬਿਨਾਂ ਮੇਰਾ ਹੋਰ ਕੋਈ ਆਸਰਾ ਨਹੀਂ ਹੈ।

ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ।।੧।। ਰਹਾਉ।।

ਉਸ ਪ੍ਰਭੂ ਦੇ ਨਾਲ਼ ਮਿਲਾਪ ਉਸ ਗੁਰੂ ਦੇ ਸ਼ਬਦ ਵਿੱਚ ਜੁੜਿਆਂ ਹੀ ਹੋ ਸਕਦਾ ਹੈ, ਜੋ ਪਵਿੱਤਰ ਸਰੂਪ ਹੈ ਤੇ ਜੋ ਸਦਾ ਥਿਰ ਪ੍ਰਭੂ ਦਾ ਰੂਪ ਹੈ।।੧।।ਰਹਾਉ।।

ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ।।

ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿੱਚ ਜੁੜਦਾ ਹੈ, ਉਹ ਪ੍ਰਭੂ ਚਰਨਾਂ ਵਿੱਚ ਜੁੜਿਆ ਰਹਿੰਦਾ ਹੈ। (ਪਰ ਉਹੀ ਮਨੁੱਖ ਮਿਲਦਾ ਹੈ) ਜਿਸ ਨੂੰ ਪਰਮਾਤਮਾ ਆਪ ਹੀ (ਆਪਣੇ ਚਰਨਾਂ ਵਿੱਚ) ਮਿਲਾਂਦਾ ਹੈ।

ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ।।

(ਪ੍ਰਭੂ ਨੂੰ ਵਿਸਾਰ ਕੇ) ਕਿਸੇ ਹੋਰ (ਮਾਇਆ ਆਦਿਕ) ਦੇ ਪਿਆਰ ਵਿੱਚ ਰਿਹਾ ਕੋਈ ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ, ਉਹ ਤਾਂ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ।

ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ।।

(ਭਾਵੇਂ) ਸਭ ਜੀਵਾਂ ਵਿੱਚ ਪਰਮਾਤਮਾ ਹੀ ਵਸਦਾ ਹੈ, ਤੇ ਹਰ ਥਾਂ ਪਰਮਾਤਮਾ ਹੀ ਮੌਜੂਦ ਹੈ,

ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ।।੨।।

ਫਿਰ ਭੀ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਉਸਦੇ ਨਾਮ ਵਿੱਚ ਲੀਨ ਹੁੰਦਾ ਹੈ ਜਿਸ ਉੱਤੇ ਪ੍ਰਭੂ ਆਪ ਦਇਆਵਾਨ ਹੋਵੇ।।੨।।

ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ।।

ਪੰਡਿਤ ਤੇ ਜੋਤਸ਼ੀ ਲੋਕ (ਸ਼ਾਸਤਰ) ਪੜ੍ਹ ਪੜ੍ਹ ਕੇ (ਨਿਰੀਆਂ) ਬਹਸਾਂ ਦਾ ਹੀ ਵਿਚਾਰ ਕਰਦੇ ਹਨ,

ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ।।

(ਇਸ ਤਰ੍ਹਾਂ) ਉਹਨਾਂ ਦੀ ਮੱਤ ਉਹਨਾਂ ਦੀ ਅਕਲ ਕੁਰਾਹੇ ਪੈ ਜਾਂਦੀ ਹੈ, ਉਹ (ਜੀਵਨ ਦੇ ਸਹੀ ਰਸਤੇ ਨੂੰ) ਨਹੀਂ ਸਮਝਦੇ ਉਹਨਾਂ ਦੇ ਅੰਦਰ ਲੋਭ ਦਾ ਵਿਕਾਰ (ਪ੍ਰਬਲ ਹੁੰਦਾ) ਹੈ।

ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ।।

ਉਹ (ਮਾਇਆ ਪਿੱਛੇ) ਭਟਕ ਭਟਕ ਕੇ (ਲੋਭ-ਲਹਰ ਵਿੱਚ) ਖੁਆਰ ਹੋ ਹੋ ਕੇ ਚੌਰਾਸੀ ਲੱਖ ਜੂਨਾਂ ਦੀ ਗੇੜ ਵਿੱਚ ਭਟਕਦੇ ਰਹਿੰਦੇ ਹਨ।

ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ।।੩।।

ਪਰ ਉਹਨਾਂ ਦੇ ਭੀ ਕੀਹ ਵੱਸ? ਪੂਰਬਲੇ ਜੀਵਨ ਵਿੱਚ ਕੀਤੇ ਕਰਮਾਂ ਦੇ ਉਕਰੇ ਸੰਸਕਾਰਾਂ ਅਨੁਸਾਰ ਹੀ ਕਮਾਈ ਕਰੀਦੀ ਹੈ, ਕੋਈ (ਆਪਣੇ ਉੱਦਮ ਨਾਲ ਉਹਨਾਂ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ।।੩।।

ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ।।

(ਇਹ ਸੰਸਕਾਰ ਮਿਟਦੇ ਹਨ ਗੁਰੂ ਦੀ ਸ਼ਰਨ ਪਿਆਂ, ਪਰ) ਗੁਰੂ ਦੀ ਦੱਸੀ ਸੇਵਾ ਬੜੀ ਔਖੀ ਹੈ, ਆਪਾ-ਭਾਵ ਗਵਾ ਕੇ ਸਿਰ ਦੇਣਾ ਪੈਂਦਾ ਹੈ।

ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ।।

ਜਦੋਂ ਕੋਈ ਜੀਵ ਗੁਰੂ ਦੇ ਸ਼ਬਦ ਵਿੱਚ ਜੁੜਦੇ ਹਨ, ਤਾਂ ਉਹਨਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੀ ਸੇਵਾ ਕਬੂਲ ਹੋ ਜਾਂਦੀ ਹੈ।

ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ।।

(ਗੁਰੂ-) ਪਾਰਸ ਨੂੰ ਮਿਲਿਆਂ ਪਾਰਸ ਹੀ ਹੋ ਜਾਈਦਾ ਹੈ। (ਗੁਰੂ ਦੀ ਸਹਾਇਤਾ ਨਾਲ) ਪਰਮਾਤਮਾ ਦੀ ਜੋਤਿ ਵਿੱਚ ਮਨੁੱਖ ਦੀ ਜੋਤਿ ਮਿਲ ਜਾਂਦੀ ਹੈ।

ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ।।੪।।

ਪਰ ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ, ਜਿਹਨਾਂ ਦੇ ਭਾਗਾਂ ਵਿੱਚ ਧੁਰੋਂ (ਬਖਸ਼ਿਸ਼ ਦਾ ਲੇਖ) ਲਿਖਿਆ ਹੋਇਆ ਹੋਵੇ।।੪।।

ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ।।

ਹੇ (ਮੇਰੇ) ਮਨ! ਹਰ ਵੇਲੇ ਤ੍ਰਿਸ਼ਨਾ ਦੇ ਅਧੀਨ ਨਾਹ ਟਿਕਿਆ ਰਹੁ, ਤੇ ਗਿਲੇ-ਗੁਜ਼ਾਰੀ ਨਾਹ ਕਰਦਾ ਰਹੁ।

ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ।।

ਜਿਸ ਪਰਮਾਤਮਾ ਨੇ ਚੌਰਾਸੀ ਲੱਖ ਜੂਨ ਪੈਦਾ ਕੀਤੀ ਹੈ, ਉਹ ਹਰੇਕ ਜੀਵ ਨੂੰ (ਰੋਜ਼ੀ ਦਾ) ਆਸਰਾ (ਭੀ) ਦਿੰਦਾ ਹੈ।

ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ।।

ਉਹ ਪ੍ਰਭੂ ਜਿਸ ਨੂੰ ਕਿਸੇ ਦਾ ਡਰ ਨਹੀਂ ਤੇ ਜੋ ਦਇਆ ਦਾ ਸੋਮਾ ਹੈ, ਸਭ ਜੀਵਾਂ ਦੀ ਸੰਭਾਲ ਕਰਦਾ ਹੈ।

ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ।।੫।।੩।।੩੬।।

ਹੇ ਨਾਨਕ! ਗੁਰੂ ਦੀ ਸਰਨ ਪਿਆਂ ਇਹ ਸਮਝ ਆਉਂਦੀ ਹੈ, ਤੇ (ਮਾਇਆ ਦੇ ਬੰਧਨਾਂ ਤੋਂ) ਖਲਾਸੀ ਦਾ ਰਾਹ ਲੱਭਦਾ ਹੈ।

ਸਿਰੀਰਾਗੁ ਮਹਲਾ ੩।।

ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ।।

ਜਿਨ੍ਹਾਂ ਮਨੁੱਖਾਂ ਨੇ (ਪਰਮਾਤਮਾ ਦਾ ਨਾਮ) ਸੁਣ ਕੇ ਮੰਨ ਲਿਆ ਹੈ (ਭਾਵ, ਆਪਣੇ ਮਨ ਨੂੰ ਉਸ ਨਾਮ-ਸਿਮਰਨ ਵਿੱਚ ਗਿਝਾ ਲਿਆ ਹੈ) ਉਹਨਾਂ ਦਾ ਆਪਣੇ ਅੰਤਰ-ਆਤਮੇ ਨਿਵਾਸ ਬਣਿਆ ਰਹਿੰਦਾ ਹੈ (ਭਾਵ, ਉਹਨਾਂ ਦਾ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ)।

ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ।।

ਗੁਰੂ ਦੀ ਸਿੱਖਿਆ ਅਨੁਸਾਰ ਸਦਾ-ਥਿਰ ਪ੍ਰਭੂ ਦੀ ਸਿਫਤ ਸਾਲਾਹ ਕਰਕੇ ਉਹ ਗੁਣਾਂ ਦੇ ਖਜ਼ਾਨੇ ਪਰਮਾਤਮਾ ਨੂੰ ਲੱਭ ਲੈਂਦੇ ਹਨ।

ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ।।

ਜਿਹੜੇ ਬੰਦੇ ਗੁਰੂ ਦੇ ਸ਼ਬਦ ਵਿੱਚ ਰੰਗੇ ਜਾਂਦੇ ਹਨ, ਉਹ ਪਵਿੱਤਰ (ਆਚਰਨ ਵਾਲੇ) ਹੋ ਜਾਂਦੇ ਹਨ। ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ।

ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ।।੧।।

ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿੱਚ ਪਰਮਾਤਮਾ ਆ ਵੱਸਦਾ ਹੈ, (ਉਹਨਾਂ ਦੇ) ਉਸ ਹਿਰਦੇ ਵਿੱਚ ਚਾਨਣ ਹੋ ਜਾਂਦਾ ਹੈ (ਭਾਵ, ਸਹੀ ਜੀਵਨ ਜੀਊਣ ਦੀ ਉਹਨਾਂ ਨੂੰ ਸੂਝ ਆ ਜਾਂਦੀ ਹੈ।।੧।।

ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ।।

ਹੇ ਮੇਰੇ ਮਨ! ਪਵਿੱਤਰ ਹਰਿ-ਨਾਮ ਸਿਮਰ।

ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ।।੧।। ਰਹਾਉ।।

ਧੁਰੋਂ (ਪਰਮਾਤਮਾ ਦੀ ਹਜ਼ੂਰੀ ਵਿੱਚੋਂ) ਜਿਨ੍ਹਾਂ ਬੰਦਿਆਂ ਨੂੰ ਆਪਣੇ ਮੱਥੇ ਉੱਤੇ (ਸਿਮਰਨ ਦਾ ਲੇਖ) ਲਿਖਿਆ (ਮਿਲ ਜਾਂਦਾ) ਹੈ, ਉਹ ਗੁਰੂ ਦੀ ਸ਼ਰਨ ਪੈ ਕੇ (ਪਰਮਾਤਮਾ ਦੀ ਯਾਦ ਵਿੱਚ) ਸੁਰਤ ਜੋੜੀ ਰੱਖਦੇ ਹਨ।।੧।। ਰਹਾਉ।।

ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ।।

ਹੇ ਪ੍ਰਭੂ ਦੇ ਸੰਤ ਜਨੋ! ਧਿਆਨ ਨਾਲ ਵੇਖੋ, ਪਰਮਾਤਮਾ ਹਰ ਥਾਂ ਵਿਆਪਕ, ਹਰੇਕ ਦੇ ਨੇੜੇ ਵਸਦਾ ਹੈ।

ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ।।

ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਮੱਤ ਲੈ ਕੇ ਉਸਨੂੰ (ਭਰਪੂਰਿ ਵਸਦਾ) ਪਛਾਣ ਲਿਆ ਹੈ, ਉਹ ਉਸਨੂੰ ਸਦਾ ਆਪਣੇ ਅੰਗ-ਸੰਗ ਵੇਖਦੇ ਹਨ।

ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ।।

ਜਿਨ੍ਹਾਂ ਮਨੁੱਖਾ ਨੇ ਗੁਣ ਗ੍ਰਹਿਣ ਕਰ ਲਏ ਹਨ, ਪਰਮਾਤਮਾ ਉਹਨਾਂ ਦੇ ਮਨ ਵਿੱਚ ਸਦਾ ਵਸਦਾ ਹੈ, ਪਰ ਜਿਨ੍ਹਾਂ ਨੇ ਔਗਣ ਵਿਹਾਝੇ ਹੋਏ ਹਨ, ਉਹਨਾਂ ਨੂੰ ਕਿਤੇ ਦੂਰ ਵੱਸਦਾ ਜਾਪਦਾ ਹੈ।

ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ।।੨।।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਗੁਣਾਂ ਤੋਂ ਸੱਖਣੇ ਰਹਿੰਦੇ ਹਨ, ਉਹ ਪ੍ਰਭੂ ਦੇ ਨਾਮ ਤੋਂ ਬਿਨਾ (ਮਾਇਆ ਦੇ ਝੋਰਿਆਂ ਵਿੱਚ) ਝੁਰ ਝੁਰ ਕੇ ਆਤਮਕ ਮੌਤ ਸਹੇੜ ਲੈਂਦੇ ਹਨ।।੨।।

ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ।।

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸੁਣ ਕੇ ਮੰਨ ਲਿਆ ਹੈ (ਨਾਮ ਵਿੱਚ ਆਪਣਾ ਆਪ ਗਿਝਾ ਲਿਆ ਹੈ), ਉਹਨਾਂ  ਨੇ ਆਪਣੇ ਮਨ ਵਿੱਚ ਉਸ ਹਰੀ ਨੂੰ (ਹਰ ਵੇਲੇ) ਸਿਮਰਿਆ ਹੈ।

ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ।।

ਹਰ ਵੇਲੇ ਪ੍ਰਭੂ-ਭਗਤੀ ਵਿੱਚ ਰੰਗੇ ਹੋਏ ਬੰਦਿਆਂ ਦਾ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ (ਭੀ) ਪਵਿੱਤਰ ਹੋ ਜਾਂਦਾ ਹੈ।

ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ।।

ਕਸੁੰਭੇ ਦਾ ਰੰਗ ਛੇਤੀ ਨਾਸ ਹੋ ਜਾਣ ਵਾਲਾ ਹੈ ਉਹ ਨਾਸ ਹੋ ਜਾਂਦਾ ਹੈ, (ਇਸੇ ਤਰ੍ਹਾਂ ਮਾਇਆ ਦਾ ਸਾਥ ਭੀ ਚਾਰ ਦਿਨਾਂ ਦਾ ਹੈ, ਉਹ ਸਾਥ ਟੁੱਟ ਜਾਂਦਾ ਹੈ, ਤੇ ਉਸਦੇ ਮੋਹ ਵਿੱਚ ਫਸਿਆ ਮਨੁੱਖ ਵਿਛੋੜੇ ਦਾ) ਦੁੱਖ ਦੁਖੀ ਹੋ ਹੋ ਕੇ ਫਰੋਲਦਾ ਹੈ।

ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ।।੩।।

ਜਿਸ ਮਨੁੱਖ ਦੇ ਹਿਰਦੇ ਵਿੱਚ ਪਰਮਾਤਮਾ ਦਾ ਨਾਮ (- ਰੂਪ) ਚਾਨਣ ਹੈ ਉਹ ਸਦਾ ਅਡੋਲ-ਚਿੱਤ ਰਹਿੰਦਾ ਹੈ।।੩।।














No comments

Powered by Blogger.