8

Sri guru granth sahib ji with meaning in punjabi - ang 28

Sri guru granth sahib ji with meaning in punjabi - ang 28

Sri guru granth sahib ji with meaning in punjabi

ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ।।

ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰਕੇ (ਮੂਰਖ ਮਨੁੱਖ) ਸੁਰਤ ਜੋੜ ਕੇ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ।

ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ।।

ਪਰ ਜਦੋਂ ਪੈਰ ਤਿਲਕ ਗਿਆ (ਜਦੋਂ ਸਰੀਰ ਢਹਿ ਪਿਆ) ਇੱਥੇ ਜਗਤ ਵਿੱਚ ਟਿਕਿਆ ਨਹੀਂ ਜਾ ਸਕੇਗਾ (ਨਾਮ ਤੋਂ ਸੱਖਣੇ ਰਹਿਣ ਕਰਕੇ) ਅਗਾਂਹ ਦਰਗਾਹ ਵਿੱਚ ਭੀ ਥਾਂ ਨਹੀਂ ਮਿਲਦਾ।

ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ।।

(ਮੌਤ ਆਇਆਂ) ਸਿਮਰਨ ਦਾ ਸਮਾਂ ਮਿਲ ਨਹੀਂ ਸਕਦਾ। ਆਖਰ (ਮੂਰਖ ਜੀਵ) ਪਛੁਤਾਂਦਾ ਜਾਂਦਾ ਹੈ।

ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ।।੪।।

ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਦੀ ਨਜ਼ਰ ਕਰਦਾ ਹੈ ਉਹ ਪਰਮਾਤਮਾ (ਦੇ ਚਰਨਾਂ) ਵਿੱਚ ਸੁਰਤ ਜੋੜ ਕੇ (ਮਾਇਆ ਕਸੁੰਭੇ ਦੇ ਮੋਹ ਤੋਂ) ਬਚ ਜਾਂਦਾ ਹੈ।।੪।।

ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ।।

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਭ ਕੁਝ ਵਿਖਾਵੇ ਦੀ ਖਾਤਰ ਕਰਦਾ ਹੈ, ਉਸਨੂੰ ਸਹੀ ਜੀਵਨ ਜੀਊਣ ਦੀ ਸਮਝ ਨਹੀਂ ਆਉਂਦੀ।

ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ।।

(ਪਰ) ਗੁਰੂ ਦੇ ਸਨਮੁਖ ਹੋ ਕੇ ਜਿਨ੍ਹਾਂ ਮਨੁੱਖਾਂ ਦਾ ਹਿਰਦਾ ਪਵਿੱਤਰ ਹੋ ਜਾਂਦਾ ਹੈ, ਉਹਨਾਂ ਦੀ ਘਾਲ-ਕਮਾਈ (ਪ੍ਰਭੂ ਦੇ ਦਰ ਤੇ) ਕਬੂਲ ਹੋ ਜਾਂਦੀ ਹੈ।

ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ।।

ਉਹ ਮਨੁੱਖ ਹਰੀ ਦੇ ਗੁਣ ਗਾ ਕੀ ਹਰੀ ਦੇ ਚਰਨਾਂ ਵਿੱਚ ਲੀਨ ਹੋ ਕੇ ਨਿੱਤ ਹਰੀ ਦੇ ਗੁਣ ਗਾਂਦੇ ਹਨ ਤੇ ਪੜ੍ਹਦੇ ਹਨ।

ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ।।੫।।੪।।੩੭।।

ਹੇ ਨਾਨਕ! ਜਿਹੜੇ ਮਨੁੱਖ ਪ੍ਰਭੂ ਦੇ ਨਾਮ ਵਿੱਚ ਸੁਰਤ ਜੋੜੀ ਰੱਖਦੇ ਹਨ, ਸਦਾ-ਥਿਰ ਪ੍ਰਭੂ ਦੀ ਸਿਫਤ ਸਾਲਾਹ ਹੀ ਉਹਨਾਂ ਦੀ ਜੀਭ ਤੇ ਸਦਾ ਚੜ੍ਹੀ ਰਹਿੰਦੀ ਹੈ।।੫।।੪।।੩੭।।

ਸਿਰੀਰਾਗੁ ਮਹਲਾ ੩।।

ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ।।

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮੱਤ ਦੀ ਰਾਹੀਂ (ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿੱਚ ਟਿਕਾ ਕੇ ਨਾਮ ਨੂੰ ਇਕਾਗ੍ਰ ਮਨ ਨਾਲ ਸਿਮਰਿਆ ਹੈ,

ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ।।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰਬਾਰ ਵਿੱਚ ਉਹ ਸਦਾ ਸੁਰਖਰੂ ਹੁੰਦੇ ਹਨ।

ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ।।੧।।

ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿੱਚ ਪਿਆਰ ਦੀ ਰਾਹੀਂ ਸਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।।੧।।

ਭਾਈ ਰੇ ਗੁਰਮੁਖਿ ਸਦਾ ਪਤਿ ਹੋਇ।।

ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਸਦਾ ਇੱਜ਼ਤ ਮਿਲਦੀ ਹੈ।

ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ।।੧।। ਰਹਾਉ।।

(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। (ਗੁਰੂ ਮਨੁੱਖ ਦੇ ਮਨ ਵਿੱਚੋਂ) ਹਉਮੈ ਦੀ ਮੈਲ ਧੋ ਕੇ ਕੱਢ ਦਿੰਦਾ ਹੈ।।੧।। ਰਹਾਉ।।

ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ।।

(ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦੇ। ਨਾਮ ਤੋਂ ਬਿਨਾ ਉਹਨਾਂ ਦੀ ਇੱਜ਼ਤ ਚਲੀ ਜਾਂਦੀ ਹੈ।

ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ।।

ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦਾ ਆਨੰਦ ਨਹੀਂ ਆਉਂਦਾ, (ਇਸ ਵਾਸਤੇ) ਉਹ (ਪ੍ਰਭੂ ਨੂੰ ਵਿਸਾਰ ਕੇ) ਕਿਸੇ ਹੋਰ ਪਿਆਰ ਵਿੱਚ ਮਸਤ ਰਹਿੰਦੇ ਹਨ।

ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ।।੨।।

ਉਹ ਬੰਦੇ (ਵਿਕਾਰਾਂ ਦੇ) ਗੰਦ ਵਿੱਚ ਲੀਨ ਰਹਿ ਕੇ ਗੰਦ ਦੇ ਕੀੜਿਆਂ ਵਾਂਗ (ਵਿਕਾਰਾਂ ਦੇ) ਗੰਦ ਵਿੱਚ ਹੀ ਪਏ ਰਹਿੰਦੇ ਹਨ।।੨।।

ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ।।

ਜਿਹੜੇ ਮਨੁੱਖ ਗੁਰੂ ਦੇ ਪ੍ਰੇਮ ਵਿੱਚ ਜੀਵਨ ਬਿਤੀਤ ਕਰਦੇ ਹਨ ਉਹਨਾਂ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ,

ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ।।

ਉਹ ਆਪਣਾ ਸਾਰਾ ਖਾਨਦਾਨ (ਹੀ ਵਿਕਾਰਾਂ ਤੋਂ) ਬਚਾ ਲੈਂਦੇ ਹਨ, ਉਹਨਾਂ ਦੀ ਜੰਮਣ ਵਾਲੀ ਮਾਂ ਸੋਭਾ ਖੱਟਦੀ ਹੈ।

ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ।।੩।।

(ਇਸ ਵਾਸਤੇ,) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਪਰ ਉਹੀ ਮਨੁੱਖ ਨਾਮ ਸਿਮਰਦਾ ਹੈ) ਜਿਸ ਉੱਤੇ ਪਰਮਾਤਮਾ ਆਪਣੀ ਰਜ਼ਾ ਅਨੁਸਾਰ ਮਿਹਰ ਕਰਦਾ ਹੈ।।੩।।

ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ।।

ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ,

ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ।।

ਉਹ ਬੰਦੇ ਸਦਾ-ਥਿਰ ਪ੍ਰਭੂ ਵਿੱਚ ਲੀਨ ਹੋ ਕੇ ਉਸੇ ਦਾ ਰੂਪ ਬਣ ਕੇ ਅੰਦਰੋਂ ਬਾਹਰੋਂ ਪਵਿੱਤਰ ਹੋ ਜਾਂਦੇ ਹਨ (ਭਾਵ, ਉਹਨਾਂ ਦਾ ਆਤਮਕ ਜੀਵਨ ਪਵਿੱਤਰ ਹੋ ਜਾਂਦਾ ਹੈ, ਤੇ ਉਹ ਖਲਕਤ ਨਾਲ ਭੀ ਵਰਤਣ-ਵਿਹਾਰ ਸੁਚੱਜਾ ਰੱਖਦੇ ਹਨ)।

ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ।।੪।।੫।।੩੮।।

ਹੇ ਨਾਨਕ! ਜਗਤ ਵਿੱਚ ਆਏ (ਜੰਮੇ) ਉਹੀ ਬੰਦੇ ਕਬੂਲ ਹਨ ਜਿਨ੍ਹਾਂ ਨੇ ਗੁਰੂ ਦੀ ਮੱਤ ਲੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ।।੪।।੫।।੩੮।।

ਸਿਰੀਰਾਗੁ ਮਹਲਾ ੩।।

ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ।।

ਪਰਮਾਤਮਾ ਦੀ ਭਗਤੀ ਕਰਨ ਕਰਨ ਵਾਲੇ ਬੰਦਿਆਂ ਪਾਸ ਪਰਮਾਤਮਾ ਦਾ ਨਾਮ ਹੀ ਧਨ ਹੈ ਨਾਮ ਹੀ ਸਰਮਾਇਆ ਹੈ, ਉਹ ਆਪਣੇ ਗੁਰੂ ਦੀ ਸਿੱਖਿਆ ਲੈ ਕੇ (ਨਾਮ ਦਾ ਹੀ) ਵਣਜ ਕਰਦੇ ਹਨ।

ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ।।

ਭਗਤ-ਜਨ ਸਦਾ ਪਰਮਾਤਮਾ ਦਾ ਨਾਮ ਸਲਾਹੁੰਦੇ ਹਨ, ਪਰਮਾਤਮਾ ਦਾ ਨਾਮ-ਵੱਖਰ ਹੀ ਉਹਨਾਂ ਦੇ ਜੀਵਨ ਦਾ ਆਸਰਾ ਹੈ।

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ।।੧।।

ਪੂਰੇ ਸਤਿਗੁਰੂ ਨੇ ਪਰਮਾਤਮਾ ਦਾ ਨਾਮ ਉਹਨਾਂ ਦੇ ਹਿਰਦੇ ਵਿੱਚ ਪੱਕਾ ਕਰ ਦਿੱਤਾ ਹੈ, ਪਰਮਾਤਮਾ ਦਾ ਨਾਮ ਹੀ ਉਹਨਾਂ ਪਾਸ ਅਮੁੱਕ ਖਜ਼ਾਨਾ ਹੈ।।੧।।

ਭਾਈ ਰੇ ਇਸੁ ਮਨ ਕਉ ਸਮਝਾਇ।।

ਹੇ ਭਾਈ! (ਆਪਣੇ) ਇਸ ਮਨ ਨੂੰ ਸਮਝਾ (ਤੇ ਆਖ ਕਿ)

ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ।।੧।। ਰਹਾਉ।।

ਹੇ ਮਨ! ਕਿਉਂ ਆਲਸ ਕਰਦਾ ਹੈਂ? ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ) ਨਾਮ ਸਿਮਰ।।੧।। ਰਹਾਉ।।

ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ।।

ਜੇ ਮਨੁੱਖ ਗੁਰੂ ਦੀ ਸ਼ਰਨ ਪੈ ਕੇ (ਗੁਰੂ ਦੀ ਦਿੱਤੀ ਸਿੱਖਿਆ ਦੀ) ਵਿਚਾਰ ਕਰਦਾ ਰਹੇ ਤਾਂ ਉਸ ਦੇ ਅੰਦਰ ਪਰਮਾਤਮਾ ਦੀ ਭਗਤੀ ਵੱਸ ਪੈਂਦੀ ਹੈ, ਪਰਮਾਤਮਾ ਦਾ ਪਿਆਰ ਟਿਕ ਜਾਂਦਾ ਹੈ।

ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ।।

ਪਰ ਪਖੰਡ ਕੀਤਿਆਂ ਭਗਤੀ ਨਹੀਂ ਹੋ ਸਕਦੀ, ਪਖੰਡ ਦਾ ਬੋਲ ਖੁਆਰ ਹੀ ਕਰਦਾ ਹੈ।

ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ।।੨।।

ਜਿਸ ਮਨੁੱਖ ਦੇ ਅੰਦਰ (ਖੋਟੇ ਖਰੇ ਦੇ) ਪਰਖਣ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਮਨੁੱਖ (ਪਖੰਡੀਆਂ ਵਿੱਚ) ਰਲਾਇਆਂ ਰਲ ਨਹੀਂ ਸਕਦਾ।।੨।।

ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ।।

ਉਹੀ ਮਨੁੱਖ ਪਰਮਾਤਮਾ ਦਾ ਸੇਵਕ ਆਖਿਆ ਜਾ ਸਕਦਾ ਹੈ, ਜਿਹੜਾ ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿੱਚ ਟਿਕਾਈ ਰੱਖਦਾ ਹੈ।

ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ।।

ਜਿਹੜਾ ਆਪਣੇ ਅੰਦਰੋਂ ਹਉਮੈ ਦੂਰ ਕਰਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦਿੰਦਾ ਹੈ ਪਰਮਾਤਮਾ ਦੇ ਅੱਗੇ ਰੱਖ ਦਿੰਦਾ ਹੈ।

ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ।।੩।।

ਜਿਹੜਾ ਮਨੁੱਖ (ਵਿਕਾਰਾਂ ਦੇ ਟਾਕਰੇ ਤੇ ਮਨੁੱਖ ਜਨਮ ਦੀ ਬਾਜ਼ੀ) ਕਦੇ ਹਾਰ ਕੇ ਨਹੀਂ ਆਉਂਦਾ, ਗੁਰੂ ਦੇ ਸਨਮੁਖ ਹੋਇਆ ਉਹ ਮਨੁੱਖ ਭਾਗਾਂ ਵਾਲਾ ਹੈ, ਉਹ (ਪ੍ਰਭੂ ਦੀ ਹਜ਼ੂਰੀ ਵਿੱਚ) ਕਬੂਲ ਪੈਂਦਾ ਹੈ।।੩।।

ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ।।

ਪਰਮਾਤਮਾ (ਮਨੁੱਖ ਨੂੰ) ਆਪਣੀ ਮਿਹਰ ਨਾਲ ਹੀ ਮਿਲੇ ਤਾਂ ਮਿਲਦਾ ਹੈ, ਮਿਹਰ ਤੋਂ ਬਿਨਾਂ ਉਹ ਪ੍ਰਾਪਤ ਨਹੀਂ ਹੋ ਸਕਦਾ।


Next page: Sri guru granth sahib ji with meaning in punjabi - ang 29





No comments

Powered by Blogger.