Guru granth sahib in punjabi - ang 19
Guru granth sahib in punjabi ang 19
ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ।।੧।। ਰਹਾਉ।।
(ਜੋ ਜੀਵ ਇਸਤ੍ਰੀ ਪ੍ਰੇਮ ਤੋਂ ਸੱਖਣੀ ਰਹਿ ਕੇ ਧਾਰਮਿਕ ਉੱਦਮ ਕਰਮ ਆਦਿਕ ਕਰੀ ਜਾਂਦੀ ਹੈ, ਪਰ ਉਸਦੇ ਅੰਦਰ ਮਾਇਆ ਮੋਹ ਪ੍ਰਬਲ ਹੈ) ਉਹ ਪ੍ਰਭੂ ਦੇ ਦਰ ਤੇ ਪ੍ਰਭੂ ਦੇ ਘਰ ਵਿੱਚ ਆਸਰਾ ਨਹੀਂ ਲੈ ਸਕਦੀ, (ਕਿਉਂਕਿ) ਝੂਠ (ਭਾਵ, ਮਾਇਆ ਦਾ ਮੋਹ) ਪ੍ਰਭੂ ਦੀ ਹਜ਼ੂਰੀ ਵਿੱਚ ਦੁਰਕਾਰਿਆ ਹੀ ਜਾਂਦਾ ਹੈ।।੧।। ਰਹਾਉ।।
ਨ ਭੁਲਈ ਸਚਾ ਵਡ ਕਿਰਸਾਣੁ।।
(ਕਿਸਾਨ ਆਪਣੇ ਰੋਜ਼ਾਨਾ ਤਜਰਬੇ ਤੋਂ ਜਾਣਦਾ ਹੈ ਕਿ ਬੀ ਬੀਜਣ ਤੋਂ ਪਹਿਲਾਂ ਧਰਤੀ ਨੂੰ ਕਿਵੇਂ ਤਿਆਰ ਕਰਨਾ ਹੈ ਤਾਂ ਕਿ ਫਸਲ ਚੰਗਾ ਲੱਗ ਸਕੇ) ਸਦਾ ਥਿਰ ਰਹਿਣ ਵਾਲਾ ਪਰਮਾਤਮਾ ਵੱਡਾ ਕਿਸਾਨ ਹੈ, ਉਹ (ਬੜਾ) ਸਿਆਣਾ ਕਿਸਾਨ ਹੈ, ਉਹ ਗਲਤੀ ਨਹੀਂ ਖਾਂਦਾ।
ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ।।
( ਜਿਸ ਹਿਰਦੇ - ਧਰਤੀ ਵਿੱਚ ਨਾਮ ਬੀਜ ਬੀਜਣਾ ਹੁੰਦਾ ਹੈ) ਉਹ ਉਸ ਹਿਰਦੇ ਧਰਤੀ ਨੂੰ ਪਹਿਲਾਂ ਚੰਗੀ ਤਰ੍ਹਾਂ ਤਿਆਰ ਕਰਦਾ ਹੈ ਫਿਰ ਉਸ ਵਿੱਚ ਸੱਚੇ ਨਾਮ ਦਾ ਬੀਜ ਬੀਜਦਾ ਹੈ।
ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ।।੨।।
ਉਥੇ ਨਾਮ ਉੱਗਦਾ ਹੈ, (ਮਾਨੋ) ਨੌ ਖਜ਼ਾਨੇ ਪੈਦਾ ਹੋ ਜਾਂਦੇ ਹਨ, ਪ੍ਰਭੂ ਦੀ ਮਿਹਰ ਨਾਲ (ਉਸ ਹਿਰਦੇ ਵਿੱਚ ਕੀਤੀ ਮਿਹਨਤ) ਕਬੂਲ ਪੈਂਦੀ ਹੈ।।੨।।
ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ।।
ਜਿਹੜਾ ਮਨੁੱਖ ਜਾਣ ਬੁੱਝ ਕੇ ਗੁਰੂ (ਦੀ ਬਜ਼ੁਰਗੀ) ਨੂੰ ਨਹੀਂ ਸਮਝਦਾ ਉਸਦਾ ਸਾਰਾ ਜੀਵਨ ਢੰਗ ਕੋਝਾ ਹੈ।
ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ।।
(ਆਤਮਕ ਰੌਸ਼ਨੀ ਵੱਲੋਂ) ਉਸ ਅੰਨ੍ਹੇ ਨੇ ਪ੍ਰਭੂ ਦਾ ਨਾਮ ਵਿਸਾਰਿਆ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ (ਜੀਵਨ ਪੰਧ ਵਿੱਚ) ਘੁੱਪ ਹਨੇਰਾ ਹੀ ਹਨੇਰਾ ਰਹਿੰਦਾ ਹੈ।
ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ।।੩।।
ਉਸ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ ਉਹ ਨਿੱਤ ਜੰਮਦਾ ਹੈ ਮਰਦਾ ਹੈ, ਜੰਮਦਾ ਹੈ, ਮਰਦਾ ਹੈ ਤੇ ਖੁਆਰ ਹੁੰਦਾ ਰਹਿੰਦਾ ਹੈ।।੩।।
ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ।।
(ਕਿਸੇ ਇਸਤ੍ਰੀ ਨੇ ਆਪਣੇ ਪਤੀ ਨੂੰ ਪ੍ਰਸੰਨ ਕਰਨ ਲਈ ਆਪਣੇ ਸਰੀਰਕ ਸ਼ਿੰਗਾਰ ਵਾਸਤੇ) ਚੰਦਨ ਮੁੱਲ ਮੰਗਾਇਆ, ਕੇਸਰ ਮੰਗਾਇਆ, ਸਿਰ ਦੇ ਕੇਸਾਂ ਦੇ ਚੀਰ ਸੁੰਦਰ ਬਣਾਣ ਲਈ ਸੰਧੂਰ ਮੰਗਾਇਆ।
ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ।।
ਅਤਰ ਚੰਦਨ ਤੇ ਹੋਰ ਸੁਗੰਧੀਆਂ ਮੰਗਾਈਆਂ, ਪਾਨ ਮੰਗਾਏ ਤੇ ਕਪੂਰ ਮੰਗਾਇਆ।
ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ।।੪।।
ਪਰ ਜੇ ਉਹ ਇਸਤ੍ਰੀ ਪਤੀ ਨੂੰ (ਫਿਰ ਭੀ) ਚੰਗੀ ਨ ਲੱਗੀ, ਤਾਂ ਉਸਦੇ ਉਹ ਵਿਖਾਵੇ ਦੇ ਸਾਰੇ ਉੱਦਮ ਵਿਅਰਥ ਗਏ (ਇਹੀ ਹਾਲ ਜੀਵ ਇਸਤ੍ਰੀ ਦਾ ਹੈ, ਪਤੀ ਪ੍ਰਭੂ ਵਿਖਾਵੇ ਦੇ ਧਾਰਮਿਕ ਉੱਦਮਾਂ ਨਾਲ ਨਹੀਂ ਰੀਝਦਾ)।।੪।।
ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ।।
ਅਜਿਹੇ ਮਨੁੱਖ ਦੇ ਸਾਰੇ ਸੁੰਦਰ ਪਦਾਰਥ ਵਰਤਣੇ ਵਿਅਰਥ ਚਲੇ ਜਾਂਦੇ ਹਨ (ਕਿਉਂਕਿ ਪਦਾਰਥਾਂ ਨੂੰ ਭੋਗਣ ਵਾਲਾ ਸਰੀਰ ਤਾਂ ਅੰਤ ਸੁਆਹ ਹੋ ਜਾਂਦਾ ਹੈ) ਸਾਰੀਆਂ ਸਰੀਰਕ ਸਜਾਵਟਾਂ ਭੀ ਬੇ-ਕਾਰ ਹੋ ਜਾਂਦੀਆਂ ਹਨ।
ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ।।
ਜਦ ਤੱਕ ਮਨੁੱਖ ਦਾ ਮਨ ਗੁਰੂ ਦੇ ਸ਼ਬਦ (ਤੀਰ) ਨਾਲ ਵਿੱਝਦਾ ਨਹੀਂ, ਤਦ ਤੱਕ ਗੁਰੂ ਦੇ ਦਰ ਤੇ ਸੋਭਾ ਨਹੀਂ ਮਿਲਦੀ ।
ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ।।੫।।੧੩।।
ਹੇ ਨਾਨਕ! ਉਹੀ ਭਾਗਾਂ ਵਾਲੀਆਂ ਜੀਵ ਇਸਤ੍ਰੀਆਂ ਮੁਬਾਰਿਕ ਹਨ ਜਿਨ੍ਹਾਂ ਦਾ ਪ੍ਰਭੂ ਪਤੀ ਨਾਲ ਪ੍ਰੇਮ ਬਣਿਆ ਰਹਿੰਦਾ ਹੈ।।੫।।੧੩।।
ਸਿਰੀਰਾਗੁ ਮਹਲਾ ੧।।
ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ।।
ਜਦੋਂ ਜਿੰਦ ਸਰੀਰ ਵਿੱਚੋਂ ਨਿਕਲ ਜਾਂਦੀ ਹੈ, ਤਾਂ ਇਹ ਸਰੀਰ ਉੱਜੜ ਜਾਂਦਾ ਹੈ, ਇਸ ਤੋਂ ਡਰ ਲੱਗਣ ਲੱਗ ਪੈਂਦਾ ਹੈ।
ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ।।
ਜੇਹੜੀ ਜੀਵਨ ਅਗਨੀ (ਪਹਿਲਾਂ ਇਸ ਵਿੱਚ) ਬਲਦੀ ਸੀ ਉਹ ਬੁੱਝ ਜਾਂਦੀ ਹੈ (ਜੀਵਨ ਸੱਤਿਆ ਮੁੱਕ ਜਾਂਦੀ ਹੈ), ਕੋਈ ਭੀ ਸਾਹ ਨਹੀਂ ਆਉਂਦਾ ਜਾਂਦਾ।
ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ।।੧।।
(ਅੱਖਾਂ ਕੰਨ ਆਦਿਕ) ਜਿਹੜੇ ਪੰਜ ਗਿਆਨ ਇੰਦ੍ਰੇ (ਪਰ ਤਨ ਨਿੰਦਾ ਆਦਿਕ) ਮਾਇਕ ਮੋਹ ਵਿਚ ਹੀ ਨਾਸ ਹੁੰਦੇ ਰਹੇ, ਉਹ ਵੀ ਦੁਖੀ ਹੋ ਹੋ ਕੇ ਰੋਏ (ਭਾਵ, ਨਕਾਰੇ ਹੋ ਜਾਣ ਤੇ ਮਜਬੂਰ ਹੋ ਗਏ)।।੧।।
ਮੂੜੇ ਰਾਮੁ ਜਪਹੁ ਗੁਣ ਸਾਰਿ।।
ਹੇ ਮੂਰਖ ਜੀਵ! (ਉਸ ਅੰਤਲੀ ਦਸ਼ਾ ਨੂੰ ਸਾਹਮਣੇ ਲਿਆ ਕੇ) ਪਰਮਾਤਮਾ ਦੇ ਗੁਣ ਚੇਤੇ ਕਰ, ਪ੍ਰਭੂ ਦਾ ਨਾਮ ਜਪ।
ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ।।੧।। ਰਹਾਉ।।
ਸਾਰੀ ਸ੍ਰਿਸ਼ਟੀ (ਗਾਫਿਲ ਹੋ ਕੇ) ਮੋਹਣੀ ਮਾਇਆ ਦੀ ਮਮਤਾ ਵਿੱਚ ਹਉਮੈ ਵਿੱਚ ਤੇ ਅਹੰਕਾਰ ਵਿੱਚ ਠੱਗੀ ਜਾ ਰਹੀ ਹੈ।।੧।।ਰਹਾਉ।।
ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ।।
ਜਿਨ੍ਹਾਂ ਬੰਦਿਆਂ ਨੇ ਹੋਰ ਹੋਰ ਨਿਰੀ ਦੁਨਿਆਵੀ ਕਾਰ ਵਿੱਚ ਲੱਗ ਕੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ,
ਦੁਬਿਧਾ ਲਾਗੈ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ।।
ਉਹ ਸਦਾ ਮੇਰ ਤੇਰ ਵਿੱਚ ਫਸੇ ਰਹੇ, ਉਹਨਾਂ ਦੇ ਅੰਦਰ ਤ੍ਰਿਸ਼ਨਾ ਦੀ ਅੱਗ ਭੜਕਦੀ ਰਹੀ, ਜਿਸ ਵਿੱਚ ਖਿੱਝ ਸੜ ਕੇ ਉਹ ਆਤਮਕ ਮੌਤ ਮਰ ਗਏ।
ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ।।੨।।
ਜਿਨ੍ਹਾਂ ਦੀ ਰਾਖੀ ਗੁਰੂ ਨੇ ਕੀਤੀ, ਉਹ ਤ੍ਰਿਸ਼ਨਾ ਅੱਗ ਤੋਂ ਬਚ ਗਏ, ਬਾਕੀ ਸਭਨਾਂ ਨੂੰ ਦੁਨੀਆਂ ਦੇ ਖੱਲਜਗਣ ਠੱਗ ਨੇ ਠੱਗ ਲਿਆ।।੨।।
ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ।।
ਉਸ ਦੀ ਦੁਨਿਆਵੀ ਪ੍ਰੀਤ ਮੁੱਕ ਜਾਂਦੀ ਹੈ ਉਸ ਦਾ ਮਾਇਕ ਪਦਾਰਥਾਂ ਨਾਲ ਪਿਆਰ ਖਤਮ ਹੋ ਜਾਂਦਾ ਹੈ, ਉਸ ਦਾ ਕਿਸੇ ਨਾਲ ਵੈਰ ਵਿਰੋਧ ਨਹੀਂ ਰਹਿ ਜਾਂਦਾ।
ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ।।
ਉਸ ਦੀ ਮਾਇਆ ਵਾਲੀ ਦੌੜ ਭੱਜ ਮੁੱਕ ਜਾਂਦੀ ਹੈ, ਹਉਮੈ ਮਰ ਜਾਂਦੀ ਹੈ, ਮਾਇਆ ਦੀ ਮਮਤਾ ਖਤਮ ਹੋ ਜਾਂਦੀ ਹੈ, ਤੇ ਕ੍ਰੋਧ ਵੀ ਮਰ ਜਾਂਦਾ ਹੈ।
ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ।।੩।।
ਪਰ ਜੋ ਗੁਰਮੁਖਿ ਗਿਆਨ ਇੰਦ੍ਰਿਆਂ ਨੂੰ ਸਦਾ ਰੋਕ ਕੇ ਰੱਖਦਾ ਹੈ ਉਸਨੂੰ ਪ੍ਰਭੂ ਦੀ ਕਿਰਪਾ ਨਾਲ ਉਸ ਪ੍ਰਭੂ ਦਾ ਮਿਲਾਪ ਹੋ ਜਾਂਦਾ ਹੈ।।੩।।
ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ।।
ਜਿਹੜਾ ਮਨੁੱਖ ਸਿਮਰਨ ਦੀ ਸਦਾ ਟਿਕੀ ਰਹਿਣ ਵਾਲੀ ਕਾਰ ਵਿੱਚ ਲੱਗਾ ਰਹਿੰਦਾ ਹੈ ਉਸ ਨ ਸਦਾ ਥਿਰ ਪ੍ਰਭੂ ਮਿਲ ਪੈਂਦਾ ਹੈ, ਉਸਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਂਦੀ ਹੈ।
ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ।।
ਉਹ ਮਨੁੱਖ ਮੁੜ ਮੁੜ ਜੰਮਦਾ ਮਰਦਾ ਨਹੀਂ ਰਹਿੰਦਾ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ।
ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ।।੪।।੧੪।।
ਹੇ ਨਾਨਕ! ਉਹ ਮਨੁੱਖ ਪ੍ਰਭੂ ਦੇ ਦਰ ਤੇ ਸੁਰਖਰੂ ਹੁੰਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿੱਚ ਸਰੋਪਾ ਲੈ ਕੇ ਜਾਂਦਾ ਹੈ।।੪।।੧੪।।
ਸਿਰੀਰਾਗੁ ਮਹਲ ੧।।
ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ।।
(ਜਿਸ ਨੇ ਨਾਮ ਨਹੀਂ ਸਿਮਰਿਆ, ਉਸਦਾ ) ਸਰੀਰ (ਵਿਕਾਰਾਂ ਵਿੱਚ ਹੀ) ਸੜ ਬਲ ਕੇ ਮਿੱਟੀ ਹੋ ਜਾਂਦਾ ਹੈ ਰੁਲ ਜਾਂਦਾ ਹੈ ਉਸਦਾ ਮਨ ਮਾਇਆ ਦੇ ਮੋਹ ਵਿੱਚ ਫਸ ਕੇ ਮਨੋ ਸੜਿਆ ਹੋਇਆ ਲੋਹਾ ਬਣ ਜਾਂਦਾ ਹੈ।
ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ।।
ਫਿਰ ਵੀ ਵਿਕਾਰ ਉਸਦੀ ਖਲਾਸੀ ਨਹੀਂ ਕਰਦੇ, ਉਹ ਅਜੇ ਵੀ ਕੂੜ ਵਿੱਚ ਮਸਤ ਰਹਿ ਕੇ (ਮਾਇਆ ਦੇ ਮੋਹ ਦਾ) ਵਾਜਾ ਵਜਾਂਦਾ ਹੈ।
ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ।।੧।।
ਗੁਰ ਸ਼ਬਦ ਤੋਂ ਵਾਂਜਿਆਂ ਰਹਿ ਕੇ ਉਹ ਭਟਕਣਾ ਵਿੱਚ ਪਿਆ ਰਹਿੰਦਾ ਹੈ। ਦੁਬਿਧਾ ਉਸ ਮਨੁੱਖ ਦਾ (ਗਿਆਨ ਇੰਦ੍ਰਿਆਂ ਦਾ) ਸਾਰਾ ਹੀ ਪਰਿਵਾਰ (ਮੋਹ ਦੇ ਸਮੁੰਦਰ ਵਿੱਚ) ਡੋਬ ਦਿੰਦੀ ਹੈ।।੧।।
ਮਨ ਰੇ ਸਬਦਿ ਤਰਹੁ ਚਿਤੁ ਲਾਇ।।
ਹੇ (ਮੇਰੇ) ਮਨ! ਗੁਰੂ ਦੇ ਸ਼ਬਦ ਵਿੱਚ ਚਿੱਤ ਜੋੜ (ਤੇ ਇਸ ਤਰ੍ਹਾਂ ਸੰਸਾਰ ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘ।
ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ।।੧।। ਰਹਾਉ।।
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੀ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਈ, ਉਹ ਮਰਦਾ ਹੈ ਜੰਮਦਾ ਹੈ ਜੰਮਦਾ ਹੈ ਮਰਦਾ ਹੈ।।੧।। ਰਹਾਉ।।
ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ।।
ਜਿਸ ਸਰੀਰ ਵਿੱਚ ਸਦਾ ਥਿਰ ਪ੍ਰਭੂ ਦਾ ਨਾਮ ਟਿਕਿਆ ਰਹਿੰਦਾ ਹੈ ਉਹੀ ਸਰੀਰ ਪਵਿੱਤਰ ਅਖਵਾ ਸਕਦਾ ਹੈ।
ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ।।
ਜਿਹੜਾ ਸੁੰਦਰ ਸਰੀਰ ਪਰਮਾਤਮਾ ਦੇ ਅਦਬ ਪਿਆਰ ਵਿੱਚ ਪਰਮਾਤਮਾ ਦੀ ਯਾਦ ਵਿੱਚ ਰੰਗਿਆ ਰਹਿੰਦਾ ਹੈ, ਜਿਸ ਦੀ ਜੀਭ ਨੂੰ ਸਿਮਰਨ ਹੀ (ਆਪਣੀ ਹਸਤੀ ਦਾ) ਅਸਲ ਮਨੋਰਥ ਜਾਪਦਾ ਹੈ,
ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ।।੨।।
ਜਿਸ ਉੱਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਉਹ ਮੁੜ ਮੁੜ (ਚੌਰਾਸੀ ਦੇ ਗੇੜ ਦੀ ਕੁਠਾਲੀ ਵਿੱਚ ਪੈ ਕੇ) ਤਾਅ (ਸੇਕ) ਨਹੀਂ ਸਹਾਰਦਾ।।੨।।
ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ।।
(ਉਸ ਨੂੰ ਇਹ ਯਕੀਨ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਤੋਂ (ਸੂਖਮ ਤੱਤ) ਪਵਣ ਬਣਿਆ,
ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ।।
ਪਵਣ ਤੋਂ ਜਲ ਹੋਂਦ ਵਿੱਚ ਆਇਆ, ਜਲ ਤੋਂ ਸਾਰਾ ਜਗਤ ਰਚਿਆ ਗਿਆ, (ਤੇ, ਇਸ ਰਚੇ ਸੰਸਾਰ ਦੇ) ਹਰੇਕ ਘਟ ਵਿੱਚ ਪਰਮਾਤਮਾ ਦੀ ਜੋਤਿ ਸਮਾਈ ਹੋਈ ਹੈ।
ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ।।੩।।
ਗੁਰੂ ਦੇ ਸ਼ਬਦ ਵਿੱਚ ਰੰਗੇ ਹੋਏ ਨੂੰ (ਲੋਕ ਪਰਲੋਕ ਵਿੱਚ) ਆਦਰ ਮਿਲਦਾ ਹੈ ਉਹ ਸਦਾ ਪਵਿੱਤਰ ਰਹਿੰਦਾ ਹੈ, ਉਸਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ।।੩।।
ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ।।
ਉਸ ਦਾ ਮਨ ਸਦਾ ਥਿਰ ਪ੍ਰਭੂ ਵਿੱਚ ਟਿਕ ਕੇ ਸੰਤੋਖ ਦਾ ਧਾਰਨੀ ਹੋ ਜਾਂਦਾ ਹੈ, ਉਸ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰੀ ਰੱਖਦਾ ਹੈ।

Post a Comment