ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 30
ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 30
ਗੁਰੂ ਦੀ ਸਰਨ ਪੈ ਕੇ ਤੂੰ ਸਦਾ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦਾ ਰਹੁ।।੧।।ਰਹਾਉ।।
ਜਿਹੜੇ ਮਨੁੱਖ ਗੁਰੂ ਦੇ ਸਨਮੁੱਖ ਰਹਿੰਦੇ ਹਨ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਗੁਣਾਂ ਨੂੰ) ਵਿਚਾਰ ਕੇ ਉਹ (ਸਦਾ) ਸੁਰਖਰੂ ਰਹਿੰਦੇ ਹਨ।
ਉਹ ਆਪਣੇ ਹਿਰਦੇ ਵਿੱਚ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਲੋਕ ਪਰਲੋਕ ਵਿੱਚ ਸੁੱਖ ਮਾਣਦੇ ਹਨ।
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਨੂੰ ਚੇਤੇ ਕਰਕੇ ਉਹਨਾਂ ਆਪਣੇ ਹਿਰਦੇ ਵਿੱਚ ਹੀ ਪਰਮਾਤਮਾ ਦਾ ਨਿਵਾਸ-ਥਾਂ ਲੱਭ ਲਿਆ ਹੁੰਦਾ ਹੈ।।੨।।
ਜਿਹੜੇ ਮਨੁੱਖ ਗੁਰੂ ਵੱਲੋਂ ਮੂੰਹ ਭਵਾਂਦੇ ਹਨ, ਉਹਨਾਂ ਦੇ ਮੱਥੇ ਭ੍ਰਿਸ਼ਟੇ ਰਹਿੰਦੇ ਹਨ। (ਉਹਨਾਂ ਨੂੰ ਆਪਣੇ ਅੰਦਰੋਂ ਫਿਟਕਾਰ ਹੀ ਪੈਂਦੀ ਰਹਿੰਦੀ ਹੈ)।
ਉਹ ਸਦਾ ਉਹੀ ਕਰਤੂਤਾਂ ਕਰਦੇ ਹਨ, ਜਿਨ੍ਹਾਂ ਦਾ ਫਲ ਦੁੱਖ ਹੁੰਦਾ ਹੈ। ਉਹ ਸਦਾ ਜਮ ਦੇ ਜਾਲ ਵਿੱਚ ਜਮ ਦੀ ਤੱਕ ਵਿੱਚ ਰਹਿੰਦੇ ਹਨ।
ਕਦੇ ਸੁਪਨੇ ਵਿੱਚ ਭੀ ਉਹ ਸੁੱਖ ਨਹੀਂ ਮਾਣਦੇ, ਬਹੁਤ ਚਿੰਤਾ ਉਹਨਾਂ ਨੂੰ ਸਾੜਦੀ ਰਹਿੰਦੀ ਹੈ।।੩।।
ਉਹ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਆਪ ਹੀ ਬਖਸ਼ਿਸ਼ ਕਰਦਾ ਹੈ, ਉਹ ਆਪ ਹੀ (ਹਰੇਕ ਜੀਵ ਦੇ ਦਿਲ ਦੀ) ਜਾਣਦਾ ਹੈ।
ਪਰ ਕੁਝ ਕਿਹਾ ਨਹੀਂ ਜਾ ਸਕਦਾ (ਕਿ ਮਨਮੁਖ ਕਿਉਂ ਨਾਮ ਨਹੀਂ ਚੇਤਦਾ ਤੇ ਗੁਰਮੁਖਿ ਕਿਉਂ ਸਿਮਰਦਾ ਹੈ?) ਜਿਸ ਉੱਤੇ ਉਹ ਪ੍ਰਸੰਨ ਹੁੰਦਾ ਹੈ, ਉਸਨੂੰ ਨਾਮ ਦੀ ਦਾਤ ਦੇ ਦਿੰਦਾ ਹੈ।
ਹੇ ਨਾਨਕ! (ਉਸਦੀ ਮਿਹਰ ਨਾਲ) ਗੁਰੂ ਦੀ ਸ਼ਰਨ ਪਿਆਂ ਉਸ ਨਾਲ ਮਿਲਾਪ ਹੁੰਦਾ ਹੈ।।੪।।੯।।੪੨।।
ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ ਨੂੰ ਸਿਮਰਨਾ ਚਾਹੀਦਾ ਹੈ (ਜਿਹੜਾ ਸਿਮਰਦਾ ਹੈ ਉਸਨੂੰ) ਸਦਾ-ਥਿਰ ਪ੍ਰਭੂ ਇੱਜ਼ਤ ਦਿੰਦਾ ਹੈ।
ਗੁਰੂ ਦੀ ਮਿਹਰ ਨਾਲ ਜਿਸ ਦੇ ਮਨ ਵਿੱਚ ਪ੍ਰਭੂ ਵਸਦਾ ਹੈ ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ।
(ਪਰ ਕਿਸੇ ਦੇ ਵੱਸ ਦੀ ਗੱਲ ਨਹੀਂ। ਮਾਇਆ ਬੜੀ ਮੋਹਣੀ ਹੈ) ਜਦੋਂ ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ ਤਦੋਂ ਹੀ ਇਹ (ਮਾਇਆ ਦੇ ਪਿੱਛੇ) ਦੌੜਨੋਂ ਹਟਦਾ ਹੈ।।੧।।
ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰ।
ਜਿਸ ਮਨੁੱਖ ਦੇ ਮਨ ਵਿੱਚ ਨਾਮ-ਖਜ਼ਾਨਾ ਸਦਾ ਵੱਸਦਾ ਹੈ, ਉਹ ਪਰਮਾਤਮਾ ਦੇ ਚਰਨਾਂ ਵਿੱਚ ਟਿਕਾਣਾ ਲੱਭ ਲੈਂਦਾ ਹੈ।।੧।। ਰਹਾਉ।।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ (ਮਾਇਆ ਦੇ ਮੋਹ ਵਿੱਚ) ਅੰਨ੍ਹਾ ਹੋ ਜਾਂਦਾ ਹੈ, ਸਰੀਰ ਭੀ (ਭਾਵ, ਹਰੇਕ ਗਿਆਨ-ਇੰਦ੍ਰਾ ਭੀ) ਅੰਨ੍ਹਾ ਹੋ ਜਾਂਦਾ ਹੈ ਉਸ ਨੂੰ (ਆਤਮਕ ਸ਼ਾਂਤੀ ਵਾਸਤੇ) ਕੋਈ ਥਾਂ-ਥਿੱਤਾ ਸੁੱਝਦਾ ਨਹੀਂ।
(ਮਾਇਆ ਦੇ ਮੋਹ ਵਿੱਚ ਫਸ ਕੇ) ਉਹ ਅਨੇਕਾਂ ਜੂਨਾਂ ਵਿੱਚ ਭਟਕਦਾ ਹੈ (ਕਿਤੋਂ ਭੀ ਉਸਨੂੰ ਆਤਮਕ ਸ਼ਾਂਤੀ ਨਹੀਂ ਮਿਲਦੀ) ਜਿਵੇਂ ਕਿਸੇ ਸੁੰਞੇ ਘਰ ਵਿੱਚ ਕਾਂ ਜਾਂਦਾ ਹੈ (ਉਥੋਂ ਉਸਨੂੰ ਮਿਲਦਾ ਕੁਝ ਨਹੀਂ)
ਗੁਰੂ ਦੀ ਮੱਤ ਤੇ ਤੁਰਿਆਂ ਹਿਰਦੇ ਵਿੱਚ ਚਾਨਣ (ਹੋ ਜਾਂਦਾ ਹੈ) (ਭਾਵ, ਸਹੀ ਜੀਵਨ ਦੀ ਸੂਝ ਆ ਜਾਂਦੀ ਹੈ), ਗੁਰੂ ਦੇ ਸ਼ਬਦ ਵਿੱਚ ਜੁੜਿਆਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ।।੨।।
ਤ੍ਰਿਗੁਣੀ ਮਾਇਆ ਦੇ ਪ੍ਰਭਾਵ ਹੇਠ ਜਗਤ ਅੰਨ੍ਹਾ ਹੋ ਰਿਹਾ ਹੈ, ਮਾਇਆ ਦੇ ਮੋਹ ਦਾ ਹਨੇਰਾ (ਚੁਫੇਰੇ ਪਸਰਿਆ ਹੋਇਆ ਹੈ)।
ਲੋਭ-ਗ੍ਰਸੇ ਜੀਵ (ਉੰਞ ਤਾਂ) ਵੇਦਾਂ ਨੂੰ ਪੜ੍ਹ ਕੇ (ਉਹਨਾਂ ਦੇ ਉਪਦੇਸ਼ ਦਾ) ਢੰਡੋਰਾ ਦਿੰਦੇ ਹਨ, (ਪਰ ਅੰਦਰੋਂ ਪ੍ਰਭੂ ਨੂੰ ਵਿਸਾਰ ਕੇ) ਹੋਰ ਦੀ (ਭਾਵ, ਮਾਇਆ ਦੀ) ਸੇਵਾ ਕਰਦੇ ਹਨ।
ਮਾਇਆ ਦੇ ਮੋਹ ਵਿੱਚ ਖੁਆਰ ਹੋ ਹੋ ਕੇ ਆਤਮਕ ਮੌਤੇ ਮਰ ਜਾਂਦੇ ਹਨ (ਮਾਇਆ-ਮੋਹ ਦੇ ਘੁੱਪ ਹਨੇਰੇ ਵਿੱਚੋਂ ਉਹਨਾਂ ਨੂੰ) ਨਾਹ ਉਰਲਾ ਬੰਨਾ ਦਿਸਦਾ ਹੈ, ਨਾਹ ਪਾਰਲਾ ਬੰਨਾ।।੩।।
ਮਾਇਆ ਦੇ ਮੋਹ ਵਿੱਚ ਫਸ ਕੇ ਜੀਵਾਂ ਨੇ ਜਗਤ ਦੇ ਪਿਤਾ ਪਾਲਣਹਾਰ ਪ੍ਰਭੂ ਨੂੰ ਭੁਲਾ ਦਿੱਤਾ ਹੈ।
ਗੁਰੂ (ਦੀ ਸ਼ਰਨ) ਤੋਂ ਬਿਨਾਂ ਜੀਵ ਗਾਫਿਲ ਹੋ ਰਿਹਾ ਹੈ। (ਪਰਮਾਤਮਾ ਤੋਂ ਵਿੱਛੁੜੀ ਹੋਈ) ਸਾਰੀ ਲੁਕਾਈ ਨੂੰ ਆਤਮਕ ਮੌਤੇ (ਆਪਣੇ ਬੰਧਨਾਂ ਵਿੱਚ) ਜਕੜਿਆ ਹੋਇਆ ਹੈ।
ਹੇ ਨਾਨਕ! ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਇਆ ਦਾ ਨਾਮ ਹਿਰਦੇ ਵਿੱਚੋਂ ਵਸਾ ਕੇ ਹੀ ਜੀਵ (ਆਤਮਕ ਮੌਤ ਦੇ ਬੰਧਨਾਂ ਤੋਂ) ਬਚ ਸਕਦੇ ਹਨ।
(ਜਗਤ ਵਿਚ) ਤ੍ਰਿਗੁਣੀ ਮਾਇਆ ਦਾ ਮੋਹ (ਪਸਰ ਰਿਹਾ) ਹੈ ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਉਸ ਆਤਮਿਕ ਦਰਜੇ ਨੂੰ ਹਾਸਲ ਕਰ ਲੈਂਦਾ ਹੈ ਜਿੱਥੇ ਮਾਇਆ ਮਾਇਆ ਦੇ ਤਿੰਨ ਗੁਣਾਂ ਦਾ ਜ਼ੋਰ ਨਹੀਂ ਪੈ ਸਕਦਾ।
ਪਰਮਾਤਮਾ ਨੇ ਮਿਹਰ ਕਰਕੇ ਜਿਨ੍ਹਾਂ ਮਨੁੱਖਾਂ ਨੂੰ ਆਪਣੇ ਚਰਨਾਂ ਵਿੱਚ ਮਿਲਾਇਆ ਹੈ ਉਹਨਾਂ ਦੇ ਮਨ ਵਿੱਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।
ਜਿਨ੍ਹਾਂ ਦੇ ਭਾਗਾਂ ਵਿੱਚ ਨੇਕੀ ਹੈ, ਪਰਮਾਤਮਾ ਉਹਨਾਂ ਨੂੰ ਸਾਧ ਸੰਗਤ ਵਿੱਚ ਮਿਲਾਉਂਦਾ ਹੈ।।੧।।
ਹੇ ਭਾਈ! ਗੁਰੂ ਦੀ ਮੱਤ ਲੈ ਕੇ ਸਦਾ-ਥਿਰ ਪ੍ਰਭੂ ਵਿੱਚ ਟਿਕੇ ਰਹੋ।
ਸਦਾ-ਥਿਰ ਪ੍ਰਭੂ ਦੇ ਸਿਮਰਨ ਦੀ ਹੀ ਕਮਾਈ ਕਰੋ, ਸਦਾ-ਥਿਰ ਪਰਮਾਤਮਾ ਦੀ ਸਿਫਤ-ਸਾਲਾਹ ਵਿੱਚ ਜੁੜੇ ਰਹੋ।।੧।।ਰਹਾਉ।।
ਮੈਂ ਉਹਨਾਂ ਗੁਰਮੁਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦੀ ਕਦਰ ਸਮਝੀ ਹੈ।
ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ, ਮੈਂ ਉਹਨਾਂ ਦੇ ਪਿਆਰ ਅਨੁਸਾਰ ਹੋ ਕੇ ਤੁਰਦਾ ਹਾਂ।
(ਜਿਹੜਾ ਮਨੁੱਖ ਨਾਮ ਜਪਣ ਵਾਲਿਆਂ ਦੀ ਸਰਨ ਪੈਂਦਾ ਹੈ ਉਹ) ਆਤਮਕ ਅਡੋਲਤਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿੱਚ ਲੀਨ ਹੋ ਜਾਂਦਾ ਹੈ, ਉਸਨੂੰ ਪ੍ਰਭੂ ਦਾ ਨਾਮ (- ਰੂਪ) ਲਾਭ ਹਾਸਿਲ ਹੋ ਜਾਂਦਾ ਹੈ।।੨।।
ਗੁਰੂ ਦੀ ਸ਼ਰਨ ਤੋਂ ਬਿਨਾਂ ਪਰਮਾਤਮਾ ਦਾ ਦਰ ਨਹੀਂ ਲੱਭਦਾ, ਪ੍ਰਭੂ ਦਾ ਨਾਮ ਨਹੀਂ ਮਿਲਦਾ।
(ਤੂੰ ਭੀ) ਅਜਿਹਾ ਗੁਰੂ ਲੱਭ ਲੈ, ਜਿਸ ਪਾਸੋਂ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪਏ।
(ਜਿਹੜਾ ਮਨੁੱਖ ਗੁਰੂ ਦੀ ਰਾਹੀਂ ਪਰਮਾਤਮਾ ਨੂੰ ਲੱਭ ਲੈਂਦਾ ਹੈ) ਉਹ ਕਾਮਾਦਿਕ ਦੈਂਤਾਂ ਨੂੰ ਮਾਰ ਲੈਂਦਾ ਹੈ, ਉਹ ਆਤਮਕ ਆਨੰਦ ਵਿੱਚ ਟਿਕਿਆ ਰਹਿੰਦਾ ਹੈ (ਉਸਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ।।੩।।
ਕੋਈ ਭੀ ਮਨੁੱਖ (ਗੁਰੂ ਚਰਨਾਂ ਵਿੱਚ) ਸਰਧਾ ਬਣ ਕੇ ਵੇਖ ਲਏ, ਸਤਿਗੁਰੂ ਨੂੰ ਜਿਹੋ ਜਿਹਾ ਕਿਸੇ ਨੇ ਸਮਝਿਆ ਹੈ ਉਸਨੂੰ ਉਹੋ ਜਿਹਾ ਆਤਮਕ ਆਨੰਦ ਪ੍ਰਾਪਤ ਹੋਇਆ ਹੈ।
ਇਸ ਵਿੱਚ ਰਤਾ ਭਰ ਭੀ ਸ਼ੱਕ ਨਹੀਂ ਹੈ, (ਭਾਵੇਂ ਕੋਈ ਵੀ ਮਨੁੱਖ ਸਤਿਗੁਰੂ ਨਾਲ ਪਿਆਰ ਕਰਕੇ ਦੇਖ ਲਵੇ।)
ਹੇ ਨਾਨਕ! (ਜਿਸ ਸਿੱਖ ਦਾ ਗੁਰੂ ਨਾਲ ਗੁਰੂ ਦੇ) ਸ਼ਬਦ ਦੀ ਰਾਹੀਂ ਮਿਲਾਪ ਹੋ ਜਾਂਦਾ ਹੈ, (ਉਸ ਸਿੱਖ ਅਤੇ ਗੁਰੂ ਦੀ) ਜੋਤਿ ਇੱਕ ਹੋ ਜਾਂਦੀ ਹੈ, ਸਰੀਰ ਭਾਵੇਂ ਦੋ ਹੁੰਦੇ ਹਨ।।੪।।੧੧।।੪੪।।

Post a Comment