ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 6
ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 6
ਗੋਪੀਆਂ ਅਤੇ ਕਈ ਕਾਨ੍ਹ ਅਕਾਲ ਪੁਰਖ ਦਾ ਅੰਦਾਜ਼ਾ ਲਾਉਂਦੇ ਹਨ।
ਕਈ ਸ਼ਿਵ ਤੇ ਸਿੱਧ ਅਕਾਲ ਪੁਰਖ ਦੀ ਵਡਿਆਈ ਆਖਦੇ ਹਨ।
ਅਕਾਲ ਪੁਰਖ ਦੇ ਪੈਦਾ ਕੀਤੇ ਹੋਏ ਬੇਅੰਤ ਬੁੱਧ ਉਸਦੀ ਵਡਿਆਈ ਆਖਦੇ ਹਨ।
ਰਾਕਸ਼ ਤੇ ਦੇਵਤੇ (ਵੀ) ਅਕਾਲ ਪੁਰਖ ਦੀ ਵਡਿਆਈ ਆਖਦੇ ਹਨ।
ਦੇਵਤਾ ਸੁਭਾਉ ਮਨੁੱਖ, ਮੁਨੀ ਲੋਕ ਤੇ ਸੇਵਕ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ।
ਬੇਅੰਤ ਜੀਵ ਅਕਾਲ ਪੁਰਖ ਦਾ ਅੰਦਾਜ਼ਾ ਲਾ ਰਹੇ ਹਨ ਅਤੇ ਬੇਅੰਤ ਹੀ ਲਾਉਣ ਦਾ ਯਤਨ ਕਰ ਰਹੇ ਹਨ।
ਬੇਅੰਤ ਜੀਵ ਅੰਦਾਜ਼ਾ ਲਾ ਲਾ ਕੇ ਇਸ ਜਗਤ ਤੋਂ ਤੁਰੇ ਜਾ ਰਹੇ ਹਨ।
ਜਗਤ ਵਿੱਚ ਇਤਨੇ (ਬੇਅੰਤ) ਜੀਵ ਪੈਦਾ ਕੀਤੇ ਹੋਏ ਹਨ (ਜੋ ਬਿਆਨ ਕਰ ਰਹੇ ਹਨ), (ਪਰ ਹੇ ਹਰੀ!) ਜੇ ਤੂੰ ਹੋਰ ਵੀ (ਬੇਅੰਤ ਜੀਵ) ਪੈਦਾ ਕਰ ਦੇਵੇਂ।
ਤਾਂ ਭੀ ਕੋਈ ਜੀਵ ਤੇਰਾ ਅੰਦਾਜ਼ਾ ਨਹੀਂ ਲਾ ਸਕਦੇ।
ਹੇ ਨਾਨਕ! ਪਰਮਾਤਮਾ ਜਿਤਨਾ ਚਾਹੁੰਦਾ ਹੈ ਉਤਨਾ ਹੀ ਵੱਡਾ ਹੋ ਜਾਂਦਾ ਹੈ (ਆਪਣੀ ਕੁਦਰਤ ਵਧਾ ਲੈਂਦਾ ਹੈ)।
ਉਹ ਸਦਾ ਥਿਰ ਰਹਿਣ ਵਾਲਾ ਹਰੀ ਆਪ ਹੀ ਜਾਣਦਾ ਹੈ ਕਿ ਉਹ ਕਿੱਡਾ ਵੱਡਾ ਹੈ।
ਜੇ ਕੋਈ ਬੜਬੋਲਾ ਮਨੁੱਖ ਦੱਸਣ ਲੱਗੇ (ਕਿ ਅਕਾਲ ਪੁਰਖ ਕਿਤਨਾ ਵੱਡਾ ਹੈ)।
ਤਾ ਉਹ ਮਨੁੱਖ ਮੂਰਖਾਂ- ਸਿਰ -ਮੂਰਖ ਗਿਣਿਆ ਜਾਂਦਾ ਹੈ।।੨੬।।
ਉਹ ਦਰ ਘਰ ਬੜਾ ਹੀ ਅਸਚਰਜ ਹੈ ਜਿੱਥੇ ਬਹਿ ਕੇ, (ਹੇ ਨਿਰੰਕਾਰ!) ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ।
(ਤੇਰੀ ਇਸ ਰਚੀ ਹੋਈ ਕੁਦਰਤ ਵਿੱਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ।
ਰਾਗਣੀਆਂ ਸਣੇ ਬੇਅੰਤ ਹੀ ਰਾਗ ਕਹੇ ਜਾਂਦੇ ਹਨ ਅਤੇ ਅਨੇਕਾਂ ਹੀ ਜੀਵ (ਇਹਨਾਂ ਰਾਗਾਂ ਦੇ) ਗਾਉਣ ਵਾਲੇ ਹਨ (ਜੋ ਤੈਨੂੰ ਗਾ ਰਹੇ ਹਨ)!
(ਹੇ ਨਿਰੰਕਾਰ!) ਪਉਣ,ਪਾਣੀ, ਅਗਨੀ, ਤੇਰੇ ਗੁਣ ਗਾ ਰਹੇ ਹਨ। ਧਰਮ ਰਾਜ ਤੇਰੇ ਦਰ ਤੇ (ਖਲੋ ਕੇ) ਤੈਨੂੰ ਵਡਿਆਇ ਰਿਹਾ ਹੈ।
ਉਹ ਚਿੱਤਰ ਗੁਪਤ ਭੀ ਜੋ (ਜੀਵਾਂ ਦੇ ਚੰਗੇ ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ, ਅਤੇ ਜਿਨਾਂ ਦੇ ਲਿਖੇ ਹੋਏ ਨੂੰ ਧਰਮ ਰਾਜ ਵਿਚਾਰਦਾ ਹੈ, ਤੇਰੀਆਂ ਵਡਿਆਈਆਂ ਕਰ ਰਹੇ ਹਨ।
(ਹੇ ਅਕਾਲ ਪੁਰਖ!) ਦੇਵੀਆਂ, ਸ਼ਿਵ ਤੇ ਬ੍ਰਹਮਾ, ਜੋ ਤੇਰੇ ਸਵਾਰੇ ਹੋਏ ਹਨ, ਤੈਨੂੰ ਗਾ ਰਹੇ ਹਨ।
ਕਈ ਇੰਦਰ ਆਪਣੇ ਤਖਤ ਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ ਤੇ ਤੈਨੂੰ ਸਲਾਹ ਰਹੇ ਹਨ।
ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ, ਸਾਧ ਵਿਚਾਰ ਕਰ ਕਰ ਕੇ ਤੈਨੂੰ ਸਲਾਹ ਰਹੇ ਹਨ।
ਜਤ-ਧਾਰੀ, ਦਾਨ ਕਰਨ ਵਾਲੇ ਤੇ ਸੰਤੋਖ ਵਾਲੇ ਪੁਰਸ਼ ਤੇਰੇ ਗੁਣ ਗਾ ਰਹੇ ਹਨ ਅਤੇ (ਬੇਅੰਤ) ਤਕੜੇ ਸੂਰਮੇ ਤੇਰੀਆਂ ਵਡਿਆਈਆਂ ਕਰ ਰਹੇ ਹਨ।
(ਹੇ ਅਕਾਲ ਪੁਰਖ!) ਪੰਡਿਤ ਤੇ ਮਹਾਂਰਿਖੀ ਜੋ (ਵੇਦਾਂ ਨੂੰ) ਪੜਦੇ ਹਨ, ਵੇਦਾਂ ਸਣੇ ਤੈਨੂੰ ਗਾ ਰਹੇ ਹਨ।
ਸੁੰਦਰ ਇਸਤਰੀਆਂ, ਜੋ ਸੁਰਗ, ਮਾਤ-ਲੋਕ ਤੇ ਪਾਤਾਲ ਵਿੱਚ (ਭਾਵ, ਹਰ ਥਾਂ) ਮਨੁੱਖ ਦੇ ਮਨ ਨੂੰ ਮੋਹ ਲੈਂਦੀਆਂ ਹਨ, ਤੈਨੂੰ ਗਾ ਰਹੀਆਂ ਹਨ।
(ਹੇ ਨਿਰੰਕਾਰ!) ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਗਾ ਰਹੇ ਹਨ।
ਵੱਡੇ ਬਲ ਵਾਲੇ ਜੋਧੇ ਤੇ ਸੂਰਮੇ ਤੇਰੀ ਸਿਫਤ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ।
ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਅਤੇ ਚੱਕਰ, ਜੋ ਤੂੰ ਪੈਦਾ ਕਰਕੇ ਟਿਕਾ ਰੱਖੇ ਹਨ, ਤੈਨੂੰ ਗਾਉਂਦੇ ਹਨ।
(ਹੇ ਅਕਾਲ ਪੁਰਖ!) (ਅਸਲ ਵਿੱਚ ਤਾਂ) ਉਹੋ ਤੇਰੇ ਪ੍ਰੇਮ ਵਿੱਚ ਰੱਤੇ ਰਸੀਏ ਭਗਤ ਜਨ ਤੈਨੂੰ ਗਾਉਂਦੇ ਹਨ ਭਾਵ, ਉਹਨਾਂ ਦਾ ਹੀ ਗਾਉਣਾ ਸਫਲ ਹੈ) ਜੋ ਤੈਨੂੰ ਚੰਗੇ ਲੱਗਦੇ ਹਨ।
ਅਨੇਕਾਂ ਹੋਰ ਜੀਵ ਤੈਨੂੰ ਜਾ ਰਹੇ ਹਨ, ਜਿਹੜੇ ਮੈਥੋਂ ਗਿਣੇ ਵੀ ਨਹੀਂ ਜਾ ਸਕਦੇ। (ਭਲਾ) ਨਾਨਕ (ਵਿਚਾਰਾ) ਕੀ ਵਿਚਾਰ ਕਰ ਸਕਦਾ ਹੈ?
ਉਹ ਅਕਾਲ ਪੁਰਖ ਸਦਾ ਥਿਰ ਹੈ। ਉਹ ਮਾਲਕ ਸੱਚਾ ਹੈ, ਉਸ ਦੀ ਵਡਿਆਈ ਵੀ ਸਦਾ ਅਟੱਲ ਹੈ।
ਜਿਸ ਅਕਾਲ ਪੁਰਖ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਸ ਵੇਲੇ ਮੌਜੂਦ ਹੈ, ਸਦਾ ਰਹੇਗਾ। ਨਾਹ ਉਹ ਜੰਮਿਆ ਹੈ ਅਤੇ ਨਾਹ ਹੀ ਮਰੇਗਾ।
ਜਿਸ ਅਕਾਲ ਪੁਰਖ ਨੇ ਕਈ ਰੰਗਾਂ, ਕਿਸਮਾਂ ਤੇ ਜਿਨਸਾਂ ਦੀ ਮਾਇਆ ਰੱਚ ਦਿੱਤੀ ਹੈ।
ਉਹ ਜਿਵੇਂ ਉਸ ਦੀ ਰਜ਼ਾ ਹੈ (ਭਾਵ, ਜੇਡਾ ਵੱਡਾ ਆਪ ਹੈ ਓਡੇ ਵੱਡੇ ਜਿਗਰੇ ਨਾਲ ਜਗਤ ਨੂੰ ਰਚ ਕੇ) ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਵੀ ਕਰ ਰਿਹਾ ਹੈ।
ਜੋ ਕੁਝ ਅਕਾਲ ਪੁਰਖ ਨੂੰ ਭਾਉਂਦਾ ਹੈ, ਉਹੋ ਹੀ ਕਰੇਗਾ, ਕਿਸੇ ਜੀਵ ਪਾਸੋਂ ਅਕਾਲ ਪੁਰਖ ਅੱਗੇ ਹੁਕਮ ਨਹੀਂ ਕੀਤਾ ਜਾ ਸਕਦਾ (ਉਸ ਨੂੰ ਇਹ ਨਹੀਂ ਆਖ ਸਕਦੇ -'ਇਉ ਨ ਕਰੀਂ ਇਉਂ ਕਰ')।
ਅਕਾਲ ਪੁਰਖ ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਵੀ ਪਾਤਿਸ਼ਾਹ ਹੈ । ਹੇ ਨਾਨਕ! (ਜੀਵਾਂ ਨੂੰ) ਉਸ ਦੀ ਰਜ਼ਾ ਵਿੱਚ ਰਹਿਣਾ (ਹੀ ਫਬਦਾ ਹੈ)।।੨੭।।
(ਹੇ ਜੋਗੀ!) ਜੇ ਤੂੰ ਸੰਤੋਖ ਨੂੰ ਆਪਣੀਆਂ ਮੁੰਦਰਾਂ ਬਣਾਵੇ, ਮਿਹਨਤ ਨੂੰ ਖੱਪਰ ਤੇ ਝੋਲੀ, ਅਤੇ ਅਕਾਲ ਪੁਰਖ ਦੇ ਧਿਆਨ ਦੀ ਸੁਆਹ (ਪਿੰਡੇ ਤੇ ਮਲੇਂ)।
ਮੌਤ (ਦਾ ਭਉ) ਤੇਰੀ ਗੋਦੜੀ ਹੋਵੇ, ਸਰੀਰ ਨੂੰ ਵਿਕਾਰਾਂ ਤੋਂ ਬਚਾ ਕੇ ਰੱਖਣਾ ਤੇਰੇ ਲਈ ਜੋਗ ਦੀ ਰਹਿਤ ਹੋਵੇ ਅਤੇ ਸ਼ਰਧਾ ਨੂੰ ਡੰਡਾ ਬਣਾਵੇਂ (ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਸਕਦੀ ਹੈ)
ਜੋ ਮਨੁੱਖ ਸਾਰੀ ਸ੍ਰਿਸ਼ਟੀ ਦੇ ਜੀਵਾਂ ਨੂੰ ਆਪਣੇ ਸੱਜਣ ਮਿੱਤਰ ਸਮਝਦਾ ਹੈ (ਅਸਲ ਵਿੱਚ) ਉਹੀ ਆਈ ਪੰਥ ਵਾਲਾ ਹੈ। ਜੇ ਆਪਣਾ ਮਨ ਜਿੱਤਿਆ ਜਾਏ, ਤਾਂ ਸਾਰਾ ਜਗਤ ਹੀ ਜਿੱਤਿਆ ਜਾਂਦਾ ਹੈ (ਭਾਵ, ਤਾਂ ਜਗਤ ਦੀ ਮਾਇਆ ਪਰਮਾਤਮਾ ਤੋਂ ਵਿਛੋੜ ਨਹੀਂ ਸਕਦੀ)।
(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ।
ਜੋ (ਸਭ ਦਾ) ਮੁੱਢ ਹੈ, ਜੋ ਸੁਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ) ਜੋ ਨਾਸ ਸਹਿਤ ਹੈ ਅਤੇ ਜੋ ਸਦਾ ਹੀ ਇੱਕੋ ਜਿਹਾ ਰਹਿੰਦਾ ਹੈ।।੨੮।।
(ਹੇ ਜੋਗੀ! ਜੀ) ਅਕਾਲ ਪੁਰਖ ਦੀ ਸਰਬ ਵਿਆਪਕਤਾ ਦਾ ਗਿਆਨ ਤੇਰੇ ਲਈ ਭੰਡਾਰਾ (ਚੂਰਮਾ) ਹੋਵੇ, ਦਇਆ ਇਸ (ਗਿਆਨ ਰੂਪ) ਭੰਡਾਰੇ ਦੀ ਵਰਤਾਵੀ ਹੋਵੇ, ਹਰੇਕ ਜੀਵ ਦੇ ਅੰਦਰ ਜਿਹੜੀ (ਜਿੰਦਗੀ ਦੀ ਰੌ ਚੱਲ ਰਹੀ ਹੈ, (ਭੰਡਾਰਾ ਛਕਣ ਵੇਲੇ ਜੇ ਤੇਰੇ ਅੰਦਰ) ਇਹ ਨਾਦੀ ਵੱਜ ਰਹੀ ਹੋਵੇ।
ਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿੱਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ । ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿਧੀਆਂ ਵਿਅਰਥ ਹਨ, ਇਹ ਰਿੱਧੀਆਂ ਤੇ ਸਿੱਧੀਆਂ (ਤਾਂ) ਕਿਸੇ ਹੋਰ ਪਾਸੇ ਖੜਨ ਵਾਲੇ ਸਵਾਦ ਹਨ।
ਅਕਾਲ ਪੁਰਖ ਦੀ "ਸੰਯੋਗ" ਸੱਤਾ ਤੇ "ਵਿਜੋਗ" ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰਕੇ ਟੱਬਰ ਆਦਿਕਾਂ ਦੇ ਜੀਵ ਇੱਥੇ ਆ ਇਕੱਠੇ ਹੁੰਦੇ ਹਨ । ਰਜ਼ਾ ਵਿੱਚ ਫਿਰ ਵਿਛੜ ਵਿਛੜ ਕੇ ਆਪੋ ਆਪਣੀ ਵਾਰੀ ਇਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ ਬ ਦਰਜਾ ਸੁੱਖ ਦੁੱਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ।)

Post a Comment