ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 17
ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 17
ਪਾਸੋਂ ਆਪਣਾ ਹੁਕਮ (ਮਨਾਣਾ) ਤੇ (ਹੁਕਮ ਦੇ) ਹੋਰ ਹੋਰ ਬੋਲ ਬੋਲਣੇ (ਤੇ ਇਸ ਵਿੱਚ ਖੁਸ਼ੀ ਮਹਿਸੂਸ ਕਰਨੀ ਮੇਰੇ ਵਾਸਤੇ) ਤੇਰੀ ਰਜ਼ਾ ਵਿੱਚ ਰਾਜ਼ੀ ਰਹਿਣਾ ਹੈ।
ਹੇ ਨਾਨਕ! ਸਦਾ ਥਿਰ ਪ੍ਰਭੂ ਪਾਤਿਸ਼ਾਹ ਐਸੇ ਜੀਵਨ ਵਾਲੇ ਦੀ ਹੋਰ ਪੁੱਛ ਵਿਚਾਰ ਨਹੀਂ ਕਰਦਾ (ਭਾਵ, ਉਸ ਦਾ ਜੀਵਨ ਉਸ ਦੀਆਂ ਨਜ਼ਰਾਂ ਬਿਵ ਪ੍ਰਵਾਨ ਹੈ)।।੪।।
ਇਹ ਭਾਈ! (ਪ੍ਰਭੂ ਦੀ ਸਿਫਤ ਸਾਲਾਹ ਦੀ ਖੁਸ਼ੀ ਛੱਡ ਕੇ) ਹੋਰ ਐਸ਼ ਇਸ਼ਰਤ ਦੀ ਖੁਸ਼ੀ ਖੁਆਰ ਕਰਦੀ ਹੈ,
ਕਿਉਂਕਿ ਹੋਰ ਹੋਰ ਐਸ਼ ਇਸ਼ਰਤ ਸਰੀਰ ਨੂੰ ਰੋਗੀ ਕਰਦੀ ਹੈ ਤੇ ਮਨ ਵਿੱਚ ਭੀ ਵਿਕਾਰ ਚੱਲ ਪੈਂਦੇ ਹਨ।।੧।।ਰਹਾਉ।।੪।।੭।।
ਜਿਸ ਮਨੁੱਖ ਦਾ ਸਰੀਰ ਕੀਸਰ (ਵਰਗਾ ਸ਼ੁੱਧ ਵਿਕਾਰ ਰਹਿਤ) ਹੋਵੇ, ਉਸ ਦੀ ਜੀਭ (ਪ੍ਰਭੂ ਦੀ ਸਿਫਤ ਸਾਲਾਹ ਦੇ) ਰਤਨਾਂ ਨਾਲ ਜੜੀ ਹੋਵੇ, ਜਿਸਦੇ ਸਰੀਰ ਵਿੱਚ ਹਰੇਕ ਸੁਆਸ ਉਸਦੀ ਲਕੜੀ ਦੀ ਸੁਗੰਧੀ ਵਾਲਾ ਹੋਵੇ (ਭਾਵ, ਪ੍ਰਭੂ ਦੇ ਨਾਮ ਦੀ ਯਾਦ ਨਾਲ ਸੁਗੰਧਿਤ ਹੋਵੇ),
ਜਿਸ ਮਨੁੱਖ ਦੇ ਮੱਥੇ ਉੱਤੇ ਅਠਾਹਠ ਤੀਰਥਾਂ ਦਾ ਟਿੱਕਾ ਹੋਵੇ (ਭਾਵ, ਜੋ ਪ੍ਰਭੂ ਦਾ ਨਾਮ ਜਪ ਕੇ ਅਠਾਹਠ ਤੀਰਥਾਂ ਨਾਲੋਂ ਵਧੀਕ ਪਵਿੱਤਰ ਹੋ ਚੁੱਕਾ ਹੋਵੇ) ਉਸ ਮਨੁੱਖ ਦੇ ਅੰਦਰ ਮੱਤ ਖਿੜਦੀ ਹੈ।
ਉਸ ਖਿੜੀ ਹੋਈ ਮੱਤ ਨਾਲ ਹੀ ਸੱਚਾ ਨਾਮ ਸਲਾਹਿਆ ਜਾ ਸਕਦਾ ਹੈ, ਗੁਣਾਂ ਦਾ ਖਜ਼ਾਨਾ ਪ੍ਰਭੂ ਸਲਾਹਿਆ ਜਾ ਸਕਦਾ ਹੈ।
ਹੇ ਭਾਈ! ਪ੍ਰਭੂ ਦੇ ਨਾਮ ਤੋਂ ਖੁੰਝੀ ਹੋਈ ਮੱਤ ਹੋਰ ਹੋਰ ਪਾਸੇ ਹੀ ਲੈ ਜਾਂਦੀ ਹੈ।
ਸਿਫਤ ਸਾਲਾਹ ਛੱਡ ਕੇ ਜੇ ਹੋਰ ਕਰਮ ਸੈਂਕੜੇ ਵਾਰੀ ਭੀ ਕਰੀਏ (ਤਾਂ ਕੁਝ ਨਹੀਂ ਬਣਦਾ, ਕਿਉਂਕਿ) ਕੂੜਾ ਕਰਮ ਕਰਨ ਵਾਲਾ ਕੂੜ ਦਾ ਹੀ ਜ਼ੋਰ ਵਧਦਾ ਹੈ।।੧।।
ਜੇ ਕੋਈ ਮਨੁੱਖ ਪੀਰ ਅਖਵਾਣ ਲੱਗ ਪਏ, ਸਾਰਾ ਸੰਸਾਰ ਆ ਕੇ ਉਸ ਦਾ ਦਰਸ਼ਨ ਕਰੇ, ਉਸ ਦੀ ਪੂਜਾ ਹੋਣ ਲੱਗ ਪਏ,
ਜੇ ਉਹ ਪੁੱਗਿਆ ਹੋਇਆ (ਕਰਾਮਾਤੀ) ਜੋਗੀ ਗਿਣਿਆ ਜਾਣ ਲੱਗ ਪਏ, ਵੱਡੇ ਨਾਮਣੇ ਵਾਲਾ ਸਦਾਣ ਲੱਗ ਪਏ,
(ਤਾਂ ਭੀ ਇਹ ਸਭ ਕੁਝ ਕਿਸੇ ਅਰਥ ਨਹੀਂ, ਕਿਉਂਕਿ) ਜੇ ਪ੍ਰਭੂ ਦੀ ਹਜ਼ੂਰੀ ਵਿੱਚ ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਉਸਨੂੰ ਇੱਜ਼ਤ ਨਹੀਂ ਮਿਲਦੀ, ਤਾਂ (ਦੁਨੀਆ ਵਿੱਚ ਹੋਈ) ਸਾਰੀ ਪੂਜਾ ਖੁਆਰ ਹੀ ਕਰਦੀ ਹੈ।।੨।।
ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਸ਼ਾਬਾਸ਼ ਦਿੱਤੀ ਹੈ, ਉਹਨਾਂ ਦੀ ਉਸ ਇੱਜ਼ਤ ਨੂੰ ਕੋਈ ਮਿਟਾ ਨਹੀਂ ਸਕਦਾ।
(ਕਿਉਂਕਿ) ਉਹਨਾਂ ਦੇ ਹਿਰਦੇ ਵਿੱਚ ਪ੍ਰਭੂ ਦਾ ਨਾਮ ਖਜ਼ਾਨਾ ਵੱਸਦਾ ਹੈ, ਉਹਨਾਂ ਦੇ ਅੰਦਰ ਨਾਮ ਹੀ ਉੱਘੜਦਾ ਹੈ।
(ਇਹ ਪੱਕਾ ਨਿਯਮ ਜਾਣੋ ਕਿ) ਪ੍ਰਭੂ ਦਾ ਨਾਮ ਹੀ ਪੂਜਿਆ ਜਾਂਦਾ ਹੈ, ਨਾਮ ਹੀ ਸਤਕਾਰਿਆ ਜਾਂਦਾ ਹੈ। ਪ੍ਰਭੂ ਹੀ ਸਦਾ ਇੱਕ ਰਸ ਸਦਾ ਥਿਰ ਰਹਿਣ ਵਾਲਾ ਹੈ।।੩।।
(ਜਿਨ੍ਹਾਂ ਮਨੁੱਖਾਂ ਨੇ ਕਦੇ ਨਾਮ ਨਾਹ ਜਪਿਆ, ਉਹਨਾਂ ਦਾ ਸਰੀਰ ਜਦੋਂ) ਮਿੱਟੀ ਹੋ ਕੇ ਮਿੱਟੀ ਵਿੱਚ ਰਲਿਆ, ਤਾਂ (ਨਾਮਹੀਣ) ਜਿੰਦ ਦਾ ਹਾਲ ਭੈੜਾ ਹੀ ਹੁੰਦਾ ਹੈ।
(ਦੁਨੀਆਂ ਵਿੱਚ ਕੀਤੀਆਂ) ਸਾਰੀਆਂ ਚਤੁਰਾਈਆਂ ਸੁਆਹ ਹੋ ਜਾਂਦੀਆਂ ਹਨ, ਜਗਤ ਤੋਂ ਜੀਵ ਦੁਖੀ ਹੋ ਕੇ ਹੀ ਤੁਰਦਾ ਹੈ।
ਹੇ ਨਾਨਕ! ਜੇ ਪ੍ਰਭੂ ਦਾ ਨਾਮ ਭੁਲਾ ਦੇਈਏ, ਤਾਂ ਪ੍ਰਭੂ ਦੇ ਦਰ ਤੇ ਪਹੁੰਚ ਕੇ ਭੈੜਾ ਹਾਲ ਹੀ ਹੁੰਦਾ ਹੈ।।੪।।੮।।
ਜਿਸ ਜੀਵ ਇਸਤ੍ਰੀ ਨੇ ਆਪਣੇ ਹਿਰਦੇ ਵਿੱਚ ਪ੍ਰਭੂ ਦੀ ਸਿਫਤ ਸਾਲਾਹ ਵਸਾਈ ਹੋਈ ਹੈ ਉਹ ਪ੍ਰਭੂ ਦੇ ਗੁਣਾਂ ਦੀ ਹੀ ਕਥਾ ਵਾਰਤਾ ਕਰਦੀ ਹੈ। ਪਰ ਜਿਸ ਦੇ ਅੰਦਰ (ਮਾਇਆ ਦੇ ਮੋਹ ਦੇ ਕਾਰਨ) ਔਗੁਣ ਹੀ ਔਗੁਣ ਹਨ ਉਹ (ਆਪਣੇ ਹੀ ਔਗੁਣਾਂ ਦੇ ਪ੍ਰਭਾਵ ਹੇਠ) ਸਦਾ ਝੂਰਦੀ ਰਹਿੰਦੀ ਹੈ।
ਹੇ ਜੀਵ ਇਸਤ੍ਰੀ! ਜੇ ਤੂੰ ਖਸਮ ਪ੍ਰਭੂ ਨੂੰ ਮਿਲਣਾ ਚਾਹੁੰਦੀ ਹੈਂ, ਤਾਂ (ਚੇਤੇ ਰੱਖ ਕਿ) ਕੂੜੇ ਮੋਹ ਵਿੱਚ ਫਸੇ ਰਿਹਾ ਪਤੀ ਪ੍ਰਭੂ ਨੂੰ ਨਹੀਂ ਮਿਲ ਸਕਦੀ।
(ਤੂੰ ਤਾਂ ਮੋਹ ਦੇ ਸਮੁੰਦਰ ਵਿੱਚ ਗੋਤੇ ਖਾ ਰਹੀ ਹੈਂ) ਤੇਰੇ ਪਾਸ ਨਾਹ ਬੇੜੀ ਹੈ, ਨਾ ਤੁਲਹਾ ਹੈ, ਇਸ ਤਰ੍ਹਾਂ ਪਤੀ ਪ੍ਰਭੂ ਨਹੀਂ ਲੱਭ ਸਕਦਾ, (ਕਿਉਂਕਿ) ਉਹ ਤਾਂ (ਇਸ ਸੰਸਾਰ ਸਮੁੰਦਰ ਤੋਂ ਪਾਰ ਹੈ,) ਦੂਰ ਹੈ।।੧।।
ਮੇਰੇ ਪਾਲਣਹਾਰ ਪ੍ਰਭੂ ਦਾ ਅਹਿੱਲ ਟਿਕਾਣਾ ਉਸ ਤਖਤ ਉੱਤੇ ਹੈ ਜੇਹੜਾ (ਪ੍ਰਭੂ ਵਾਂਗ ਹੀ) ਸੰਪੂਰਨ ਹੈ (ਜਿਸ ਵਿੱਚ ਕੋਈ ਉਕਾਈ ਨਹੀਂ ਹੈ)।
ਉਹ ਪ੍ਰਭੂ ਸਦਾ ਥਿਰ ਰਹਿਣ ਵਾਲਾ ਹੈ, ਉਸ ਦਾ ਤੋਲ ਮਾਪ ਦੱਸਿਆ ਨਹੀਂ ਜਾ ਸਕਦਾ। ਪੂਰਾ ਗੁਰੂ ਜੇ ਮਿਹਰ ਕਰੇ, ਤਾਂ ਹੀ ਉਹ ਮਿਲ ਸਕਦਾ ਹੈ।।੧।। ਰਹਾਉ।।
ਹਰੀ ਪਰਮਾਤਮਾ (ਮਾਨੋ) ਇੱਕ ਸੋਹਣਾ ਮੰਦਰ ਹੈ, ਜਿਸ ਵਿੱਚ ਮਾਣਕ ਲਾਲ ਮੋਤੀ ਤੇ ਚਮਕਦੇ ਹੀਰੇ ਹਨ। (ਜਿਸਦੇ ਦੁਆਲੇ) ਸੋਨੇ ਦੇ ਸੁੰਦਰ ਆਨੰਦ ਦੇਣ ਵਾਲੇ ਕਿਲ੍ਹੇ ਹਨ।
ਪਰ ਉਸ (ਮੰਦਰ-) ਕਿਲ੍ਹੇ ਉੱਤੇ ਪਉੜੀ ਤੋਂ ਬਿਨਾਂ ਚੜ੍ਹਿਆ ਨਹੀਂ ਜਾ ਸਕਦਾ। (ਹਾਂ,) ਜੇ ਗੁਰੂ ਚਰਨਾਂ ਦਾ ਧਿਆਨ ਧਰਿਆ ਜਾਏ, ਜੇ ਪ੍ਰਭੂ ਚਰਨਾਂ ਦਾ ਧਿਆਨ ਧਰਿਆ ਜਾਏ, ਤਾਂ ਦਰਸਨ ਹੋ ਜਾਂਦਾ ਹੈ।।੨।।
ਉਸ (ਹਰਿ - ਮੰਦਰ - ਕਿਲ੍ਹੇ ਉੱਤੇ ਚੜ੍ਹਨ ਵਾਸਤੇ) ਗੁਰੂ ਪਉੜੀ ਹੈ, (ਇਸ ਸੰਸਾਰ ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਗੁਰੂ ਬੇੜੀ ਹੈ, ਪ੍ਰਭੂ ਦਾ ਨਾਮ (ਦੇਣ ਵਾਲਾ) ਗੁਰੂ ਹੀ ਤੁਲਹਾ ਹੈ।
ਗੁਰੂ ਸਰੋਵਰ ਹੈ, ਗੁਰੂ ਸਮੁੰਦਰ ਹੈ, ਗੁਰੂ ਹੀ ਜਹਾਜ਼ ਹੈ, ਗੁਰੂ ਹੀ ਤੀਰਥ ਹੈ ਤੇ ਦਰੀਆ ਹੈ।
ਜੇ ਪ੍ਰਭੂ ਦੀ ਰਜ਼ਾ ਹੋਵੇ, ਤਾਂ (ਗੁਰੂ ਨੂੰ ਮਿਲ ਕੇ) ਮਨੁੱਖ ਦੀ ਮੱਤ ਸ਼ੁੱਧ ਹੋ ਜਾਂਦੀ ਹੈ (ਕਿਉਂਕਿ) ਮਨੁੱਖ ਸਾਧ ਸੰਗਤ ਸਰੋਵਰ ਵਿੱਚ (ਮਾਨਸਕ) ਇਸ਼ਨਾਨ ਕਰਨ ਜਾਣ ਲੱਗ ਪੈਂਦਾ ਹੈ।।੩।।
ਹਰ ਕੋਈ ਆਖਦਾ ਹੈ ਕਿ ਪਰਮਾਤਮਾ ਵਿੱਚ ਕੋਈ ਉਕਾਈ ਨਹੀਂ ਹੈ, ਉਸ ਦਾ ਨਿਵਾਸ ਭੀ ਐਸੇ ਤਖ਼ਤ ਉੱਤੇ ਹੈ ਜਿਸ ਵਿੱਚ ਕੋਈ ਘਾਟ ਨਹੀਂ ਹੈ।
ਉਹ ਪੂਰਾ ਪ੍ਰਭੂ ਸੋਹਣੇ ਉਕਾਈ ਹੀਣ ਥਾਂ ਤੇ ਬੈਠਾ ਹੈ ਤੇ ਟੁੱਟੇ ਦਿਲਾਂ ਵਾਲੇ ਬੰਦਿਆਂ ਦੀਆਂ ਆਸਾਂ ਪੂਰੀਆਂ ਕਰਦਾ ਹੈ।
ਹੇ ਨਾਨਕ! ਉਹ ਪੂਰਨ ਪ੍ਰਭੂ ਜੇ ਮਨੁੱਖ ਨੂੰ ਮਿਲ ਪਏ ਤਾਂ ਉਸ ਦੇ ਗੁਣਾਂ ਵਿੱਚ ਭੀ ਕਿਵੇਂ ਕੋਈ ਘਾਟ ਆ ਸਕਦੀ ਹੈ? ।।੪।।੯।।
ਹੇ ਸਤਸੰਗਣ ਭੈਣੋ ਤੇ ਸਹੇਲੀਹੋ! ਆਓ, ਪਿਆਰ ਨਾਲ (ਸਤ-ਸੰਗ ਵਿੱਚ) ਇਕੱਠੀਆਂ ਹੋਵੀਏ।
ਸਤਸੰਗ ਵਿੱਚ ਮਿਲ ਕੇ ਉਸ ਖਸਮ ਪ੍ਰਭੂ ਦੀਆਂ ਗੱਲਾਂ ਕਰੀਏ ਜੋ ਸਾਰੀਆਂ ਤਾਕਤਾਂ ਵਾਲਾ ਹੈ।
(ਹੇ ਸਹੇਲੀਹੋ!) ਉਸ ਸਦਾ ਥਿਰ ਮਾਲਕ ਵਿੱਚ ਸਾਰੇ ਗੁਣ ਹੀ ਗੁਣ ਹਨ (ਉਸ ਤੋਂ ਵਿੱਛੁੜ ਕੇ ਹੀ) ਸਾਰੇ ਔਗੁਣ ਸਾਡੇ ਵਿੱਚ ਆ ਜਾਂਦੇ ਹਨ।।੧।।
ਹੇ ਕਰਤਾਰ! ਹਰੇਕ ਜੀਵ ਤੇਰੇ ਹੁਕਮ ਵਿੱਚ (ਹੀ ਤੁਰ ਸਕਦਾ ਹੈ)।
ਜਦੋਂ ਤੇਰੀ ਸਿਫਤ ਸਾਲਾਹ ਦੀ ਬਾਣੀ ਨੂੰ ਵਿਚਾਰਦਾ ਹੈ (ਤਾ ਇਹ ਸਮਝ ਪੈਂਦੀ ਹੈ ਕਿ) ਜਦੋਂ ਤੂੰ (ਸਾਡੇ ਸਿਰ ਉੱਤੇ ਰਾਖਾ) ਹੈਂ, ਤਾਂ ਹੋਰ ਕੋਈ ਸਾਡਾ ਕੀਹ ਵਿਗਾੜ ਸਕਦੇ ਹਨ।।੧।। ਰਹਾਉ।।
(ਹੇ ਸਤਸੰਗਣ ਭੈਣੋ! ਬੇ - ਸ਼ੱਕ) ਜਾ ਕੇ ਸੁਹਾਗਣ (ਜੀਵ ਇਸਤ੍ਰੀਆਂ) ਨੂੰ ਪੁੱਛ ਲਵੋ ਕਿ ਤੁਸਾਂ ਕਿਨ੍ਹਾਂ ਗੁਣਾਂ ਦੀ ਰਾਹੀਂ ਪ੍ਰਭੂ ਮਿਲਾਪ ਹਾਸਲ ਕੀਤਾ ਹੈ?
ਉਥੋਂ ਇਹੀ ਪਤਾ ਮਿਲੇਗਾ ਕਿ ਉਹ ਅਡੋਲਤਾ ਨਾਲ ਸੰਤੋਖ ਨਾਲ ਮਿੱਠੇ ਬੋਲਾਂ ਨਾਲ ਸਿੰਗਾਰੀਆਂ ਹੋਈਆਂ ਹਨ (ਤਾਹੀਏਂ ਉਹਨਾਂ ਨੂੰ ਮਿਲ ਪਿਆ)।
ਉਹ ਆਨੰਦ - ਦਾਤਾ ਪ੍ਰਭੂ - ਪਤੀ ਤਦੋਂ ਹੀ ਮਿਲਦਾ ਹੈ, ਜਦੋਂ ਗੁਰੂ ਦਾ ਉਪਦੇਸ਼ ਗਹੁ ਨਾਲ ਸੁਣਿਆ ਜਾਏ (ਤੇ ਸੰਤੋਖ ਮਿੱਠ-ਬੋਲਾ-ਪਨ ਆਦਿਕ ਗੁਣ ਧਾਰੇ ਜਾਣ)।।੨।।

Post a Comment