ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 18
ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 18
ਹੇ ਪ੍ਰਭੂ! ਤੇਰੀਆਂ ਬੇਅੰਤ ਤਾਕਤਾਂ ਹਨ, ਤੇਰੀਆਂ ਬੇਅੰਤ ਬਖਸ਼ਸ਼ਾਂ ਹਨ।
ਬੇਅੰਤ ਜੀਵ ਦਿਨ ਰਾਤ ਤੇਰੀਆਂ ਸਿਫਤਾਂ ਕਰ ਰਹੇ ਹਨ।
ਤੇਰੇ ਬੇਅੰਤ ਹੀ ਰੂਪ ਰੰਗ ਹਨ, ਤੇਰੇ ਪੈਦਾ ਕੀਤੇ ਬੇਅੰਤ ਜੀਵ ਹਨ, ਜੋ ਕੋਈ ਉੱਚੀਆਂ ਤੇ ਕੋਈ ਨੀਵੀਆਂ ਜਾਤਾਂ ਵਿੱਚ ਹਨ।।੩।।
ਜੇ ਮਨੁੱਖ ਸਿਮਰਨ ਦੀ ਰਾਹੀਂ ਸਦਾ ਥਿਰ ਪ੍ਰਭੂ ਵਿੱਚ ਲੀਨ ਰਹੇ, ਉਸਨੂੰ ਪਰਮਾਤਮਾ ਮਿਲ ਪੈਂਦਾ ਹੈ, ਪਰਮਾਤਮਾ (ਉਸ ਦੇ ਹਿਰਦੇ ਵਿੱਚ) ਪਰਗਟ ਹੋ ਜਾਂਦਾ ਹੈ।
ਉਸ ਦੀ ਸੁਰਤ (ਪ੍ਰਭੂ ਚਰਨਾਂ ਵਿੱਚ) ਜੁੜੀ ਰਹਿੰਦੀ ਹੈ, (ਪ੍ਰਭੂ ਦੇ ਦਰ ਤੇ) ਉਸਨੂੰ ਆਦਰ ਮਿਲਦਾ ਹੈ, ਗੁਰੂ ਦੇ ਬਚਨਾਂ ਉੱਤੇ ਤੁਰ ਕੇ ਉਹ ਸੰਸਾਰਕ ਡਰ ਮੁਕਾ ਲੈਂਦਾ ਹੈ।
ਤੇ ਹੇ ਨਾਨਕ! ਸਦਾ ਥਿਰ ਰਹਿਣ ਵਾਲਾ ਪ੍ਰਭੂ ਪਾਤਿਸ਼ਾਹ ਉਸਨੂੰ ਆਪ ਹੀ ਆਪਣੇ ਚਰਨਾਂ ਵਿੱਚ ਜੋੜ ਲੈਂਦਾ ਹੈ।।੪।।੧੦।।
ਰਾਗ ਸਿਰੀਰਾਗ ਵਿੱਚ ਗੁਰੂ ਨਾਨਕ ਜੀ ਦੀ ਬਾਣੀ।
(ਮੇਰੇ ਵਾਸਤੇ ਬਹੁਤ) ਚੰਗਾ ਹੋਇਆ ਕਿ ਮੇਰੀ ਜਿੰਦ ਵਿਕਾਰਾਂ ਤੋਂ ਬਚ ਗਈ, ਮੇਰੇ ਹਿਰਦੇ ਵਿੱਚੋਂ ਹਉਮੈ ਮਰ ਗਈ।
ਮੈਨੂੰ ਆਪਣੇ ਗੁਰੂ ਦੀ ਥਾਪਣਾ ਮਿਲੀ, ਤੇ ਵਿਕਾਰ (ਮੈਨੂੰ ਖੁਆਰ ਕਰਨ ਦੇ ਥਾਂ) ਉਲਟੇ ਮੇਰੇ ਵੱਸ ਵਿੱਚ ਹੋ ਗਏ।
ਸਦਾ ਥਿਰ ਰਹਿਣ ਵਾਲਾ ਬੇ-ਪਰਵਾਹ ਪ੍ਰਭੂ (ਮੈਨੂੰ ਮਿਲ ਪਿਆ), ਮੈਂ (ਮਾਇਆ - ਮੋਹ ਦੀ) ਵਿਅਰਥ ਕਲਪਣਾ ਛੱਡ ਦਿੱਤੀ।।੧।।
ਹੇ (ਮੇਰੇ) ਮਨ! ਜਦੋਂ ਸਦਾ ਥਿਰ ਪ੍ਰਭੂ ਮਿਲ ਪਏ, ਤਾਂ ਦੁਨੀਆਂ ਦਾ ਡਰ ਸਹਿਮ ਦੂਰ ਹੋ ਜਾਂਦਾ ਹੈ।
ਜਦ ਤੱਕ ਪਰਮਾਤਮਾ ਦਾ ਡਰ - ਅਦਬ ਮਨ ਵਿੱਚ ਨਾਹ ਹੋਵੇ, ਮਨੁੱਖ ਦੁਨੀਆਂ ਦੇ ਡਰਾਂ ਤੋਂ ਬਚ ਹੀ ਨਹੀਂ ਸਕਦਾ (ਤੇ ਪਰਮਾਤਮਾ ਦਾ ਡਰ ਅਦਬ ਤਦੋਂ ਹੀ ਪੈਦਾ ਹੁੰਦਾ ਹੈ ਜਦੋਂ ਜੀਵ) ਗੁਰੂ ਦੀ ਰਾਹੀਂ ਸ਼ਬਦ ਵਿੱਚ ਜੁੜਦਾ ਹੈ।।੧।।ਰਹਾਉ।।
ਮਨੁੱਖ ਦੁਨੀਆ ਵਾਲੀ ਮੰਗ ਕਿਤਨੀ ਹੀ ਮੰਗਦਾ ਰਹਿੰਦਾ ਹੈ, ਮੰਗ ਮੰਗਣ ਵਿੱਚ ਕਮੀ ਹੁੰਦੀ ਹੀ ਨਹੀਂ (ਭਾਵ, ਦੁਨੀਆਵੀ ਮੰਗ ਮੁੱਕਦੀ ਹੀ ਨਹੀਂ)।
(ਫਿਰ) ਬੇਅੰਤ ਜੀਵ ਹਨ ਮੰਗਾਂ ਮੰਗਣ ਵਾਲੇ, ਤੇ ਦੇਣ ਵਾਲਾ ਸਿਰਫ ਇੱਕੋ ਪਰਮਾਤਮਾ ਹੈ (ਪਰ ਇਸ ਮੰਗਣ ਵਿੱਚ ਸੁਖ ਭੀ ਨਹੀਂ ਹੈ)।
ਜਿਸ ਪਰਮਾਤਮਾ ਨੇ ਜਿੰਦ ਪ੍ਰਾਣ ਦਿੱਤੇ ਹੋਏ ਹਨ, ਜੇ ਉਹ ਮਨੁੱਖ ਦੇ ਮਨ ਵਿੱਚ ਵੱਸ ਪਏ, ਤਦੋਂ ਹੀ ਸੁਖ ਹੁੰਦਾ ਹੈ।।੨।।
ਜਗਤ (ਮਾਨੋ) ਸੁਪਨਾ ਹੈ, ਜਗਤ ਇਕ ਖੇਡ ਬਣੀ ਹੋਈ ਹੈ, ਜੀਵ ਇੱਕ ਖਿਨ ਵਿੱਚ (ਜ਼ਿੰਦਗੀ ਦੀ) ਖੇਡ ਖੇਡ ਕੇ ਚਲਾ ਜਾਂਦਾ ਹੈ।
(ਪ੍ਰਭੂ ਦੀ) ਸੰਜੋਗ-ਸੱਤਿਆ ਨਾਲ ਪ੍ਰਾਣੀ ਮਿਲ ਕੇ ਇਕੱਠੇ ਹੁੰਦੇ ਹਨ, ਵਿਜੋਗ - ਸੱਤਿਆ ਅਨੁਸਾਰ ਜੀਵ (ਇਥੋਂ) ਉੱਠ ਕੇ ਤੁਰ ਪੈਂਦਾ ਹੈ।
ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ, (ਉਸਦੇ ਉਲਟ) ਹੋਰ ਕੁਝ ਨਹੀਂ ਕੀਤਾ ਜਾ ਸਕਦਾ।।੩।।
ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਅਸਲ ਸੌਦਾ ਹੈ ਤੇ ਪੂੰਜੀ ਹੈ (ਜੋ ਵਿਹਾਝਣ ਲਈ ਜੀਵ ਇਥੇ ਆਇਆ ਹੈ) ਇਹ ਸੌਦਾ ਗੁਰੂ ਦੀ ਰਾਹੀਂ ਹੀ ਖਰੀਦਿਆ ਜਾ ਸਕਦਾ ਹੈ।
ਜਿਨ੍ਹਾਂ ਬੰਦਿਆਂ ਨੇ ਇਹ ਸੱਚਾ ਸੌਦਾ ਖਰੀਦਿਆ ਹੈ ਉਹਨਾਂ ਨੂੰ ਪੂਰੇ ਗੁਰੂ ਦੀ ਥਾਪਣਾ ਮਿਲਦੀ ਹੈ।
ਹੇ ਨਾਨਕ! ਜਿਸ ਦੇ ਪਾਸ ਇਹ ਸੱਚਾ ਸੌਦਾ ਹੁੰਦਾ ਹੈ, ਇਸ ਵਸਤ ਦੀ ਕਦਰ ਭੀ ਉਹੀ ਜਾਣਦਾ ਹੈ।।੪।।੧੧।।
ਪ੍ਰਭੂ ਦੀ ਸਿਫਤ ਸਾਲਾਹ ਕਰਕੇ ਗੁਣਾਂ ਦੇ ਮਾਲਕ ਪ੍ਰਭੂ ਵਿੱਚ ਮਨੁੱਖ ਇਉਂ ਲੀਨ ਹੋ ਜਾਂਦਾ ਹੈ, ਜਿਵੇਂ (ਸੋਨਾ ਆਦਿਕ ਕਿਸੇ ਧਾਤ ਦਾ ਬਣਿਆ ਹੋਇਆ ਜ਼ੇਵਰ ਢਲ ਕੇ) ਮੁੜ (ਉਸੇ) ਧਾਤ ਨਾਲ ਇੱਕ ਰੂਪ ਹੋ ਜਾਂਦਾ ਹੈ।
(ਸਿਫਤ - ਸਾਲਾਹ ਦੀ ਬਰਕਤਿ ਨਾਲ) ਮਨੁੱਖ ਉੱਤੇ ਪੱਕਾ ਗੂੜ੍ਹਾ ਲਾਲ ਰੰਗ ਚੜ੍ਹ ਜਾਂਦਾ ਹੈ (ਮਨੁੱਖ ਦਾ ਚਿਹਰਾ ਚਮਕ ਉੱਠਦਾ ਹੈ)
ਪਰ ਉਹ ਸਦਾ ਥਿਰ ਪ੍ਰਭੂ ਉਹਨਾਂ ਸੰਤੋਖੀ ਜੀਵਨ ਵਾਲਿਆਂ ਨੂੰ ਹੀ ਮਿਲਦਾ ਹੈ ਜੋ ਪਰਮਾਤਮਾ ਦੀ ਸਿਫਤ ਸਾਲਾਹ ਕਰਦੇ ਕਰਦੇ ਉਸ ਇੱਕੋ ਦੇ ਪ੍ਰੇਮ ਵਿੱਚ ਹੀ (ਮਗਨ ਰਹਿੰਦੇ) ਹਨ।।੧।।
ਹੇ ਭਾਈ! (ਪ੍ਰਭੂ ਦਾ ਦਰਸ਼ਨ ਕਰਨਾ ਹੈ ਤਾਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣ।
ਸੰਤ ਜਨਾਂ ਦੀ ਸਭਾ ਵਿੱਚ (ਸਤਸੰਗ ਵਿੱਚ) ਗੁਰੂ ਮਿਲਦਾ ਹੈ ਜੋ (ਮਾਨੋ) ਕਾਮਧੇਨ ਹੈ ਜਿਸ ਪਾਸੋਂ ਉਹ ਨਾਮ ਪਦਾਰਥ ਮਿਲਦਾ ਹੈ ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ।।੧।।ਰਹਾਉ।।
ਪਰਮਾਤਮਾ (ਦੇ ਰਹਿਣ) ਦਾ ਸੋਹਣਾ ਥਾਂ ਉੱਚਾ ਹੈ, ਉਸ ਦਾ ਮਹਲ (ਸਭ ਤੋਂ) ਉੱਪਰ ਹੈ।
ਉਸ ਦਾ ਦਰ ਉਸ ਦਾ ਘਰ ਮਹਲ ਪਿਆਰ ਦੇ ਰਾਹੀਂ ਲੱਭਦਾ ਹੈ, ਟਿਕਵਾਂ (ਚੰਗਾ) ਆਚਰਣ ਦੇ ਕੇ ਲੱਭੀਦਾ ਹੈ।
(ਪਰ ਉੱਚਾ ਆਚਰਨ ਭੀ ਸੌਖੀ ਖੇਡ ਨਹੀਂ, ਮਨ ਵਿਕਾਰਾਂ ਵੱਲ ਹੀ ਪ੍ਰੇਰਦਾ ਰਹਿੰਦਾ ਹੈ, ਤੇ) ਮਨ ਨੂੰ ਗੁਰੂ ਦੀ ਰਾਹੀਂ ਸਿੱਧੇ ਰਾਹੇ ਪਾਈਦਾ ਹੈ, ਸਰਬ ਵਿਆਪੀ ਪ੍ਰਭੂ ਦੇ ਗੁਣਾਂ ਦੀ ਵਿਚਾਰ ਨਾਲ ਸਮਝਾਈਦਾ ਹੈ।।੨।।
(ਦੁਨੀਆ ਵਿੱਚ ਆਮ ਤੌਰ ਤੇ) ਮਾਇਆ ਦੇ ਤਿੰਨਾਂ ਗੁਣਾਂ ਦੇ ਅਧੀਨ ਰਹਿ ਕੇ ਹੀ ਕਰਮ ਕਰੀਦੇ ਹਨ, ਜਿਸ ਕਰਕੇ ਆਸਾ ਤੇ ਸਂਹਸਿਆਂ ਦਾ ਗੇੜ ਬਣਿਆ ਰਹਿੰਦਾ ਹੈ (ਇਹਨਾਂ ਦੇ ਕਾਰਨ ਮਨ ਵਿੱਚ ਖਿੱਚ ਬਣਦੀ ਹੈ)।
ਇਹ ਖਿੱਝ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਨਹੀਂ ਹਟਦੀ (ਗੁਰੂ ਦੀ ਰਾਹੀਂ ਹੀ ਅਡੋਲਤਾ ਪੈਦਾ ਹੁੰਦੀ ਹੈ), ਅਡੋਲਤਾ ਵਿੱਚ ਟਿਕੇ ਰਿਹਾਂ ਆਤਮਕ ਆਨੰਦ ਮਿਲਦਾ ਹੈ।
ਜਦੋਂ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਮਨੁੱਖ (ਆਪਣੇ ਮਨ ਦੀ) ਮੈਲ ਸਾਫ ਕਰਦਾ ਹੈ (ਮਨ ਭਟਕਣੋ ਹਟ ਜਾਂਦਾ ਹੈ) ਤੇ ਅਡੋਲਤਾ ਵਿੱਚ ਪਰਮਾਤਮਾ ਦਾ ਟਿਕਾਣਾ (ਆਪਣੇ ਅੰਦਰ ਹੀ) ਪਛਾਣ ਲਈਦਾ ਹੈ।।੩।।
ਗੁਰੂ ਤੋਂ ਬਿਨਾਂ ਮਨ ਦੀ ਮੈਲ ਨਹੀਂ ਧੁਪਦੀ, ਪਰਮਾਤਮਾ ਵਿੱਚ ਜੁੜਨ ਤੋਂ ਬਿਨਾਂ ਮਾਨਸਕ ਅਡੋਲਤਾ ਨਹੀਂ ਲੱਭਦੀ।
ਇੱਕ (ਰਾਜ਼ਕ) ਪ੍ਰਭੂ ਦੀ ਹੀ ਸਿਫਤ ਸਾਲਾਹ ਵਿਚਾਰਨੀ ਚਾਹੀਦੀ ਹੈ (ਜੋ ਸਿਫ਼ਤ ਸਾਲਾਹ ਕਰਦਾ ਹੈ ਉਹ) ਹੋਰ ਹੋਰ ਆਸਾਂ ਛੱਡ ਦੇਂਦਾ ਹੈ।
ਹੇ ਨਾਨਕ! ਜਿਹੜਾ ਗੁਰੂ ਆਪ ਪ੍ਰਭੂ ਦਾ ਦਰਸ਼ਨ ਕਰਾ ਕੇ ਮੈਨੂੰ ਦਰਸ਼ਨ ਕਰਾਉਂਦਾ ਹੈ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ।।੪।।੧੨।।
ਜਿਹੜੀ ਭਾਗ - ਹੀਣ ਜੀਵ ਇਸਤ੍ਰੀ (ਪ੍ਰਭੂ ਪਤੀ ਤੋਂ ਬਿਨਾਂ ਮਾਇਆ ਆਦਿਕ) ਹੋਰ ਦੂਜੇ ਪਿਆਰ ਵਿੱਚ ਹੀ ਠੱਗੀ ਰਹਿੰਦੀ ਹੈ ਉਹ ਦਾ ਜੀਉਣਾ ਫਿਟਕਾਰ ਜੋਗ ਹੀ ਹੈ।
ਜਿਵੇਂ ਕੱਲਰ ਦੀ ਕੰਧ (ਸਹਜੇ ਸਹਜੇ) ਕਿਰਦੀ ਰਹਿੰਦੀ ਹੈ, ਤਿਵੇਂ ਉਸਦਾ ਆਤਮਕ ਜੀਵਨ ਭੀ ਦਿਨ ਰਾਤ (ਮਾਇਆ ਦੇ ਮੋਹ ਵਿੱਚ) ਕਿਰ ਕਿਰ ਕੇ ਢਹਿ - ਢੇਰੀ ਹੁੰਦਾ ਜਾਂਦਾ ਹੈ।
(ਸੁਖ ਦੀ ਖਾਤਰ ਉਹ ਦੌੜ ਭੱਜ ਕਰਦੀ ਹੈ, ਪਰ) ਗੁਰੂ ਦੀ ਸਰਨ ਤੋਂ ਬਿਨਾਂ ਸੁੱਖ ਨਹੀਂ ਮਿਲਦਾ ਸਕਦਾ (ਮਾਇਆ ਦਾ ਮੋਹ ਤਾਂ ਸਗੋਂ ਦੁੱਖ ਹੀ ਦੁੱਖ ਪੈਦਾ ਕਰਦਾ ਹੈ, ਤੇ) ਪਤੀ ਪ੍ਰਭੂ ਨੂੰ ਮਿਲਣ ਤੋਂ ਬਿਨਾਂ ਮਾਨਸਕ ਦੁੱਖ ਦੂਰ ਨਹੀਂ ਹੁੰਦਾ।।੧।।
ਹੇ ਮੂਰਖ ਜੀਵ ਇਸਤ੍ਰੀ! ਜੇ ਪਤੀ ਨ ਮਿਲੇ ਤਾਂ ਸ਼ਿੰਗਾਰ ਕਰਨ ਦਾ ਕੋਈ ਲਾਭ ਨਹੀਂ ਹੁੰਦਾ।

Post a Comment