ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 21
ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 21
ਪੂਰੀ ਸਰਧਾ ਨਾਲ ਮਨ ਦੀ ਸ਼ੰਕਾ ਉਤਾਰ ਕੇ ਗੁਰੂ ਦੀ ਸ਼ਰਨ ਪੈ ਜਾਣਾ ਚਾਹੀਦਾ ਹੈ, (ਇਸ ਤਰ੍ਹਾਂ) ਅੰਦਰ ਵਸਦੇ ਪਰਮਾਤਮਾ ਦੀ ਸਮਝ ਪੈ ਜਾਂਦੀ ਹੈ।
ਮਰਨ ਤੋਂ ਪਹਿਲਾਂ ਹੀ ਉਸ ਮੌਤ ਦਾ ਡਰ ਮਾਰ ਲਈਦਾ ਹੈ ਜਿਸ ਮੌਤ ਦੇ ਵੱਸ ਆਖਰ ਪੈਣਾ ਹੁੰਦਾ ਹੈ।
(ਪਰ ਇਹ) ਅਵਸਥਾ ਤਦੋਂ ਪ੍ਰਾਪਤ ਹੁੰਦੀ ਹੈ ਜਦੋਂ ਗੁਰੂ ਦੀ ਦੱਸੀ ਸਿੱਖਿਆ ਉੱਤੇ ਤੁਰੀਏ, ਤੇ (ਪ੍ਰਭੂ ਦੀ ਸਿਫਤ ਸਾਲਾਹ ਵਾਲੇ) ਸੋਹਣੇ ਸ਼ਬਦ ਵਿੱਚ ਇੱਕ ਰਸ (ਜੁੜੇ ਰਹੀਏ)।।੨।।
ਜਦੋਂ ਇੱਕ ਰਸ ਸਿਫਤ ਸਾਲਾਹ ਕਰ ਸਕਣ ਵਾਲੀ ਅਵਸਥਾ ਪ੍ਰਾਪਤ ਹੋ ਜਾਏ, ਤਾਂ ਉਸ ਅਵਸਥਾ ਵਿੱਚ (ਮਨੁੱਖ ਦੇ ਅੰਦਰੋਂ) ਹਉਮੈ ਦਾ ਨਾਸ ਹੋ ਜਾਂਦਾ ਹੈ (ਮੈਂ ਵੱਡਾ ਹੋ ਜਾਵਾਂ, ਮੈਂ ਵੱਡਾ ਹਾਂ - ਇਹ ਹਾਲਤ ਮੁੱਕ ਜਾਂਦੀ ਹੈ)।
ਮੈਂ ਸਦਾ ਸਦਕੇ ਹਾਂ ਉਸ ਮਨੁੱਖ ਤੋਂ ਜੋ ਆਪਣੇ ਗੁਰੂ ਨੂੰ ਸੇਂਵਦਾ ਹੈ (ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ)।
ਉਸ ਦੇ ਮੂੰਹ ਵਿੱਚ ਸਦਾ ਪ੍ਰਭੂ ਦਾ ਨਾਮ ਵਸਦਾ ਹੈ, ਉਸਨੂੰ ਪ੍ਰਭੂ ਦੀ ਹਜ਼ੂਰੀ ਵਿੱਚ ਲੈ ਜਾ ਕੇ ਆਦਰ ਮਿਲਦਾ ਹੈ।।੩।।
(ਪਰ ਸੰਸਾਰ ਦੀ ਹਾਲਤ ਹੋਰ ਤਰ੍ਹਾਂ ਦੀ ਬਣ ਰਹੀ ਹੈ) ਮੈਂ ਜਿਧਰ ਵੇਖਦਾ ਹਾਂ ਉਧਰ ਹੀ (ਮਨਮੁਖ) ਜੀਵ ਮਾਇਆ ਵਿੱਚ ਮਸਤ ਹੋ ਰਹੇ ਹਨ, (ਹਰ ਪਾਸੇ) ਮਾਇਆ ਤੇ ਜੀਵਾਂ ਦਾ ਗਠ-ਜੋੜ ਬਣਿਆ ਪਿਆ ਹੈ।
ਮਨਮੁਖਾਂ ਦਾ ਸਰੀਰ ਮਾਇਆ ਦੇ ਤਿੰਨ ਗੁਣਾਂ ਵਿੱਚ ਹੀ ਬੱਝਾ ਹੋਇਆ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਿਹੜਾ ਭੀ ਜੀਵ ਜਗਤ ਵਿੱਚ ਆਇਆ ਉਹ ਇਹੀ ਖੇਡ ਖੇਡਦਾ ਰਿਹਾ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਰਮਾਤਮਾ ਨਾਲ ਮਿਲਾਪ ਹਾਸਲ ਹੀ ਨਹੀਂ ਕਰ ਸਕਦੇ, ਕਿਉਂਕਿ ਉਹ ਵਿੱਛੁੜੇ ਹੋਏ ਸਦਾ ਵਿੱਛੁੜੇ ਹੀ ਰਹਿੰਦੇ ਹਨ ਤੇ ਦੁੱਖ ਵਿੱਚ ਰਹਿੰਦੇ ਹਨ।।੪।।
(ਮਾਇਆ ਵੱਲੋਂ) ਵੈਰਾਗਵਾਨ ਮਨ (ਭਟਕਣਾ ਤੋਂ ਬਚਿਆ ਰਹਿ ਕੇ) ਆਪਣੇ ਸਰੂਪ ਵਿੱਚ ਹੀ ਟਿਕਿਆ ਰਹਿੰਦਾ ਹੈ, (ਕਿਉਂਕਿ) ਉਹ ਪਰਮਾਤਮਾ ਦੇ ਅਦਬ ਵਿੱਚ ਰੰਗਿਆ ਰਹਿੰਦਾ ਹੈ।
ਉਹ ਮਨ ਪਰਮਾਤਮਾ ਨਾਲ ਡੂੰਘੀ ਸਾਂਝ ਦਾ ਮਹਾਂ ਆਨੰਦ ਮਾਣਦਾ ਹੈ, ਉਸਨੂੰ ਮੁੜ ਮਾਇਆ ਦੀ ਤ੍ਰਿਸ਼ਨਾ ਨਹੀਂ ਵਿਆਪਦੀ।
ਹੇ ਨਾਨਕ! ਤੂੰ ਭੀ ਇਸ ਮਨ ਨੂੰ (ਮਾਇਆ ਦੇ ਮੋਹ ਵੱਲੋਂ) ਮਾਰ ਕੇ (ਪ੍ਰਭੂ ਚਰਨਾਂ ਵਿੱਚ) ਜੁੜਿਆ ਰਹੁ, ਫਿਰ ਕਦੇ (ਪ੍ਰਭੂ ਤੋਂ ਵਿਛੋੜੇ ਦਾ) ਦੁੱਖ ਨਹੀਂ ਵਿਆਪੇਗਾ।।੫।।੧੮।।
ਮਾਇਆ - ਵੇੜ੍ਹੇ ਮਨੁੱਖ ਦਾ ਇਹ ਮਨ ਮੂਰਖ ਹੈ ਲਾਲਚੀ ਹੈ, ਹਰ ਵੇਲੇ ਲੋਭ ਵਿੱਚ ਫਸਿਆ ਰਹਿੰਦਾ ਹੈ।
ਗੁਰੂ ਦੇ ਸ਼ਬਦ ਵਿੱਚ ਇਸ ਦੀ ਰੁਚੀ ਹੀ ਨਹੀਂ ਬਣਦੀ, ਇਸ ਭੈੜੀ ਮੱਤ ਦੇ ਕਾਰਨ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ।
ਜੇ ਇਸ ਨੂੰ ਗੁਰੂ ਸਤਿਗੁਰੂ ਮਿਲ ਪਏ, ਤਾਂ ਗੁਣਾਂ ਦਾ ਖਜ਼ਾਨਾ ਪ੍ਰਭੂ ਇਸਨੂੰ ਮਿਲ ਪੈਂਦਾ ਹੈ।।੧।।
ਹੇ (ਮੇਰੇ) ਮਨ! ਮੈਂ (ਸਿਆਣਾ) ਹਾਂ, ਮੈਂ (ਸਿਆਣਾ) ਹਾਂ - ਇਹ ਅਹੰਕਾਰ ਛੱਡ,
ਤੇ ਪਰਮਾਤਮਾ ਦੇ ਰੂਪ ਗੁਰੂ ਦੀ ਸ਼ਰਨ ਪਾਉ ਜੋ (ਆਤਮਾ ਨੂੰ ਪਵਿੱਤਰ ਕਰਨ ਵਾਲਾ) ਸਰੋਵਰ ਹੈ। (ਇਸ ਤਰ੍ਹਾਂ) ਪ੍ਰਭੂ ਦੀ ਹਜ਼ੂਰੀ ਵਿੱਚ ਆਦਰ ਹਾਸਲ ਕਰੇਂਗਾ।।੧।।ਰਹਾਉ।।
ਹੇ ਮਨ! ਪਰਮਾਤਮਾ ਦਾ ਨਾਮ ਦਿਨ ਰਾਤ ਜਪਿਆ ਕਰ। ਗੁਰੂ ਦੀ ਸਰਨ ਪੈ ਕੇ ਹਰੀ ਨਾਮ ਧਨ ਦੀ ਕਦਰ ਸਮਝ।
ਸਾਧ ਸੰਗਤ ਵਿੱਚ ਮਿਲ ਕੇ ਹਰੀ ਨਾਮ ਨਾਲ ਸਾਂਝ ਪਾ, ਸਾਰੇ ਆਤਮਕ ਆਨੰਦ ਪ੍ਰਾਪਤ ਹੋ ਜਾਣਗੇ।
(ਪਰ ਜਿਸ ਨੂੰ) ਸਤਿਗੁਰੂ ਨੇ ਨਾਮ ਦੀ ਦਾਤ ਬਖਸ਼ੀ, ਉਸਨੇ ਸਦਾ ਦਿਨ ਰਾਤ ਹਰੀ ਪ੍ਰਭੂ ਦਾ ਸਿਮਰਨ ਕੀਤਾ ਹੈ।।੨।।
ਜਿਹੜਾ ਮਨੁੱਖ ਆਪਣੇ (ਲੋਭੀ) ਮਨ ਦੇ ਪਿੱਛੇ ਤੁਰਦਾ ਹੈ, ਉਹ ਕੁੱਤਿਆਂ ਵਾਂਗ (ਬੁਰਕੀ ਬੁਰਕੀ ਵਾਸਤੇ ਦਰ ਦਰ ਤੇ ਖੁਆਰ ਹੁੰਦਾ) ਹੈ, ਉਹ ਸਦਾ ਮਾਇਆ ਵਾਲੀ ਦੌੜ ਭੱਜ ਹੀ ਕਰਦਾ ਹੈ (ਇਥੋਂ ਤੱਕ ਨਿਘਰਦਾ ਹੈ ਕਿ) ਗੁਰੂ ਦੀ ਨਿੰਦਿਆ ਵਿੱਚ ਹਰ ਵੇਲੇ ਖੁਆਰ ਹੁੰਦਾ ਹੈ।
ਮਾਇਆ ਵਾਲੀ ਭਟਕਣਾ ਵਿੱਚ ਕੁਰਾਹੇ ਪੈਂਦਾ ਹੈ, ਬਹੁਤ ਦੁੱਖ ਪਾਂਦਾ ਹੈ, (ਆਖਰ) ਜਮਰਾਜ ਉਸਨੂੰ ਗੁੱਝੀ ਮਾਰ ਮਾਰ ਕੇ ਭੋਹ ਕਰ ਦਿੰਦਾ ਹੈ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਕਦੇ ਸੁੱਖ ਨਹੀਂ ਪਾਂਦਾ, ਪਰ ਗੁਰੂ ਦੀ ਸ਼ਰਨ ਪਿਆਂ ਅਸਚਰਜ ਆਤਮਕ ਆਨੰਦ ਮਿਲਦਾ ਹੈ।।੩।।
(ਲੋਭੀ ਮਨੁੱਖ) ਇਸ ਲੋਕ ਵਿੱਚ ਦੁਨੀਆਂ ਦੇ ਜੰਜਾਲਾਂ ਵਿੱਚ ਖਚਿਤ ਰਹਿੰਦਾ ਹੈ, (ਪਰ ਪ੍ਰਭੂ ਦੀ ਹਜ਼ੂਰੀ ਵਿੱਚ) ਸਿਮਰਨ ਦਾ ਲੇਖਾ ਕਬੂਲ ਹੁੰਦਾ ਹੈ।
ਗੁਰੂ ਅਸਲ ਮਿਤ੍ਰ ਪਰਮਾਤਮਾ ਦਾ ਸਿਮਰਨ ਕਰਦਾ ਹੈ (ਤੇ ਹੋਰਨਾਂ ਨੂੰ ਭੀ ਇਹੀ ਪ੍ਰੇਰਨਾ ਕਰਦਾ ਹੈ), ਗੁਰੂ ਵਾਲੀ ਇਹ ਕਾਰ (ਦਰਗਾਹ ਵਿੱਚ) ਮੰਨੀ ਜਾਂਦੀ ਹੈ।
ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਮਿਹਰ ਨਾਲ (ਜਿਸ ਮਨੁੱਖ ਦੇ ਮੱਥੇ ਉੱਤੇ) ਲੇਖ ਉੱੱਘੜਦਾ ਹੈ ਉਸਨੂੰ ਕਦੇ ਪ੍ਰਭੂ ਦਾ ਨਾਮ ਭੁੱਲਦਾ ਨਹੀਂ।।੪।।੧੯।।
(ਅਜਿਹੇ ਸੁਭਾਗ ਬੰਦਿਆਂ ਨੂੰ) ਜੋ ਰਤਾ ਭਰ ਸਮੇਂ ਵਾਸਤੇ ਭੀ ਪ੍ਰੀਤਮ ਪ੍ਰਭੂ ਵਿਸਰ ਜਾਏ, ਤਾਂ ਉਹ ਆਪਣੇ ਮਨ ਵਿੱਚ ਵੱਡਾ ਰੋਗ (ਪੈਦਾ ਹੋ ਗਿਆ ਸਮਝਦੇ ਹਨ)।
(ਉਂਞ ਭੀ) ਜੇ ਪਰਮਾਤਮਾ ਦਾ ਨਾਮ ਮਨ ਵਿੱਚ ਨਾਹ ਵਸੇ, ਤਾਂ ਪਰਮਾਤਮਾ ਦੀ ਦਰਗਾਹ ਵਿੱਚ ਇੱਜ਼ਤ ਨਹੀਂ ਮਿਲ ਸਕਦੀ।
ਜੇ ਗੁਰੂ ਮਿਲ ਪਏ, (ਤਾਂ ਉਹ ਪ੍ਰਭੂ ਦੀ ਸਿਫਤ ਸਾਲਾਹ ਦੀ ਦਾਤ ਦਿੰਦਾ ਹੈ, ਇਸ ਦੀ ਬਰਕਤਿ ਨਾਲ) ਆਤਮਕ ਆਨੰਦ ਪ੍ਰਾਪਤ ਹੁੰਦਾ ਹੈ (ਕਿਉਂਕਿ) ਸਿਫਤ ਸਾਲਾਹ ਵਿੱਚ ਜੁੜਿਆਂ ਤ੍ਰਿਸ਼ਨਾ ਅੱਗ ਬੁੱਝ ਜਾਂਦੀ ਹੈ।।੧।।
ਹੇ (ਮੇਰੇ) ਮਨ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹੁ।
ਜਗਤ ਵਿੱਚ ਉਹ (ਭਾਗਾਂ ਵਾਲੇ) ਮਨੁੱਖ ਵਿਰਲੇ ਹੁੰਦੇ ਹਨ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਖਿਨ ਪਲ ਵਾਸਤੇ ਭੀ ਨਹੀਂ ਭੁੱਲਦਾ।।੧।। ਰਹਾਉ।।
ਜੇ ਪ੍ਰਭੂ ਦੀ ਜੋਤਿ ਵਿੱਚ ਆਪਣੀ ਜਿੰਦ ਰਲਾ ਦੇਈਏ, ਉਸ ਵਿੱਚ ਆਪਣੀ ਸੁਰਤ ਦਾ ਮੇਲ ਕਰ ਦੇਈਏ,
ਤਾਂ ਕਠੋਰਤਾ ਤੇ ਹਉਮੈ ਦੂਰ ਹੋ ਜਾਂਦੀਆਂ ਹਨ, ਕੋਈ ਸਹਿਮ ਤੇ ਚਿੰਤਾ ਭੀ ਨਹੀਂ ਰਹਿ ਜਾਂਦੇ।
ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੇ ਮਨ ਵਿੱਚ ਪ੍ਰਭੂ ਦੀ ਯਾਦ ਟਿਕਦੀ ਹੈ, ਗੁਰੂ ਉਸਨੂੰ ਪਰਮਾਤਮਾ ਨਾਲ ਮਿਲਣ ਦਾ ਪੂਰਾ ਅਵਸਰ ਬਖਸ਼ਦਾ ਹੈ।।੨।।
ਜਿਵੇਂ ਇਸਤ੍ਰੀ ਆਪਣੇ ਪਤੀ ਨੂੰ ਆਪਣੇ ਪਤੀ ਦੇ ਹਵਾਲੇ ਕਰਦੀ ਹੈ, ਤਿਵੇਂ ਜੇ ਮੈਂ ਕਾਇਆਂ ਨੂੰ ਇਸਤ੍ਰੀ ਬਣਾਵਾਂ, ਕਾਇਆਂ ਇਸਤ੍ਰੀ (ਭਾਵ, ਗਿਆਨ - ਇੰਦ੍ਰਿਆਂ) ਨੂੰ ਪ੍ਰਭੂ ਵਾਲੇ ਪਾਸੇ ਪਰਤਾਵਾਂ, ਪ੍ਰਭੂ ਪਤੀ ਦਾ ਮਿਲਾਪ ਹੋ ਜਾਏ।
ਇਸ ਸਰੀਰ ਨੂੰ (ਇਤਨਾ) ਮੋਹ ਨਹੀਂ ਕਰਨਾ ਚਾਹੀਦਾ (ਕਿ ਇਸ ਨੂੰ ਵਿਕਾਰਾਂ ਵੱਲ ਖੁੱਲ੍ਹ ਮਿਲੀ ਰਹੇ), ਇਹ ਤਾਂ ਪ੍ਰਤੱਖ ਤੌਰ ਤੇ ਨਾਸਵੰਤ ਹੈ।
ਗੁਰੂ ਦੇ ਰਾਹੇ ਤੁਰਨ ਵਾਲੀਆਂ ਜੀਵ ਇਸਤ੍ਰੀਆਂ ਪ੍ਰਭੂ ਨੂੰ ਸਿਮਰਦੀਆਂ ਹਨ, ਉਹ ਪ੍ਰਭੂ ਉਹਨਾਂ ਦੇ ਹਿਰਦੇ ਸੇਜ ਉਤੇ ਬੈਠਦਾ ਹੈ।।੩।।

Post a Comment