8

ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 26

ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 26

guru granth sahib with meaning in punjabi


ਜਗਤ ਉਸਨੂੰ ਨਾਸਵੰਤ ਦਿਸਦਾ ਹੈ।।੩।।


ਦੁਨੀਆ ਵਿੱਚ (ਆ ਕੇ) ਪ੍ਰਭੂ ਦੀ ਸੇਵਾ ਸਿਮਰਨ ਕਰਨੀ ਚਾਹੀਦੀ ਹੈ। 


ਤਦੋਂ ਹੀ ਉਸਦੀ ਹਜ਼ੂਰੀ ਵਿੱਚ ਬੈਠਣ ਨੂੰ ਥਾਂ ਮਿਲਦਾ ਹੈ।


ਹੇ ਨਾਨਕ! (ਸਿਮਰਨ ਦੀ ਬਰਕਤਿ ਨਾਲ) ਬੇਫਿਕਰ ਹੋ ਜਾਈਦਾ ਹੈ। (ਕੋਈ ਚਿੰਤਾ ਸੋਗ ਨਹੀਂ ਵਿਆਪਦਾ)।।੪।।੩੩।।


ਰਾਗ ਸਿਰੀਰਾਗੁ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।


ਅਕਾਲ ਪੁਰਖ ਇੱਕ ਹੈ ਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਮੈਂ ਇਕਾਗ੍ਰ ਮਨ ਹੋ ਕੇ ਇਕਾਗ੍ਰ ਚਿੱਤ ਹੋ ਕੇ ਪ੍ਰੇਮ ਨਾਲ ਆਪਣੇ ਸਤਿਗੁਰੂ ਦੀ ਸ਼ਰਨ ਲੈਂਦਾ ਹਾਂ।


ਸਤਿਗੁਰੂ ਮਨ ਦੀਆਂ ਇੱਛਾਂ ਪੂਰੀਆਂ ਕਰਨ ਵਾਲਾ ਤੀਰਥ ਹੈ (ਪਰ ਇਹ ਸਮਝ ਉਸ ਮਨੁੱਖ ਨੂੰ ਆਉਂਦੀ ਹੈ) ਜਿਸ ਨੂੰ (ਗੁਰੂ ਆਪ) ਸਮਝਾਏ। 


(ਗੁਰੂ ਪਾਸੋਂ) ਮਨ ਇੱਛਤ ਮੰਗ ਮਿਲ ਜਾਂਦੀ ਹੈ, ਮਨੁੱਖ ਜੋ ਇੱਛਾ ਧਾਰਦਾ ਹੈ ਉਹੀ ਫਲ ਹਾਸਲ ਕਰ ਲੈਂਦਾ ਹੈ।


(ਪਰ) ਪਰਮਾਤਮਾ ਦਾ ਨਾਮ ਹੀ ਸਿਮਰਨ ਚਾਹੀਦਾ ਹੈ ਤੇ (ਗੁਰੂ ਪਾਸੋਂ) ਨਾਮ ਹੀ ਮੰਗਣਾ ਚਾਹੀਦਾ ਹੈ। ਨਾਮ ਵਿੱਚ ਜੁੜਿਆ ਮਨੁੱਖ ਆਤਮਕ ਅਡੋਲਤਾ ਵਿੱਚ ਟਿਕ ਜਾਂਦਾ ਹੈ।।੧।।


ਹੇ ਮੇਰੇ ਮਨ! ਪਰਮਾਤਮਾ (ਦੇ ਨਾਮ) ਦਾ ਸੁਆਦ ਚੱਖ, (ਤੇਰੀ ਮਾਇਆ ਵਾਲੀ) ਤ੍ਰਿਸ਼ਨਾ ਦੂਰ ਹੋ ਜਾਏਗੀ। 


ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ 'ਹਰਿ ਰਸ' ਚੱਖਿਆ, ਉਹ ਆਤਮਕ ਅਡੋਲਤਾ ਵਿੱਚ ਟਿਕੇ ਰਹਿੰਦੇ ਹਨ।।੧।। ਰਹਾਉ।।


ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦੀ ਸ਼ਰਨ ਲਈ ਹੈ, ਉਹਨਾਂ ਨੇ (ਸਭ ਪਦਾਰਥਾਂ ਦਾ) ਖਜ਼ਾਨਾ ਪ੍ਰਭੂ-ਨਾਮ ਪ੍ਰਾਪਤ ਕਰ ਲਿਆ ਹੈ।


ਉਹਨਾਂ ਦੇ ਹਿਰਦੇ ਵਿੱਚ ਪਰਮਾਤਮਾ ਦਾ ਨਾਮ-ਰਸ ਰਚ ਗਿਆ ਹੈ। ਉਹਨਾਂ ਦੇ ਮਨ ਵਿੱਚੋਂ ਅਹੰਕਾਰ ਦੂਰ ਹੋ ਗਿਆ ਹੈ।


ਉਹਨਾਂ ਦੇ ਹਿਰਦੇ ਦਾ ਕੌਲ-ਫੁੱਲ ਖਿੜ ਪਿਆ ਹੈ। ਉਹਨਾਂ ਦੀ ਸੁਰਤ ਆਤਮਕ ਅਡੋਲਤਾ ਵਿੱਚ ਲੱਗ ਗਈ ਹੈ।


ਉਹਨਾਂ ਦਾ ਪਵਿੱਤਰ (ਹੋ ਚੁੱਕਾ) ਮਨ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿੱਚ ਆਦਰ ਮਿਲਦਾ ਹੈ।।੨।।


(ਪਰ) ਜਗਤ ਵਿੱਚ ਉਹ ਬੰਦੇ ਵਿਰਲੇ ਹਨ ਜਿਹੜੇ ਪਿਆਰੇ ਸਤਿਗੁਰੂ ਦੀ ਸ਼ਰਨ ਲੈਂਦੇ ਹਨ,


ਜਿਹੜੇ ਹਉਮੈ ਨੂੰ ਤੇ ਮਲਕੀਅਤ ਕੀ ਲਾਲਸਾ ਨੂੰ ਮਾਰ ਕੇ ਆਪਣੇ ਹਿਰਦੇ ਵਿੱਚ ਪਰਮਾਤਮਾ ਨੂੰ ਟਿਕਾਂਦੇ ਹਨ।


ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜਿਨ੍ਹਾਂ ਦਾ ਪਰਮਾਤਮਾ ਦੇ ਨਾਮ ਵਿੱਚ ਹੀ ਪ੍ਰੇਮ ਬਣਿਆ ਰਹਿੰਦਾ ਹੈ।


ਉਹੀ ਬੰਦੇ ਸਦਾ ਸੁਖੀ ਰਹਿੰਦੇ ਹਨ ਜਿਨ੍ਹਾਂ ਦੇ ਪਾਸ ਕਦੇ ਨਾਹ ਮੁੱਕਣ ਵਾਲਾ ਬੇਅੰਤ ਨਾਮ (ਦਾ ਖਜ਼ਾਨਾ) ਹੈ।।੩।।


ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, (ਨਾਮ ਦੀ ਬਰਕਤਿ ਨਾਲ) ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ, ਮਾਇਆ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ।


ਮਨੁੱਖ ਦਾ ਮਨ ਪਰਮਾਤਮਾ (ਦੀ ਯਾਦ) ਨਾਲ ਇੱਕ ਮਿੱਕ ਹੋਇਆ ਰਹਿੰਦਾ ਹੈ, ਦੁਨੀਆਂ ਦੀ ਕਿਰਤ-ਕਾਰ ਕਰਦਾ ਹੋਇਆ ਹੀ (ਮਾਇਆ ਵੱਲੋਂ) ਉਪਰਾਮ ਰਹਿੰਦਾ ਹੈ।


ਮੈਂ ਉਹਨਾਂ ਬੰਦਿਆਂ ਤੋਂ ਵਾਰਨੇ ਜਾਂਦਾ ਹਾਂ ਜਿਨ੍ਹਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆ ਗਿਆ ਹੈ।


ਹੇ ਨਾਨਕ! ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਤੇ ਸਾਰੇ ਗੁਣਾਂ ਦਾ ਖਜ਼ਾਨਾ ਨਾਮ ਪ੍ਰਾਪਤ ਹੁੰਦਾ ਹੈ।।੪।।੧।।੩੪।।


ਬਹੁਤੇ ਧਾਰਮਿਕ ਪਹਿਰਾਵੇ ਪਹਿਨ ਕੇ (ਦੂਜਿਆਂ ਨੂੰ ਠੱਗਣ ਲਈ ਆਪਣੇ) ਮਨ ਵਿੱਚ ਹਿਰਦੇ ਵਿੱਚ ਖੋਟ ਕਮਾ ਕੇ (ਆਪ ਹੀ) ਭਟਕਣਾ ਵਿੱਚ ਪੈ ਜਾਈਦਾ ਹੈ।


(ਜਿਹੜਾ ਮਨੁੱਖ ਇਹ ਵਿਖਾਵਾ ਠੱਗੀ ਕਰਦਾ ਹੈ ਉਹ) ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦਾ, (ਉਹ ਸਗੋਂ)  ਆਤਮਕ ਮੌਤ ਸਹੇੜ ਕੇ (ਠੱਗੀ ਆਦਿਕ ਵਿਕਾਰਾਂ ਦੇ) ਗੰਦ ਵਿੱਚ ਫਸਿਆ ਰਹਿੰਦਾ ਹੈ।।੧।।


ਹੇ (ਮੇਰੇ) ਮਨ! ਗ੍ਰਿਹਸਤ ਵਿੱਚ (ਰਹਿੰਦਾ ਹੋਇਆ) ਹੀ (ਮਾਇਆ ਦੇ ਮੋਹ ਵੱਲੋਂ) ਨਿਰਲੇਪ (ਰਹੁ)।


(ਪਰ ਜਿਸ ਮਨੁੱਖ ਦੇ ਹਿਰਦੇ ਵਿੱਚ) ਗੁਰੂ ਦੀ ਸਰਨ ਪੈ ਕੇ ਸੂਝ ਪੈਦਾ ਹੁੰਦੀ ਹੈ ਉਹ ਮਨੁੱਖ (ਹੀ) ਸਦਾ ਥਿਰ ਪ੍ਰਭੂ ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਤੇ ਵਿਕਾਰਾਂ ਵੱਲੋਂ ਸੰਕੋਚ ਕਰਦਾ ਹੈ (ਇਸ ਵਾਸਤੇ, ਹੇ ਮਨ! ਗੁਰੂ ਦੀ ਸਰਨ ਪੈ ਕੇ ਇਹ ਕਰਨ-ਜੋਗ ਕੰਮ ਕਰਨ ਦੀ ਜਾਚ ਸਿੱਖ)।।੧।। ਰਹਾਉ।।


ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿੱਚ ਜੁੜ ਕੇ ਆਪਣੇ ਮਨ ਨੂੰ ਵੱਸ ਵਿੱਚ ਕਰ ਲਿਆ ਹੈ, ਉਹ ਗ੍ਰਿਹਸਤ ਵਿੱਚ ਰਹਿੰਦਿਆਂ ਹੀ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ, ਵਿਕਾਰਾਂ ਤੋਂ ਖਲਾਸੀ ਪਾ ਲੈਂਦਾ ਹੈ।


(ਇਸ ਵਾਸਤੇ, ਹੇ ਮਨ!) ਸਾਧ ਸੰਗਤ ਦੇ ਇਕੱਠ ਵਿੱਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ।।੨।।


ਜੇ ਤੂੰ (ਕਾਮ ਵਾਸਨਾ ਪੂਰੀ ਕਰਨ ਲਈ) ਲੱਖ ਇਸਤ੍ਰੀਆਂ ਭੀ ਭੋਗ ਲਏਂ, ਜੇ ਤੂੰ ਸਾਰੀ ਧਰਤੀ ਦਾ ਰਾਜ ਭੀ ਕਰ ਲਏਂ,


ਤਾਂ ਭੀ ਸਤਿਗੁਰ ਦੀ ਸ਼ਰਨ ਤੋਂ ਬਿਨਾਂ ਆਤਮਕ ਸੁੱਖ ਨਹੀਂ ਲੱਭ ਸਕੇਂਗਾ, (ਸਗੋਂ) ਮੁੜ ਮੁੜ ਜੂਨਾਂ ਵਿੱਚ ਪਿਆ ਰਹੇਂਗਾ।।੩।।


ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਚਰਨਾਂ ਵਿੱਚ ਚਿੱਤ ਜੋੜ ਕੇ ਪਰਮਾਤਮਾ ਦੇ ਨਾਮ-ਸਿਮਰਨ ਦਾ ਹਾਰ ਆਪਣੇ ਗਲ ਵਿੱਚ ਪਹਿਨ ਲਿਆ ਹੈ,


ਕਰਾਮਾਤੀ ਤਾਕਤ ਉਹਨਾਂ ਦੇ ਪਿੱਛੇ ਪਿੱਛੇ ਤੁਰੀ ਫਿਰਦੀ ਹੈ, ਪਰ ਉਹਨਾਂ ਨੂੰ ਉਸਦਾ ਰਤਾ ਭਰ ਭੀ ਲਾਲਚ ਨਹੀਂ ਹੁੰਦਾ।।੪।।


(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਹੇ ਪ੍ਰਭੂ! ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, (ਤੇਰੀ ਮਰਜ਼ੀ ਤੋਂ ਲਾਂਭੇ) ਹੋਰ ਕੁਝ ਕੀਤਾ ਨਹੀਂ ਜਾ ਸਕਦਾ।


ਹੇ ਹਰੀ! (ਮੈਨੂੰ) ਆਪਣਾ ਨਾਮ ਬਖਸ਼, ਤਾਂ ਕਿ ਆਤਮਕ ਅਡੋਲਤਾ ਵਿੱਚ ਟਿਕ ਕੇ, ਤੇਰੇ ਪ੍ਰੇਮ ਵਿੱਚ ਜੁੜ ਕੇ (ਤੇਰਾ) ਦਾਸ ਨਾਨਕ (ਤੇਰਾ) ਨਾਮ ਸਿਮਰ ਕੇ ਆਤਮਕ ਜੀਵਨ ਪ੍ਰਾਪਤ ਕਰ ਸਕੇ।























No comments

Powered by Blogger.